ਹਰਜਿੰਦਰ ਧਾਮੀ ਦੇ ਅਸਤੀਫ਼ੇ ਮਗਰੋਂ ਅਕਾਲੀ ਦਲ ਦਾ ਕੀ ਬਣੇਗਾ, ਕੀ ਪਾਰਟੀ ਲਈ ਹਾਲਾਤ ਹੋਰ ਮੁਸ਼ਕਲ ਹੋ ਸਕਦੇ ਹਨ

ਹਰਜਿੰਦਰ ਸਿੰਘ ਧਾਮੀ ਨੇ ਐੱਸਜੀਪੀਸੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਹੈ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਹਰਜਿੰਦਰ ਸਿੰਘ ਧਾਮੀ ਨੇ ਐੱਸਜੀਪੀਸੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਹੈ
    • ਲੇਖਕ, ਸਰਬਜੀਤ ਸਿੰਘ ਧਾਲੀਵਾਲ
    • ਰੋਲ, ਬੀਬੀਸੀ ਪੱਤਰਕਾਰ
  • ਪ੍ਰਕਾਸ਼ਿਤ
  • ਪੜ੍ਹਨ ਦਾ ਸਮਾਂ: 5 ਮਿੰਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਸੋਮਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਪੰਜਾਬ ਦੀ ਪੰਥਕ ਰਾਜਨੀਤੀ ਦੇ ਸੰਕਟ ਨੂੰ ਹੋਰ ਡੂੰਘਾ ਕਰ ਦਿੱਤਾ ਹੈ। ਪੇਸ਼ੇ ਤੋਂ ਵਕੀਲ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਸਿੱਖਾਂ ਦੀ ਸਿਰਮੌਰ ਸੰਸਥਾ ਐੱਸਜੀਪੀਸੀ ਦੇ ਪ੍ਰਧਾਨ ਵਜੋਂ ਕੰਮ ਕਰ ਰਹੇ ਸਨ।

ਇਸ ਤੋਂ ਇਲਾਵਾ ਹਰਜਿੰਦਰ ਸਿੰਘ ਧਾਮੀ ਨੇ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਪ੍ਰਕਿਰਿਆ ਲਈ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਫ਼ਾਰਗ ਕੀਤੇ ਜਾਣ ਸਬੰਧੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਹੈ।

ਦੂਜੇ ਪਾਸੇ ਮੰਗਲਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਸੱਤ ਮੈਂਬਰੀ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਬੀਬੀਸੀ ਪੰਜਾਬੀ
ਤਸਵੀਰ ਕੈਪਸ਼ਨ, ਬੀਬੀਸੀ ਪੰਜਾਬੀ ਦੇ ਵੱਟਸਐਪ ਚੈਨਲ ਨਾਲ ਜੁੜਨ ਲਈ ਇਸ ਲਿੰਕ ’ਤੇ ਕਲਿੱਕ ਕਰੋ

ਕੀ ਹੈ ਪੰਜਾਬ ਦੀ ਪੰਥਕ ਰਾਜਨੀਤੀ ਦਾ ਸੰਕਟ

ਅਸਲ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੁਝ ਦਿਨ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।

ਜਾਣਕਾਰਾਂ ਮੁਤਾਬਕ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਫ਼ਾਰਗ ਕੀਤੇ ਜਾਣ ਤੋਂ ਬਾਅਦ ਪੰਥਕ ਹਲਕਿਆਂ ਵਿੱਚ ਐੱਸਜੀਪੀਸੀ ਪ੍ਰਤੀ ਰੋਸ ਸੀ। ਖ਼ਾਸ ਤੌਰ ਉੱਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਐੱਸਜੀਪੀਸੀ ਦੇ ਫ਼ੈਸਲੇ ਨੂੰ "ਮੰਦਭਾਗਾ ਤੇ ਦੁੱਖਦਾਇਕ" ਕਰਾਰ ਦਿੱਤਾ ਸੀ।

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਸੀ, ''ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਜਿਵੇਂ ਸੇਵਾਵਾਂ ਖ਼ਤਮ ਕੀਤੀਆਂ ਗਈਆਂ ਹਨ, ਉਹ ਬੇਹੱਦ ਮੰਦਭਾਗਾ ਤੇ ਨਿੰਦਣਯੋਗ ਹੈ। ਜਥੇਦਾਰ ਖ਼ਿਲਾਫ਼ ਜਾਂਚ ਕਰਨ ਦਾ ਅਧਿਕਾਰ ਸਿਰਫ਼ ਅਕਾਲ ਤਖ਼ਤ ਨੂੰ ਹੀ ਹੈ। ਉਹ ਵਾਪਰੇ ਘਟਨਾਕ੍ਰਮ ਤੋਂ ਬੇਹੱਦ ਦੁਖੀ ਹਨ।"

ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ’ਤੇ ਜਥੇਦਾਰ ਰਘੁਬੀਰ ਸਿੰਘ ਨੇ ਦੁੱਖ ਦਾ ਇਜ਼ਹਾਰ ਕੀਤਾ ਸੀ

ਤਸਵੀਰ ਸਰੋਤ, SGPC

ਤਸਵੀਰ ਕੈਪਸ਼ਨ, ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ’ਤੇ ਜਥੇਦਾਰ ਰਘੁਬੀਰ ਸਿੰਘ ਨੇ ਦੁੱਖ ਦਾ ਇਜ਼ਹਾਰ ਕੀਤਾ ਸੀ

ਸੋਮਵਾਰ ਨੂੰ ਅਸਤੀਫ਼ਾ ਦੇਣ ਸਮੇਂ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਸੀ, ''ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਬਾਰੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੋਸ਼ਲ ਮੀਡੀਆ ਪੋਸਟ ਪਾ ਕੇ ਨਿੰਦਾ ਕੀਤੀ ਹੈ ਜਿਸ ਦੀ ਮੈਂ ਨੈਤਿਕ ਤੌਰ ਉੱਤੇ ਜ਼ਿੰਮੇਵਾਰੀ ਲੈਂਦਾ ਹਾਂ।"

ਹੁਣ ਗਿਆਨੀ ਹਰਪ੍ਰੀਤ ਸਿੰਘ ਨੇ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਉੱਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਧਾਮੀ ਦੇ ਅਸਤੀਫ਼ੇ ਨੂੰ ਦੁਖਦਾਈ ਦੱਸਦਿਆਂ ਆਖਿਆ ਕਿ ਮੌਜੂਦ ਸਮਾਂ ਕਾਫ਼ੀ ਨਾਜ਼ੁਕ ਹੈ ਅਤੇ ਇਸ ਸਮੇਂ 'ਤੇ ਧਾਮੀ ਨੂੰ ਅਸਤੀਫ਼ਾ ਨਹੀਂ ਸੀ ਦੇਣਾ ਚਾਹੀਦਾ। ਗਿਆਨੀ ਹਰਪ੍ਰੀਤ ਸਿੰਘ ਮੁਤਾਬਕ ਹਰਜਿੰਦਰ ਸਿੰਘ ਧਾਮੀ ਉੱਤੇ ਦਬਾਅ ਸੀ, ਜਿਸ ਕਾਰਨ ਉਨ੍ਹਾਂ ਨੇ ਆਪਣੇ ਆਪ ਨੂੰ ਅਹੁਦੇ ਤੋਂ ਵੱਖ ਕਰ ਲਿਆ ਹੈ।

ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਉੱਤੇ ਹੁਣ ਐੱਸਜੀਪੀਸੀ ਦੀ ਕਾਰਜਕਾਰੀ ਕਮੇਟੀ ਫ਼ੈਸਲਾ ਲਵੇਗੀ। ਜਾਣਕਾਰ ਮੰਨਦੇ ਹਨ ਕਿ ਧਾਮੀ ਦਾ ਅਸਤੀਫ਼ਾ ਮਨਜ਼ੂਰ ਹੋਣ ਦੀ ਜ਼ਿਆਦਾ ਸੰਭਾਵਨਾ ਹੈ।

“ਧਾਮੀ ਉਪਰ ਸੀ ਸਿਆਸੀ ਦਬਾਅ”

ਹਰਜਿੰਦਰ ਸਿੰਘ ਧਾਮੀ

ਤਸਵੀਰ ਸਰੋਤ, Getty Images

ਜਾਣਕਾਰ ਦੱਸਦੇ ਹਨ ਕਿ ਧਾਮੀ ਦਾ ਅਸਤੀਫਾ ਪ੍ਰਵਾਨ ਹੋਣ ਦੀ ਸੂਰਤ ਵਿੱਚ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਨੂੰ ਕਾਰਜਕਾਰੀ ਪ੍ਰਧਾਨ ਵਜੋਂ ਜ਼ਿੰਮੇਵਾਰੀ ਮਿਲ ਸਕਦੀ ਹੈ। ਰਘੁਜੀਤ ਸਿੰਘ ਵਿਰਕ ਹਰਿਆਣਾ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਹਨ ਅਤੇ ਉਨ੍ਹਾਂ ਉੱਤੇ ਗਿਆਨੀ ਹਰਪ੍ਰੀਤ ਸਿੰਘ ਕਈ ਤਰ੍ਹਾਂ ਦੇ ਭ੍ਰਿਸ਼ਟਾਚਾਰ ਵਿਰੋਧੀ ਇਲਜ਼ਾਮ ਲਾ ਚੁੱਕੇ ਹਨ।

ਪੰਜਾਬ ਦੀ ਪੰਥਕ ਰਾਜਨੀਤੀ ਨੂੰ ਸਮਝਣ ਵਾਲੇ ਮੰਨਦੇ ਹਨ ਕਿ ਐੱਸਜੀਪੀਸੀ ਪ੍ਰਧਾਨ ਵੱਲੋਂ ਅਸਤੀਫ਼ਾ ਦਿੱਤੇ ਜਾਣ ਨਾਲ ਸੂਬੇ ਵਿੱਚ ਪੰਥਕ ਸੰਕਟ ਹੋਰ ਡੂੰਘਾ ਹੋ ਗਿਆ ਹੈ। ਜਾਣਕਾਰਾਂ ਮੁਤਾਬਕ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਐੱਸਜੀਪੀਸੀ ਪ੍ਰਧਾਨ ਇਕ ਕੜੀ ਵਜੋਂ ਕੰਮ ਕਰਦਾ ਹੈ ਅਤੇ ਹੁਣ ਇਹ ਕੜੀ ਟੁੱਟ ਗਈ ਹੈ, ਜਿਸ ਦੇ ਨਤੀਜੇ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਲਈ ਕਾਫ਼ੀ ਗੰਭੀਰ ਹੋ ਸਕਦੇ ਹਨ।

ਸੀਨੀਅਰ ਪੱਤਰਕਾਰ ਅਤੇ ਪੰਥਕ ਸਿਆਸਤ ਦੇ ਜਾਣਕਾਰ ਜਸਪਾਲ ਸਿੰਘ ਸਿੱਧੂ ਕਹਿੰਦੇ ਹਨ, ''ਹਰਜਿੰਦਰ ਸਿੰਘ ਧਾਮੀ ਉੱਤੇ ਕਾਫ਼ੀ ਜ਼ਿਆਦਾ ਰਾਜਨੀਤਿਕ ਦਬਾਅ ਸੀ, ਇਸ ਕਰ ਕੇ ਕਾਫ਼ੀ ਸਮਾਂ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਆਪ ਨੂੰ ਅਕਾਲੀ ਦਲ ਦੀਆਂ ਗਤੀਵਿਧੀਆਂ ਤੋਂ ਵੱਖ ਕਰ ਲਿਆ ਸੀ। ਖ਼ਾਸ ਤੌਰ ਉੱਤੇ ਮਾਘੀ ਮੇਲੇ ਦੌਰਾਨ ਵੀ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਟੇਜ ਉੱਤੇ ਨਜ਼ਰ ਨਹੀਂ ਆਏ।''

ਪੰਥ ਤੇ ਅਕਾਲੀ ਦਲ ਦੀ ਵਿਚਕਾਰਲੀ ਕੜੀ ਟੁੱਟੀ

ਸਿੱਧੂ ਮੁਤਾਬਕ ਹਰਜਿੰਦਰ ਸਿੰਘ ਧਾਮੀ ਰਾਜਨੀਤੀ ਦੀ ਥਾਂ ਧਾਰਮਿਕ ਸ਼ਖ਼ਸੀਅਤ ਵਾਲੇ ਵਿਅਕਤੀ ਸਨ, ਇਸ ਕਰ ਕੇ ਦਬਾਅ ਵਾਲੀ ਰਾਜਨੀਤੀ ਜਦੋਂ ਉਨ੍ਹਾਂ ਤੋਂ ਸਹਿਣ ਨਹੀਂ ਹੋਈ ਤਾਂ ਉਨ੍ਹਾਂ ਆਪਣੇ ਆਪ ਨੂੰ ਵੱਖ ਕਰ ਲਿਆ।

ਧਾਮੀ ਐੱਸਜੀਪੀਸੀ ਪ੍ਰਧਾਨ ਤੋਂ ਇਲਾਵਾ ਅਕਾਲ ਤਖ਼ਤ ਦੇ ਫ਼ੈਸਲੇ ਲਾਗੂ ਕਰਵਾਉਣ ਵਾਲੀ ਕਮੇਟੀ ਦੇ ਚੇਅਰਮੈਨ ਵੀ ਸਨ। ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ਲਾਗੂ ਕਰਵਾਉਣ ਦਾ ਵੀ ਉਨ੍ਹਾਂ ਉੱਤੇ ਕਾਫ਼ੀ ਦਬਾਅ ਸੀ।

ਜਸਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਦਲ ਉੱਤੇ ਪੰਥਕ ਸੰਕਟ ਪਹਿਲਾ ਵੀ ਆਇਆ ਹੈ ਪਰ ਉਸ ਸਮੇਂ ਉਸ ਦੀ ਰਾਜਨੀਤਿਕ ਪਕੜ ਕਾਫ਼ੀ ਜ਼ਿਆਦਾ ਸੀ ਪਰ ਮੌਜੂਦਾ ਸਮੇਂ ਦੌਰਾਨ ਹਵਾ ਅਕਾਲੀ ਦਲ ਦੇ ਪੱਖ ਵਿੱਚ ਨਹੀਂ ਹੈ ਕਿਉਂਕਿ ਰਾਜਨੀਤਿਕ ਤੌਰ ਉੱਤੇ ਉਹ ਪਹਿਲਾਂ ਹੀ ਹਾਸ਼ੀਏ ਉੱਤੇ ਆ ਗਿਆ ਹੈ।

ਅਕਾਲੀ ਦਲ ਭਾਵੇਂ ਸੱਤਾ ਤੋਂ ਬਾਹਰ ਹੈ ਪਰ ਸ਼੍ਰੋਮਣੀ ਕਮੇਟੀ ਉੱਤੇ ਕਾਬਜ਼ ਹੋਣ ਕਾਰਨ ਅਕਾਲੀ ਦਲ ਦਾ ਪੰਥਕ ਸਿਆਸਤ ਉੱਤੇ ਦਬਦਬਾ ਬਣਿਆ ਰਹਿੰਦਾ ਹੈ।

ਦਸ ਸਾਲ ਸੱਤਾ ਤੋਂ ਬਾਹਰ ਰਹਿਣ ਦੇ ਬਾਵਜੂਦ ਅਕਾਲੀ ਦਲ ਦੀ ਸ਼੍ਰੋਮਣੀ ਕਮੇਟੀ ਕਾਰਨ ਹੋਂਦ ਬਚੀ ਹੋਈ ਹੈ। ਪਰ ਹੁਣ ਜਿਵੇਂ ਧਾਮੀ ਨੇ ਅਸਤੀਫ਼ਾ ਦਿੱਤਾ ਹੈ, ਉਸ ਨਾਲ ਪੰਥ ਅਤੇ ਅਕਾਲੀ ਦਲ ਦੀ ਸਿਆਸੀ ਲੀਡਰਸ਼ਿਪ ਵਿਚਕਾਰਲੀ ਕੜੀ ਟੁੱਟ ਗਈ ਹੈ।

ਮੌਜੂਦਾ ਹਾਲਾਤ ਵਿੱਚ ਜਿਸ ਦੀ ਭਰਪਾਈ ਹੋਣਾ ਸੰਭਵ ਨਹੀਂ ਲੱਗ ਰਿਹਾ ਅਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਅਕਾਲੀ ਦਲ ਲਈ ਸਭ ਤੋਂ ਇਤਿਹਾਸਕ ਝਟਕਾ ਹੋਵੇਗਾ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)