You’re viewing a text-only version of this website that uses less data. View the main version of the website including all images and videos.
ਅਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਲੰਡਨ ਵਿੱਚ ਰੋਸ-ਮੁਜ਼ਾਹਰਾ
ਅਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਲੰਡਨ ਵਿੱਚ ਭਾਰਤੀ ਸਫ਼ਾਰਤਖ਼ਾਨੇ ਦੇ ਬਾਹਰ ਖਾਲਿਸਤਾਨ ਦੇ ਝੰਡਿਆਂ ਦੇ ਨਾਲ ਬੁੱਧਵਾਰ ਨੂੰ ਰੋਸ ਮੁਜ਼ਾਹਰਾ ਕੀਤਾ ਗਿਆ।
ਇਸ ਦੌਰਾਨ ਇੱਥੇ ਪਹੁੰਚੇ ਲੋਕਾਂ ਨੇ ਪੰਜਾਬ ਵਿੱਚ ਅਮ੍ਰਿਤਪਾਲ ਅਤੇ ਉਨ੍ਹਾਂ ਦੇ ਸਾਥੀਆਂ ਖਿਲਾਫ਼ ਪੁਲਿਸ ਦੀ ਕਾਰਵਾਈ ਦਾ ਵਿਰੋਧ ਵੀ ਕੀਤਾ।
ਦਰਅਸਲ, ਪੰਜਾਬ ਪੁਲਿਸ ਵੱਲੋਂ 18 ਮਾਰਚ ਤੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਤੇ ਖਾਲਿਸਤਾਨ ਹਮਾਇਤੀ ਅਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਜਾਰੀ ਹੈ। ਇਸ ਦੇ ਤਹਿਤ ਹੁਣ ਤੱਕ ਪੰਜਾਬ ਪੁਲਿਸ ਨੇ 207 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਵਿੱਚੋਂ 30 ਦੇ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ।
ਪੰਜਾਬ ਪੁਲਿਸ ਵੱਲੋਂ ਅਮ੍ਰਿਤਪਾਲ ਸਿੰਘ ਖ਼ਿਲਾਫ਼ ਵਿੱਢੀ ਕਾਰਵਾਈ ਦਾ ਅਸਰ ਦੇਸ਼ਾਂ-ਵਿਦੇਸ਼ਾਂ ਵਿੱਚ ਨਜ਼ਰ ਆ ਰਿਹਾ ਹੈ।
ਇਸ ਮੁਜ਼ਾਹਰੇ ਵਿੱਚ ਯੂਕੇ ਦੀ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਅਤੇ ਵੱਖ-ਵੱਖ ਸਿੱਖ ਯੂਥ ਗਰੁੱਪਾਂ ਨੇ ਹਿੱਸਾ ਲਿਆ ਸੀ।
ਮੁਜ਼ਾਹਰੇ ਵਿੱਚ ਹਿੱਸਾ ਲੈਣ ਆਏ ਭੁਪਿੰਦਰਜੀਤ ਸਿੰਘ ਨੇ ਕਿਹਾ ਕਿ ਜੇ ਕੋਈ ਸ਼ਾਂਤਮਈ ਢੰਗ ਨਾਲ ਆਪਣੀ ਆਜ਼ਾਦੀ ਦੀ ਗੱਲ ਕਰਦਾ ਹੈ ਤਾਂ ਸਰਕਾਰ ਉਸ ਨੂੰ ਵੀ ਦਬਾਉਣ ਦੀ ਕੋਸ਼ਿਸ਼ ਕਰਦੀ ਹੈ।
ਉਨ੍ਹਾਂ ਨੇ ਕਿਹਾ, "ਸਰਕਾਰ ਜਿਸ ਤਰ੍ਹਾਂ ਗ਼ੈਰ-ਕਾਨੂੰਨੀ ਢੰਗ ਨਾਲ ਸਿੱਖ ਕਾਰਕੁਨਾਂ ਖ਼ਿਲਾਫ਼ ਕਾਰਵਾਈ ਕੀਤੀ ਹੈ, ਉਸ ਬਿਲਕੁਲ ਵੀ ਬਰਦਾਸ਼ ਨਹੀਂ ਕੀਤੀ ਜਾ ਸਕਦੀ।"
ਜੋਗਾ ਸਿੰਘ ਨੇ ਕਿਹਾ, "ਸਾਡਾ ਸੰਦੇਸ਼ ਹੈ ਮਨੁੱਖੀ ਅਧਿਕਾਰਾਂ ਦਾ ਖ਼ਿਆਲ ਰੱਖਿਆ ਜਾਵੇ, ਲੋਕਾਂ ਦੇ ਹੱਕ ਉਨ੍ਹਾਂ ਨੂੰ ਦਿੱਤੇ ਜਾਣੇ ਚਾਹੀਦੇ ਹਨ।"
(ਰਿਪੋਰਟ - ਗਗਨ ਸਭਰਵਾਲ, ਐਡਿਟ - ਸਦਫ਼ ਖ਼ਾਨ)