ਸੁਖਬੀਰ ਬਾਦਲ 'ਤਨਖ਼ਾਹੀਆ' ਕਰਾਰ ਦਿੱਤੇ ਜਾਣ ਮਗਰੋਂ ਅਕਾਲ ਤਖ਼ਤ ਪਹੁੰਚੇ, ਮੰਤਰੀਆਂ ਨੇ ਕੀ ਸਪੱਸ਼ਟੀਕਰਨ ਦਿੱਤਾ

ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 5 ਮਿੰਟ

ਸ੍ਰੀ ਅਕਾਲ ਤਖਤ ਸਾਹਿਬ ਤੋਂ ‘ਤਨਖ਼ਾਹੀਆ’ ਕਰਾਰ ਦਿੱਤੇ ਜਾਣ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਇੱਕ ਦਿਨ ਬਾਅਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਨਤਮਸਤਕ ਹੋਏ।

ਉਨ੍ਹਾਂ ਦੇ ਨਾਲ-ਨਾਲ ਅਕਾਲੀ ਸਰਕਾਰ ਸਮੇਂ ਕੈਬਨਿਟ ਮੰਤਰੀ ਰਹੇ ਕਈ ਸਿੱਖ ਆਗੂ ਵੀ ਹਾਜ਼ਰ ਹੋਏ।

ਇਸ ਮੌਕੇ ਅਕਾਲੀ ਸਰਕਾਰ ਵੇਲੇ ਕੈਬਨਿਟ ਮੰਤਰੀ ਰਹੇ ਸ਼ਰਨਜੀਤ ਸਿੰਘ ਢਿੱਲੋਂ, ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਵੀ ਪਹੁੰਚੇ।

ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਸਰਕਾਰ ਵੇਲੇ ਕੈਬਨਿਟ ਮੰਤਰੀ ਰਹੇ ਆਗੂਆਂ ਨੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ।

ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਆਪਣਾ ਸਪੱਸ਼ਟੀਕਰਨ ਵੀ ਮੀਡੀਆ ਨੂੰ ਪੜ੍ਹ ਕੇ ਸੁਣਾਇਆ।

ਉਨ੍ਹਾਂ ਨੇ ਕਿਹਾ ਕਿ ਸਿੰਘ ਸਾਹਿਬ ਨੂੰ ਬੇਨਤੀ ਹੈ ਕਿ ਉਹ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਬੁਲਾ ਕੇ ਜਲਦੀ ਤੋਂ ਜਲਦੀ ਇਸ ਬਾਰੇ ਫ਼ੈਸਲਾ ਲੈਣ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੰਦਿਆ ਕਿਹਾ ਸੀ ਜਦੋਂ ਤੱਕ ਉਹ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹਾਜ਼ਰ ਨਹੀਂ ਹੁੰਦੇ ਤਾਂ ਓਨਾ ਚਿਰ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਆ ਐਲਾਨਿਆ ਜਾਂਦਾ ਹੈ।

ਦਲਜੀਤ ਸਿੰਘ ਚੀਮਾ ਨੇ ਕਿਹਾ, "ਸੁਖਬੀਰ ਸਿੰਘ ਬਾਦਲ ਕੋਲ ਅੱਜ ਅਕਾਲ ਤਖ਼ਤ ਸਾਹਿਬ ਦੀ ਚਿੱਠੀ ਪਹੁੰਚੀ ਸੀ ਜਿਸ ਮਗਰੋਂ ਉਹ ਬਿਨਾ ਕਿਸੇ ਪ੍ਰੋਗਰਾਮ ਦੇ ਇੱਥੇ ਪਹੁੰਚੇ, ਕਿਉਂਕਿ ਉਨ੍ਹਾਂ ਦੇ ਮਨ ਉੱਤੇ ਬੋਝ ਸੀ।"

ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 2007 ਤੋਂ ਲੈ ਕੇ 2017 ਤੱਕ ਅਕਾਲੀ ਸਰਕਾਰ ਵਿੱਚ ਰਹੇ ਸਿੱਖ ਮੰਤਰੀਆਂ ਨੂੰ ਵੀ 15 ਦਿਨਾਂ ਦੇ ਅੰਦਰ-ਅੰਦਰ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ।

‘ਦਾਸ ਦੀ ਜੋਦੜੀ ਪ੍ਰਵਾਨ ਕਰੋ’- ਸੁਖਬੀਰ

ਸੁਖਬੀਰ ਬਾਦਲ ਵਲੋਂ ਜਥੇਦਾਰ, ਸ਼੍ਰੀ ਅਕਾਲ ਤਖ਼ਤ ਗਿਆਨੀ ਰਘਬੀਰ ਸਿੰਘ ਦੇ ਨਾਮ ਇੱਕ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ,“ 30 ਅਗਸਤ, 2024 ਨੂੰ ਪੰਜ ਸਿੱਖ ਸਹਿਬਾਨ ਦੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਇਕੱਤਰਤਾ ਵਿੱਚ ਪਾਸ ਕੀਤੇ ਗਏ ਹੁਕਮਨਾਮੇ ਦੀ ਕਾਪੀ ਅੱਜ 31 ਅਗਸਤ, 2024 ਨੂੰ ਮੇਰੇ ਪਾਸ ਪਹੁੰਚੀ ਹੈ।”

“ਦਾਸ ਪੰਜ ਸਿੰਘ ਸਹਿਬਾਨ ਵੱਲੋਂ ਪਾਸ ਕੀਤੇ ਗਏ ਹੁਕਮਨਾਮੇ ਨੂੰ ਗੁਰੂ ਦਾ ਨਿਮਾਣਾ ਸਿੱਖ ਹੋਣ ਦੇ ਨਾਤੇ ਗੁਰੂ ਪੰਥ ਦੇ ਚਰਨਾਂ ਵਿੱਚ ਸੀਸ ਨਿਵਾ ਕੇ ਪ੍ਰਵਾਨ ਕਰਦਾ ਹੈ।”

“ਦਾਸ ਅੱਜ ਹੀ 31 ਅਗਸਤ, 2024 ਨੂੰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਹੁਕਮਨਾਮੇ ਅਨੁਸਾਰ ਗੁਰੂ ਪੰਥ ਪਾਸੋਂ ਦੋਵੇਂ ਹੱਥ ਜੋੜ ਕੇ ਨਿਮਰਤਾ ਅਤੇ ਹਲੀਮੀ ਨਾਲ ਖਿਮਾ ਜਾਚਨਾ ਕਰਦਾ ਹੈ। ਦਾਸ ਦੀ ਜੋਦੜੀ ਪ੍ਰਵਾਨ ਕਰੋ ਜੀ।”

ਦਲਜੀਤ ਸਿੰਘ ਚੀਮਾ ਦਾ ਸਪੱਸ਼ਟੀਕਰਨ

ਦਲਜੀਤ ਸਿੰਘ ਚੀਮਾ ਨੇ ਆਪਣੇ ਸਪੱਸ਼ਟੀਕਰਨ ਵਿੱਚ ਕਿਹਾ ਕਿ ਉਹ ਅਕਾਲੀ ਸਰਕਾਰ ਸਮੇਂ ਸਿੱਖਿਆ ਮੰਤਰੀ ਰਹਿਣ ਦੇ ਨਾਲ-ਨਾਲ ਪਾਰਟੀ ਵਿੱਚ ਵੀ ਵੱਖ-ਵੱਖ ਅਹੁਦਿਆਂ ਉੱਤੇ ਰਹੇ ਹਨ।

ਉਨ੍ਹਾਂ ਨੇ ਆਪਣਾ ਸਪੱਸ਼ਟੀਕਰਨ ਪੜ੍ਹ ਕੇ ਸੁਣਾਉਂਦਿਆਂ ਕਿਹਾ, "ਸੁਖਬੀਰ ਸਿੰਘ ਬਾਦਲ ਵੱਲੋਂ 24 ਜੁਲਾਈ ਸੁਖਬੀਰ ਬਾਦਲ ਵੱਲੋਂ ਜਾਤੀ ਤੌਰ ਉੱਤੇ ਸਪੱਸ਼ਟੀਕਰਨ ਦਿੱਤਾ ਜਾ ਚੁੱਕਾ ਹੈ, ਮੈਂ ਸੁਖਬੀਰ ਬਾਦਲ ਵੱਲੋਂ ਦਿੱਤੇ ਗਏ ਸਪੱਸ਼ਟੀਕਰਨ ਨਾਲ ਪੂਰੀ ਤਰ੍ਹਾਂ ਸਹਿਮਤ ਹਾਂ।"

ਅਕਾਲ ਤਖ਼ਤ ਵਲੋਂ ਕੀ ਕਿਹਾ ਗਿਆ ਸੀ

ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਸੀ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਬੋਲਦਿਆਂ ਕਿਹਾ ਸੀ, "ਪੰਜ ਸਿੰਘ ਸਾਹਿਬਾਨਾਂ ਦੀ ਸਰਵਸੰਮਤੀ ਨਾਲ ਫ਼ੈਸਲਾ ਹੋਇਆ ਕਿ ਸੁਖਬੀਰ ਬਾਦਲ ਨੇ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਹੁੰਦਿਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਰਹਿੰਦੇ ਹੋਏ ਕੁਝ ਅਜਿਹੇ ਫ਼ੈਸਲੇ ਲਏ ਜਿਸ ਨਾਲ ਪੰਥਕ ਸਰੂਪ ਦੇ ਅਕਸ ਨੂੰ ਭਾਰੀ ਢਾਹ ਲੱਗੀ।"

ਉਨ੍ਹਾਂ ਨੇ ਕਿਹਾ, "ਇਸ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਪਤਲੀ ਹੋਈ, ਸਿੱਖ ਹਿੱਤਾਂ ਦਾ ਨੁਕਸਾਨ ਹੋਇਆ ਇਸ ਲਈ 2007 ਤੋਂ 2017 ਤੱਕ ਸਰਕਾਰ ਵਿੱਚ ਮੌਜੂਦ ਰਹੇ ਇਨ੍ਹਾਂ ਦੇ ਭਾਈਵਾਲ ਸਿੱਖ ਕੈਬਨਿਟ ਮੰਤਰੀ ਇਸ ਸਬੰਧੀ ਆਪਣਾ ਸਪੱਸ਼ਟੀਕਰਨ 15 ਦਿਨਾਂ ਦੇ ਅੰਦਰ-ਅੰਦਰ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੇਣ।"

ਤਨਖ਼ਾਹੀਆ ਹੋਣਾ ਕੀ ਹੁੰਦਾ ਹੈ?

ਸਿੱਖ ਧਰਮ ਵਿੱਚ ਤਨਖ਼ਾਹ ਧਾਰਮਿਕ ਸਜ਼ਾ ਨੂੰ ਕਿਹਾ ਜਾਂਦਾ ਹੈ।

ਸਿੱਖ ਲੇਖਕ ਅਤੇ ਸਾਬਕਾ ਪ੍ਰੋਫ਼ੈਸਰ ਗੁਰਦਰਸ਼ਨ ਸਿੰਘ ਢਿੱਲੋਂ ਨੇ ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਨਾਲ ਗੱਲ ਕਰਦਿਆਂ ਦੱਸਿਆ, "ਇਹ ਇੱਕ ਨੈਤਿਕ ਸਜ਼ਾ ਹੈ, ਇਸ ਦਾ ਅਰਥ ਹੈ ਜਿਸ ਬੰਦੇ ਨੂੰ ਤਨਖ਼ਾਹ ਲਗਾਈ ਗਈ ਹੈ ਸਿੱਖ ਪੰਥ ਵਿੱਚ ਉਸ ਦਾ ਮਿਆਰ ਥੱਲੇ ਡਿੱਗ ਜਾਂਦਾ ਹੈ।"

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੈੱਬਸਾਈਟ ਮੁਤਾਬਕ, "ਸਿੱਖ ਰਹਿਤ ਮਰਿਆਦਾ ਵਿਰੁੱਧ ਕਰਮ-ਧਰਮ ਦੰਡ ਦਾ ਨਾਉਂ ‘ਤਨਖਾਹ’ ਹੈ,ਜੋ ਸਿੱਖ ਰਹਿਤ ਦੇ ਨਿਯਮ ਭੰਗ ਕਰਦਾ ਹੈ, ਉਹ ਤਨਖਾਹੀਆ ਸੱਦੀਦਾ ਹੈ।"

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਨੂੰ ਵੀ ਅਕਾਲ ਤਖ਼ਤ ਸਾਹਿਬ ਵੱਲੋਂ 1988 ਵਿੱਚ ਧਾਰਮਿਕ ਸਜ਼ਾ ਸੁਣਾਈ ਗਈ ਸੀ, ਜਿਸ ਦੌਰਾਨ ਉਹਨਾਂ ਨੂੰ 21 ਦਿਨ ਗੁਰੂ ਘਰ ਦੀ ਸੇਵਾ ਕਰਨ ਲਈ ਆਖਿਆ ਗਿਆ ਸੀ।

1985-87 ਦੌਰਾਨ ਆਪਣੀ ਸਰਕਾਰ ਸਮੇਂ ਲਏ 'ਗ਼ਲਤ ਫੈਸਲਿਆਂ' ਲਈ ਇਹ ਧਾਰਮਿਕ ਸਜ਼ਾ ਮਿਲੀ ਸੀ।

ਅਕਾਲ ਤਖ਼ਤ ਕੀ ਹੈ

ਅਕਾਲ ਤਖ਼ਤ ਸਿੱਖਾਂ ਦੇ ਪੰਜ ਤਖਤਾਂ ਵਿੱਚੋਂ ਪਹਿਲਾ ਅਤੇ ਸਰਬਉੱਚ ਤਖ਼ਤ ਹੈ। ਇਤਿਹਾਸਕ ਸਰੋਤਾਂ ਮੁਤਾਬਕ ਇਸ ਦੀ ਸਥਾਪਨਾ ਸਿੱਖਾਂ ਦੇ ਛੇਵੇਂ ਗੁਰੂ, ਗੁਰੂ ਹਰਗੋਬਿੰਦ ਜੀ ਨੇ ਕੀਤੀ ਸੀ।

ਇਹ ਹਰਿਮੰਦਰ ਸਾਹਿਬ ਸਮੂਹ, ਅੰਮ੍ਰਿਤਸਰ ਸਾਹਿਬ ਦੇ ਅੰਦਰ ਹੀ ਉਸਰਿਆ ਹੋਇਆ ਹੈ।

ਸਿੱਖ ਇਤਿਹਾਸਕਾਰ ਡਾਕਟਰ ਸੁਖਦਿਆਲ ਸਿੰਘ ਆਪਣੀ ਕਿਤਾਬ ‘ਖ਼ਾਲਸਾ ਪੰਥ ਦੇ ਪੰਜ ਤਖ਼ਤ’ ਵਿੱਚ ਲਿਖਦੇ ਹਨ-‘ਅਕਾਲ ਤਖ਼ਤ ਸਮੁੱਚੇ ਸਿੱਖ ਪੰਥ ਦਾ ਕੇਂਦਰ ਹੈ ਅਤੇ ਜਿਹੜਾ ਹੁਕਮਨਾਮਾ ਅਕਾਲ ਤਖ਼ਤ ਵੱਲੋਂ ਜਾਰੀ ਹੁੰਦਾ ਹੈ,ਉਹ ਸਮੁੱਚੇ ਪੰਥ ਦੇ ਨਾਮ ਜਾਰੀ ਹੁੰਦਾ ਹੈ,ਇਸ ਲਈ ਇਹ ਹੁਕਮਨਾਮਾ ਸਾਰੇ ਸਿੱਖਾਂ ਲਈ ਮੰਨਣਾ ਜ਼ਰੂਰੀ ਹੁੰਦਾ ਹੈ।’

ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਨੂੰ 400 ਸਾਲ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ ਅਤੇ ਇਤਿਹਾਸ ਵਿੱਚ ਕਈ ਉਦਾਹਰਨਾਂ ਮਿਲਦੀਆਂ ਹਨ ਜਿਸ ਤੋਂ ਪਤਾ ਲੱਗਦਾ ਹੈ ਕਿ ਸੰਕਟ ਦੇ ਸਮੇਂ ਧਾਰਮਿਕ ਫੈਸਲਿਆਂ ਅਤੇ ਅੱਗੇ ਦੀ ਰਣਨੀਤੀ ਲਈ ਸਿੱਖ ਇੱਥੇ ਇਕੱਤਰ ਹੁੰਦੇ ਰਹੇ ਹਨ।

ਪੰਜ ਸਿੰਘ ਸਾਹਿਬਾਨ ਦੀਆਂ ਬੈਠਕਾਂ ਵਿੱਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਗਵਾਈ ਵਾਲੀ ਭੂਮਿਕਾ ਵਿੱਚ ਸ਼ਾਮਲ ਹੁੰਦੇ ਹਨ।

ਰਵਾਇਤ ਹੈ ਕਿ ਜਥੇਦਾਰਾਂ ਦੀਆਂ ਇਨ੍ਹਾਂ ਬੈਠਕਾਂ ਵਿੱਚ ਸਿੱਖ ਧਰਮ ਨੂੰ ਦਰਪੇਸ਼ ਸਮੱਸਿਆਵਾਂ ਉੱਪਰ ਵਿਚਾਰ ਕੀਤੀ ਜਾਂਦੀ ਹੈ ਅਤੇ ਗੁਰੂ ਗ੍ਰੰਥ ਸਾਹਿਬ ਦੀ ਰੌਸ਼ਨੀ ਵਿੱਚ ਗੁਰਮਤਿ ਮਰਿਆਦਾ ਦੇ ਆਧਾਰ ’ਤੇ ਢੁਕਵਾਂ ਫ਼ੈਸਲਾ ਲਿਆ ਜਾਂਦਾ ਹੈ।

ਸਮੁੱਚੀ ਸਿੱਖ ਕੌਮ ਆਪਣੀ ਅਗਵਾਈ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲ ਦੇਖਦੀ ਹੈ ਅਤੇ ਉਮੀਦ ਕੀਤੀ ਜਾਂਦੀ ਹੈ ਕਿ ਜਥੇਦਾਰ ਬਿਨਾਂ ਕਿਸੇ ਪੱਖ਼ਪਾਤ ਦੇ ਨਿਰੋਲ ਪੰਥਕ ਰਵਾਇਤਾਂ, ਗੁਰੂ ਗ੍ਰੰਥ ਸਾਹਿਬ ਦੀ ਫ਼ਿਲਾਸਫੀ ਅਤੇ ਗੁਰ-ਮਰਿਆਦਾ ਦੀ ਰੌਸ਼ਨੀ ਵਿੱਚ ਹੀ ਆਪਣੇ ਫ਼ੈਸਲੇ ਕਰਨ।

(ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)