ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨੇ ਅਕਾਲੀ ਦਲ ਨੂੰ ਲੈ ਕੇ ਕਿਹੜਾ ਫ਼ੈਸਲਾ ਲਿਆ, ਕਿਰਪਾਲ ਸਿੰਘ ਬਡੂੰਗਰ ਨੇ ਕਿਉਂ ਦਿੱਤਾ ਅਸਤੀਫ਼ਾ

ਤਸਵੀਰ ਸਰੋਤ, Getty Images/Giani harpreet Singh /FB
ਪੰਥਕ ਸਿਆਸਤ ਇੱਕ ਵਾਰ ਮੁੜ ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਦੀ ਭਰਤੀ ਲਈ ਗਠਿਤ ਕੀਤੀ ਸੱਤ ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਪਟਿਆਲਾ ਵਿੱਚ ਹੋਈ ਜਿਸ ਵਿੱਚ 7 ਵਿੱਚੋਂ 5 ਮੈਂਬਰ ਮੌਜੂਦ ਰਹੇ।
ਇਸ ਮੀਟਿੰਗ ਤੋਂ ਪਹਿਲਾਂ ਅਸਤੀਫ਼ਿਆਂ ਦੇ ਦੌਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਸ ਸੱਤ ਮੈਂਬਰੀ ਕਮੇਟੀ ਦੇ ਮੈਂਬਰ ਵਜੋਂ ਅਸਤੀਫ਼ਾ ਦੇ ਦਿੱਤਾ।
ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਇਸ ਸੱਤ ਮੈਂਬਰੀ ਕਮੇਟੀ ਵਿੱਚੋਂ ਉਨ੍ਹਾਂ ਨੂੰ ਫਾਰਗ ਕਰਨ ਦੀ ਗੁਜ਼ਾਰਿਸ਼ ਕੀਤੀ ਹੈ।

ਕਿਰਪਾਲ ਸਿੰਘ ਬਡੂੰਗਰ ਦਾ ਇਹ ਅਸਤੀਫ਼ਾ ਉਸ ਸਮੇਂ ਆਇਆ ਜਦੋਂ ਪਟਿਆਲਾ ਵਿੱਚ ਅੱਜ ਉਕਤ ਕਮੇਟੀ ਦੀ ਤੀਜੀ ਮੀਟਿੰਗ ਹੋਈ।
ਇਸ ਤੋਂ ਪਹਿਲਾਂ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ।
ਕਮੇਟੀ ਨੇ ਮੀਟਿੰਗ ਵਿੱਚ ਕੀ ਫ਼ੈਸਲਾ ਲਿਆ

ਤਸਵੀਰ ਸਰੋਤ, Manpreet Singh Ayali/FB
ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਪ੍ਰਕਿਰਿਆ ਲਈ ਗਠਿਤ ਕੀਤੀ ਸੱਤ ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਪਟਿਆਲਾ ਵਿੱਚ ਹੋਈ ਹੈ। ਇਸ ਮੀਟਿੰਗ ਵਿੱਚ ਬਾਕੀ ਰਹਿੰਦੇ ਪੰਜ ਮੈਂਬਰ ਇਕਬਾਲ ਸਿੰਘ ਝੂੰਦਾ, ਮਨਪ੍ਰੀਤ ਸਿੰਘ ਇਲਾਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੇਦਪੁਰੀ ਅਤੇ ਸਤਵੰਤ ਕੌਰ ਨੇ ਹਿੱਸਾ ਲਿਆ।
ਮੈਂਬਰਾਂ ਨੇ ਕਿਹਾ, "ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੇ ਸਾਨੂੰ ਆਦੇਸ਼ ਹੋਏ ਸੀ ਤਾਂ ਜੋ ਪੰਜਾਬ ਵਿੱਚ ਕਮਜ਼ੋਰ ਹੁੰਦੀ ਜਾ ਰਹੀ ਪੰਥਕ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਸਕੇ ਤੇ ਕੌਮ ਨੂੰ ਸਹੀ ਦਿਸ਼ਾ ਦਿੱਤੀ ਜਾ ਸਕੇ ਪਰ ਪਾਰਟੀ ਦੀ ਲੀਡਰਸ਼ਿਪ ਵੱਲੋਂ ਸਾਨੂੰ ਭਰਤੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ।"
ਮੈਂਬਰਾਂ ਨੇ ਅੱਗੇ ਦੱਸਿਆ ਕਿ ਇਸ ਸਭ ਤੋਂ ਬਾਅਦ ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖਣਗੇ, ਜਿਸ ਰਾਹੀਂ ਹਾਲਾਤਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਅਕਾਲ ਤਖ਼ਤ ਸਾਹਿਬ ਤੋਂ ਜੋ ਆਦੇਸ਼ ਮਿਲੇਗਾ, ਉਸ ਦੇ ਅਨੁਸਾਰ ਐਕਸ਼ਨ ਲਿਆ ਜਾਵੇਗਾ।
ਬਡੂੰਗਰ ਨੇ ਪੱਤਰ ਵਿੱਚ ਕੀ ਲਿਖਿਆ
ਕਿਰਪਾਲ ਸਿੰਘ ਬਡੂੰਗਰ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੂੰ ਲਿਖੇ ਆਪਣੇ ਅਸਤੀਫ਼ੇ ਵਿੱਚ ਕਿਹਾ, "ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਬਣਾਈ ਗਈ 7 ਮੈਂਬਰੀ ਕਮੇਟੀ ਦੀਆਂ ਹੁਣ ਤੱਕ ਦੋ ਮੀਟਿੰਗਾਂ ਹੋ ਚੁੱਕੀਆਂ ਹਨ। ਇਨ੍ਹਾਂ ਦੋਵਾਂ ਮੀਟਿੰਗਾਂ ਦੀ ਪ੍ਰਧਾਨਗੀ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੀ ਗਈ ਹੈ।"
"ਇਸ ਮੀਟਿੰਗ ਵਿੱਚ ਮੈਂਬਰਾਂ ਨੇ ਆਪਣੇ ਵਿਚਾਰ ਦਿੱਤੇ ਪਰ ਮੀਟਿੰਗ ਬੇਸਿੱਟਾ ਰਹੀ। ਹੁਣ ਹਰਜਿੰਦਰ ਸਿੰਘ ਧਾਮੀ ਨੇ ਅਸਤੀਫ਼ਾ ਦੇ ਦਿੱਤਾ ਹੈ ਤਾਂ ਇਸ ਬਾਰੇ ਅਜੇ ਅਨਿਸ਼ਚਿਤਤਾ ਬਣੀ ਹੋਈ ਹੈ ਕਿ ਆਖਿਰ ਇਸ ਮੀਟਿੰਗ ਦੀ ਪ੍ਰਧਾਨਗੀ ਕੌਣ ਕਰੇਗਾ।"

"ਸ੍ਰੀ ਅਕਾਲ ਤਖਤ ਸਾਹਿਬ ਮੁਕੱਦਸ ਤੇ ਸਰਵਉੱਚ ਅਸਥਾਨ ਹੈ, ਜਿਸ ਦਾ ਅਦਬ, ਸਤਿਕਾਰ ਅਤੇ ਸਨਮਾਨ ਹਮੇਸ਼ਾ ਬਰਕਰਾਰ ਰਹਿਣਾ ਚਾਹੀਦਾ ਹੈ ਜਿਸ ਕਾਰਨ ਮੈਨੂੰ ਮਹਿਸੂਸ ਹੋ ਰਿਹਾ ਹੈ ਕਿ ਕਿ ਹਾਲਾਤ ਨੂੰ ਮੁੱਖ ਰੱਖਦਿਆਂ ਮੇਰੀ ਬੇਨਤੀ ਹੈ ਕਿ ਮੈਨੂੰ ਸੱਤ ਮੈਂਬਰੀ ਕਮੇਟੀ ਤੋਂ ਫਾਰਗ ਕਰ ਦਿਓ।"
ਹਰਜਿੰਦਰ ਧਾਮੀ ਨੇ ਅਸਤੀਫ਼ੇ ਦਾ ਕੀ ਕਾਰਨ ਦੱਸਿਆ
ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਉਪਰ ਲਗਾਤਾਰ ਚੌਥੀ ਵਾਰ ਸੇਵਾਵਾਂ ਨਿਭਾਅ ਰਹੇ ਸਨ।
ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਸਤੀਫ਼ੇ ਦਾ ਐਲਾਨ ਕਰਨ ਮੌਕੇ ਅਕਾਲ ਤਖ਼ਤ ਨੂੰ ਅਪੀਲ ਕੀਤੀ ਕਿ ਅਕਾਲੀ ਦਲ ਦੀ ਭਰਤੀ ਕਰਵਾਉਣ ਲਈ ਬਣਾਈ ਗਈ 7 ਮੈਂਬਰੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਉਨ੍ਹਾਂ ਨੂੰ ਫਾਰਗ ਕੀਤਾ ਜਾਵੇ।

ਤਸਵੀਰ ਸਰੋਤ, Getty Images
ਆਪਣੇ ਅਸਤੀਫੇ ਦਾ ਐਲਾਨ ਕਰਦਿਆਂ ਧਾਮੀ ਨੇ ਕਿਹਾ, ''ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫੇ ਬਾਰੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੋਸ਼ਲ ਮੀਡੀਆ ਪੋਸਟ ਪਾਕੇ ਨਿੰਦਾ ਕੀਤੀ ਜਿਸ ਦੀ ਮੈਂ ਨੈਤਿਕ ਤੌਰ ਉੱਤੇ ਜਿੰਮੇਵਾਰੀ ਲੈਂਦਾ ਹਾਂ। ਭਾਵੇਂ ਕਿ ਇਹ ਫੈਸਲਾ ਕਾਰਜਕਾਰਨੀ ਦੇ 14 ਮੈਂਬਰਾਂ ਨਾਲ ਚਰਚਾ ਤੋਂ ਬਾਅਦ ਲਿਆ ਗਿਆ ਸੀ।''
ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਏ ਜਾਣ ਦੀ ਅਕਾਲ ਤਖ਼ਤ ਜਥੇਦਾਰ ਵਲੋਂ ਨਿੰਦਾ ਕੀਤੇ ਜਾਣ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਉਹ ਅਕਾਲ ਤਖ਼ਤ ਦੇ ਜਥੇਦਾਰ ਦੇ ਸਤਿਕਾਰ ਵਜੋਂ ਆਪਣਾ ਅਸਤੀਫ਼ਾ ਦੇ ਰਹੇ ਹਨ।
ਉਨ੍ਹਾਂ ਨੇ ਆਪਣਾ ਅਸਤੀਫ਼ਾ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਨੂੰ ਸੌਂਪਿਆ।
ਧਾਮੀ ਨੂੰ ਅਸਤੀਫ਼ਾ ਨਹੀਂ ਦੇਣਾ ਚਾਹੀਦਾ ਸੀ- ਗਿਆਨੀ ਹਰਪ੍ਰੀਤ ਸਿੰਘ
ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਉੱਤੇ ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਹਰਪ੍ਰੀਤ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਤਸਵੀਰ ਸਰੋਤ, Giani harpreet Singh /FB
ਉਨ੍ਹਾਂ ਕਿਹਾ, "ਇਹ ਬੇਹੱਦ ਦੁਖਦਾਈ ਹੈ ਕਿ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦਿੱਤਾ ਹੈ। ਇਸ ਮੌਜੂਦਾ ਹਾਲਾਤ ਵਿੱਚ ਹਰਜਿੰਦਰ ਧਾਮੀ ਨੂੰ ਅਸਤੀਫਾ ਨਹੀਂ ਦੇਣਾ ਚਾਹੀਦਾ ਸੀ। ਉਨ੍ਹਾਂ ਨੂੰ ਸਮੱਸਿਆਵਾਂ ਦਾ ਜ਼ੋਰਦਾਰ ਤਰੀਕੇ ਨਾਲ ਸਾਹਮਣਾ ਕਰਨਾ ਚਾਹੀਦਾ ਸੀ।"
ਜਦੋਂ ਹਰਪ੍ਰੀਤ ਸਿੰਘ ਨੂੰ ਪੁੱਛਿਆ ਗਿਆ ਕਿ ਕੀ ਜਥੇਦਾਰਾਂ ਉੱਤੇ ਦਬਾਅ ਹੈ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਦਬਾਅ ਮੁਕਤ ਹਨ ਤੇ ਬਾਕੀਆਂ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ।
ਉਨ੍ਹਾਂ ਕਿਹਾ, "ਕਿਸੇ ਹੱਦ ਤੱਕ ਦਬਾਅ ਤਾਂ ਉਨ੍ਹਾਂ ਦੇ ਚਿਹਰੇ ਤੋਂ ਵੀ ਪਤਾ ਚੱਲਦਾ ਸੀ ਪਰ ਜਿੰਨੀ ਕੁ ਮੈਨੂੰ ਜਾਣਕਾਰੀ ਹੈ, ਦਬਾਅ ਤਾਂ ਉਨ੍ਹਾਂ ਉਪਰ ਸੀ ਪਰ ਉਨ੍ਹਾਂ ਨੂੰ ਇਸ ਦਬਾਅ ਦਾ ਮੁਕਾਬਲਾ ਕਰਨਾ ਚਾਹੀਦਾ ਸੀ। ਧਾਮੀ ਸਾਬ ਬਹੁਤ ਹੀ ਸ਼ਰੀਫ ਵਿਅਕਤੀ ਹਨ ਅਤੇ ਜਿੰਨਾ ਸਮਾਂ ਮੈਂ ਉਨ੍ਹਾਂ ਨਾਲ ਰਿਹਾ, ਮੈਂ ਉਨ੍ਹਾਂ ਵਿੱਚ ਐੱਸਜੀਪੀਸੀ ਨੂੰ ਲੈ ਕੇ ਦਰਦ ਦੇਖਿਆ ਹੈ।"
"ਮੈਂ ਉਨ੍ਹਾਂ ਦੇ ਚਲੇ ਜਾਣ ਨੂੰ ਚੰਗਾ ਨਹੀਂ ਸਮਝਦਾ ਪਰ ਮੈਨੂੰ ਉਮੀਦ ਹੈ ਕਿ ਐਗਜੈਕਟਿਵ ਕਮੇਟੀ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਨਹੀਂ ਕਰੇਗੀ ਅਤੇ ਉਹ ਜਲਦੀ ਹੀ ਦੁਬਾਰਾ ਆਉਣਗੇ।"
ਇਸ ਤੋਂ ਪਹਿਲਾਂ ਬੀਤੇ ਦਿਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਪੰਥਕ ਪਰੰਪਰਾਵਾਂ ਤੇ ਮਰਿਆਦਾ ਦੀ ਜਾਣਕਾਰੀ ਤੋਂ ਸੱਖਣੇ, ਪੰਜ ਸੱਤ ਕੁ ਆਗੂਆਂ ਵਲੋਂ ਆਪਣੀਆਂ ਨਿੱਜੀ ਲਾਲਸਾਵਾਂ ਦੀ ਪੂਰਤੀ ਹਿੱਤ, ਇੱਕ ਵਿਅਕਤੀ ਵਿਸ਼ੇਸ਼ ਦੀ ਰਾਜਨੀਤੀ ਨੂੰ ਜ਼ਿੰਦਾ ਰੱਖਣ ਲਈ ਪੰਥਕ ਸੰਸਥਾਵਾਂ ਨੂੰ ਪੇਤਲਾ ਕੀਤਾ ਜਾ ਰਿਹਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਅੱਗੇ ਕਿਹਾ, "'ਪੰਥਕ ਸੋਚ ਦੀ ਤਰਜਮਾਨੀ ਕਰਨ ਵਾਲਿਆਂ ਨੂੰ ਜਲੀਲ ਕਰ ਕੇ ਬਾਹਰ ਦਾ ਰਸਤਾ ਵਿਖਾਇਆ ਜਾ ਰਿਹਾ ਹੈ ਜਾਂ ਫਿਰ ਦਬਾਅ ਹੀ ਇਸ ਤਰ੍ਹਾਂ ਬਣਾਇਆ ਜਾਂਦਾ ਕਿ ਬੰਦਾ ਖੁਦ ਲਾਂਭੇ ਹੋਣ ਲਈ ਮਜਬੂਰ ਹੋ ਜਾਂਦਾ ਹੈ।'"
ਇਸ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਉਪਰ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਪ੍ਰਤੀਕਿਰਿਆ ਦਿੱਤੀ ਸੀ।
ਉਨ੍ਹਾਂ ਕਿਹਾ ਸੀ, ''ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਜਿਵੇਂ ਸੇਵਾਵਾਂ ਖ਼ਤਮ ਕੀਤੀਆਂ ਗਈਆਂ ਹਨ, ਉਹ ਬੇਹੱਦ ਮੰਦਭਾਗਾ ਤੇ ਨਿੰਦਣਯੋਗ ਹੈ। ਜਥੇਦਾਰ ਖਿਲਾਫ਼ ਜਾਂਚ ਕਰਨ ਦਾ ਅਧਿਕਾਰ ਸਿਰਫ਼ ਅਕਾਲ ਤਖ਼ਤ ਨੂੰ ਹੀ ਹੈ। ਉਹ ਵਾਪਰੇ ਘਟਨਾਕ੍ਰਮ ਤੋਂ ਬੇਹੱਦ ਦੁਖੀ ਹਨ।''
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ












