ਬਲਵੰਤ ਸਿੰਘ ਰਾਜੋਆਣਾ ਨੂੰ ਕੋਰਟ ਨੇ ਰਾਹਤ ਦੇਣ ਤੋਂ ਇਨਕਾਰ ਕੀਤਾ, ਕੇਂਦਰ ਨੂੰ ਦਿੱਤੀ ਹਦਾਇਤ, ਜਾਣੋ ਪੂਰਾ ਮਾਮਲਾ

ਪ੍ਰਕਾਸ਼ਿਤ

ਸੁਪਰੀਮ ਕੋਰਟ ਨੇ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਤੋਂ ਇਨਕਾਰ ਕਰ ਦਿੱਤਾ ਹੈ।

ਕੋਰਟ ਨੇ ਕਿਹਾ ਹੈ ਕਿ ਇਸ ਬਾਰੇ ਕੇਂਦਰ ਸਰਕਾਰ ਸਹੀ ਸਮੇਂ ’ਤੇ ਫ਼ੈਸਲਾ ਲਵੇ।

ਰਾਜੋਆਣਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਹੇਠ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਹਨ।

ਬੀਬੀਸੀ ਪੱਤਰਕਾਰ ਸੁਚਿਤਰਾ ਕੇ ਮੋਹੰਤੀ ਮੁਤਾਬਕ, ਜਸਟਿਸ ਬੀਆਰ ਗਵਈ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੀ ਤਿੰਨ ਜੱਜਾਂ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਸੀ।

ਅਦਾਲਤ ਨੇ ਮਾਮਲੇ ਵਿੱਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ, ਕੇਂਦਰ ਸਰਕਾਰ ਅਤੇ ਹੋਰ ਸਬੰਧਤ ਧਿਰਾਂ ਨੂੰ ਸੁਣਨ ਤੋਂ ਬਾਅਦ ਇਸ ਸਾਲ 02 ਮਾਰਚ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਫ਼ਾਂਸੀ ਨੂੰ ਉਮਰ ਕੈਦ ’ਚ ਤਬਦੀਲ ਕਰਨ ਦੀ ਪਟੀਸ਼ਨ ਪਿੱਛੇ ਕੀ ਤਰਕ

ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਲਈ ਰਾਜੋਆਣਾ ਨੂੰ ਪੰਜਾਬ ਦੀ ਹੇਠਲੀ ਅਦਾਲਤ ਨੇ 2007 ਵਿੱਚ ਫਾਂਸੀ ਦੀ ਸਜ਼ਾ ਸੁਣਾਈ ਸੀ।

ਇਸ ਨੂੰ 2010 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਅੰਤ ਵਿੱਚ ਸੁਪਰੀਮ ਕੋਰਟ ਨੇ ਵੀ ਬਰਕਰਾਰ ਰੱਖਿਆ ਸੀ।

ਰਾਜੋਆਣਾ ਵੱਲੋਂ ਪੇਸ਼ ਹੋਏ ਭਾਰਤ ਦੇ ਸਾਬਕਾ ਅਟਾਰਨੀ ਜਨਰਲ (ਏਜੀ) ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਸੀ ਕਿ ਮੌਤ ਦੀ ਸਜ਼ਾ ਦੇ ਦੋਸ਼ੀ ਰਾਜੋਆਣਾ 1996 ਤੋਂ ਹੁਣ ਤੱਕ 27 ਸਾਲ ਦੀ ਜੇਲ੍ਹ ਕੱਟ ਚੁੱਕੇ ਹਨ।

ਉਨ੍ਹਾਂ ਦੀ ਰਹਿਮ ਦੀ ਅਪੀਲ 2012 ਵਿੱਚ ਦਾਇਰ ਕੀਤੀ ਗਈ ਸੀ ਪਰ ਅਜੇ ਤੱਕ ਫੈਸਲਾ ਨਹੀਂ ਹੋਇਆ।

ਰੋਹਤਗੀ ਨੇ ਸੁਪਰੀਮ ਕੋਰਟ ਅੱਗੇ ਦਲੀਲ ਰੱਖੀ ਸੀ ਕਿ, ''ਇੱਕ ਕੈਦੀ ਨੂੰ ਇੰਨੇ ਲੰਬੇ ਸਮੇਂ ਤੱਕ ਮੌਤ ਦੀ ਸਜ਼ਾ 'ਤੇ ਰੱਖਣਾ ਉਨ੍ਹਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ।”

ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਸੁਪਰੀਮ ਕੋਰਟ ਦੇ ਫ਼ੈਸਲੇ ਹਨ ਜਿਸ ਦੇ ਆਧਾਰ 'ਤੇ ਇਹ ਕਿਹਾ ਜਾ ਸਕਦਾ ਹੈ ਕਿ ਸੰਵਿਧਾਨ ਦੇ ਆਰਟੀਕਲ 21 (ਜੀਵਨ ਅਤੇ ਨਿੱਜੀ ਆਜ਼ਾਦੀ ਦੀ ਸੁਰੱਖਿਆ ਦੇ ਅਧਿਕਾਰ) ਦੇ ਤਹਿਤ ਰਾਜੋਆਣਾ ਦੇ ਅਧਿਕਾਰਾਂ ਦੀ ਉਲੰਘਣਾ ਕੀਤੀ ਗਈ ਹੈ।

ਉਨ੍ਹਾਂ ਨੇ ਰਹਿਮ ਦੀ ਅਪੀਲ 'ਤੇ ਵਿਚਾਰ ਕਰਨ 'ਚ ਹੋਈ ਲੰਬੀ ਦੇਰੀ ਨੂੰ ਅਧਾਰ ਬਣਾ ਕੇ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਸੁਪਰੀਮ ਕੋਰਟ ਨੂੰ ਬੇਨਤੀ ਕੀਤੀ ਸੀ।

ਰੋਹਤਗੀ ਨੇ ਸੁਪਰੀਮ ਕੋਰਟ ਨੂੰ ਕਿਹਾ ਸੀ, "ਇਹ ਵਿਅਕਤੀ (ਰਾਜੋਆਣਾ) ਸਿਰਫ਼ ਬੇਲੋੜੀ ਦੇਰੀ ਕਾਰਨ ਹੀ ਪ੍ਰੇਸ਼ਾਨੀ ਝੱਲ ਰਿਹਾ ਹੈ। ਉਸ ਦੀ (ਰਾਜੋਆਣਾ) ਦੀ ਮੌਤ ਦੀ ਸਜ਼ਾ ਨੂੰ ਬਦਲਿਆ ਜਾਣਾ ਚਾਹੀਦਾ ਹੈ।"

27 ਸਾਲਾਂ ਤੋਂ ਜੇਲ੍ਹ 'ਚ ਬੰਦ ਰਾਜੋਆਣਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਪਿਛਲੇ 25 ਸਾਲਾਂਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਅਤੇ ਖਾਲਿਸਤਾਨ ਪੱਖੀ ਖਾੜਕੂ ਰਾਜੋਆਣਾ ਵੱਲੋਂ ਦਾਇਰ ਪਟੀਸ਼ਨ ’ਤੇ ਸੁਪਰੀਮ ਕੋਰਟ ਸੁਣਵਾਈ ਕਰ ਰਹੀ ਸੀ।

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ, ਕੇਂਦਰ ਸਰਕਾਰ ਨੇ 2019 ਵਿਚ ਉਨ੍ਹਾਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਅਤੇ 8 ਹੋਰ ਦੋਸ਼ੀਆਂ ਨੂੰ ਸਜ਼ਾ ਮੁਆਫ ਕਰਨ ਦੇ ਫੈਸਲੇ ਦਾ ਐਲਾਨ ਕੀਤਾ ਸੀ।

ਇਸ ਅਧਾਰ 'ਤੇ ਦੋਸ਼ੀ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਲਈ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ ਗਿਆ ਸੀ ਅਤੇ 2020 ਵਿਚ ਰਿੱਟ ਪਟੀਸ਼ਨ ਦਾਇਰ ਕੀਤੀ ਸੀ।

ਪਿਛਲੇ ਸਾਲ 28 ਸਤੰਬਰ ਨੂੰ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਪਟੀਸ਼ਨ 'ਤੇ ਕੇਂਦਰ ਵੱਲੋਂ ਫ਼ੈਸਲਾ ਨਾ ਲੈਣ 'ਤੇ ਅਸੰਤੁਸ਼ਟੀ ਜ਼ਾਹਿਰ ਕੀਤੀ ਸੀ।

ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਮੁਤਾਬਕ, ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕੇਂਦਰ ਦੀ ਇਸ ਗੱਲ 'ਤੇ ਵਿਚਾਰ ਨਹੀਂ ਕੀਤਾ ਕਿ ਰਾਜੋਆਣਾ ਦਾ ਇਹ ਕਹਿਣਾ ਸੀ ਕਿ "ਉਸ ਨੂੰ ਭਾਰਤੀ ਨਿਆਂਪਾਲਿਕਾ ਅਤੇ ਸੰਵਿਧਾਨ ਵਿੱਚ ਕੋਈ ਵਿਸ਼ਵਾਸ ਨਹੀਂ ਹੈ"।

ਸੁਪਰੀਮ ਕੋਰਟ ਨੇ ਰਾਜੋਆਣਾ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਕੋਲ ਭੇਜਣ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਵੀ ਕੇਂਦਰ ਤੋਂ ਸਵਾਲ ਚੁੱਕੇ ਸਨ।

ਕੋਰਟ ਨੇ ਸਰਕਾਰ ਨੂੰ ਇਹ ਜਾਣੂ ਕਰਵਾਉਣ ਲਈ ਕਿਹਾ ਸੀ ਕਿ ਸਬੰਧਿਤ ਅਧਿਕਾਰੀ ਸੰਵਿਧਾਨ ਦੇ ਆਰਟੀਕਲ 72 ਦੇ ਤਹਿਤ ਰਾਸ਼ਟਰਪਤੀ ਨੂੰ ਪ੍ਰਸਤਾਵ ਕਦੋਂ ਭੇਜਣਗੇ ਜੋ ਮਾਫ਼ੀ ਦੇਣ ਜਾਂ ਸਜ਼ਾ ਘਟਾਉਣ ਦੇ ਰਾਸ਼ਟਰਪਤੀ ਦੇ ਅਧਿਕਾਰਾਂ ਨਾਲ ਸਬੰਧਿਤ ਹੈ।

ਬਲਵੰਤ ਸਿਘ ਰਾਜੋਆਣਾ ਬਾਰੇ ਅਹਿਮ ਜਾਣਕਾਰੀ

  • ਬਲਵੰਤ ਸਿੰਘ ਰਾਜੋਆਣਾ ਬੱਬਰ ਖਾਲਸਾ ਦੇ ਕਾਰਕੁਨ ਹਨ ਅਤੇ ਉਹ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਹਨ
  • ਲੁਧਿਆਣਾ ਦੇ ਰਾਏਕੋਟ ਦੇ ਪਿੰਡ ਰਾਜੋਆਣਾ ਕਲਾਂ ਵਿਚ 23 ਅਗਸਤ 1967 ਵਿਚ ਜਨਮੇ ਬਲਵੰਤ ਸਿੰਘ ਪੰਜਾਬ ਪੁਲਿਸ ਵਿਚ ਸਿਪਾਹੀ ਸਨ
  • ਬੇਅੰਤ ਸਿੰਘ ਪੰਜਾਬ ਦੇ ਮੁੱਖ ਮੰਤਰੀ ਸਨ, ਜਿਨ੍ਹਾਂ ਨੂੰ 1995 ਦੌਰਾਨ ਇੱਕ ਕਾਰ ਬੰਬ ਧਮਾਕੇ ਵਿਚ ਕਤਲ ਕਰ ਦਿੱਤਾ ਗਿਆ ਸੀ
  • ਬਲਵੰਤ ਸਿੰਘ ਰਾਜੋਆਣਾ ਨੂੰ ਬੇਅੰਤ ਸਿੰਘ ਕਤਲ ਕੇਸ ਵਿਚ ਫ਼ਾਂਸੀ ਦੀ ਸਜ਼ਾ ਹੋ ਚੁੱਕੀ ਹੈ
  • ਉਹ 26 ਸਾਲ ਤੋਂ ਵੱਧ ਸਮਾਂ ਜੇਲ੍ਹ ਵਿਚ ਗੁਜ਼ਾਰ ਚੁੱਕੇ ਹਨ
  • ਰਾਜੋਆਣਾ ਨੂੰ 31 ਮਾਰਚ 2012 ਨੂੰ ਫਾਂਸੀ ਦਿੱਤੀ ਜਾਣੀ ਸੀ ਪਰ ਮਨੁੱਖੀ ਅਧਿਕਾਰ ਤੇ ਸਿਆਸੀ ਜਥੇਬੰਦੀਆਂ ਦੇ ਵਿਰੋਧ ਕਾਰਨ ਅਣਮਿੱਥੇ ਸਮੇਂ ਲਈ ਟਾਲ਼ ਦਿੱਤੀ ਗਈ
  • ਰਾਜੋਆਣਾ ਦੀ ਮੌਤ ਦੀ ਸਜਾ ਉਮਰ ਕੈਦ ਵਿਚ ਤਬਦੀਲ ਕਰਨ ਦੀ ਅਰਜੀ ਕੇਂਦਰ ਸਰਕਾਰ ਕੋਲ ਵਿਚਾਰ ਅਧੀਨ ਹੈ
  • ਭਾਵੇਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਮੌਕੇ ਕੇਂਦਰ ਨੇ ਇਹ ਐਲਾਨ ਵੀ ਕੀਤਾ ਸੀ, ਪਰ ਅਮਲ ਨਹੀਂ ਹੋਇਆ

ਸਰਕਾਰ ਦਾ ਕੀ ਕਹਿਣਾ ਹੈ

ਇਸ ਮਾਸਲੇ ਵਿੱਚ ਗ੍ਰਹਿ ਮੰਤਰਾਲੇ ਨੇ ਕਿਹਾ ਸੀ ਕਿ ਰਹਿਮ ਦੀ ਪਟੀਸ਼ਨ 'ਤੇ ਵਿਚਾਰ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਕਿਸੇ ਹੋਰ ਸੰਸਥਾ ਵੱਲੋਂ ਦਾਇਰ ਕੀਤੀ ਗਈ ਸੀ ਨਾ ਕਿ ਖੁਦ ਰਾਜੋਆਣਾ ਵੱਲੋਂ।

ਮੰਤਰਾਲੇ ਮੁਤਾਬਕ, ਇਸ 'ਤੇ ਉਦੋਂ ਤੱਕ ਫੈਸਲਾ ਨਹੀਂ ਕੀਤਾ ਜਾ ਸਕਦਾ ਜਦੋਂ ਤੱਕ ਹੋਰ ਦੋਸ਼ੀਆਂ ਦੀਆਂ ਅਪੀਲਾਂ ਦਾ ਸੁਪਰੀਮ ਕੋਰਟ ਵੱਲੋਂ ਫੈਸਲਾ ਨਹੀਂ ਕੀਤਾ ਜਾਂਦਾ।

ਕੇਂਦਰ ਸਰਕਾਰ ਵੱਲੋਂ ਕੇਸ ਵਿੱਚ ਪੈਰਵੀ ਕਰ ਰਹੇ ਐਡੀਸ਼ਨਲ ਸਾਲਿਸਟਰ ਜਨਰਲ (ਏਐਸਜੀ), ਕੇਐਮ ਨਟਰਾਜ ਨੇ ਦਲੀਲ ਦਿੱਤੀ ਕਿ ਰਹਿਮ ਦੀ ਪਟੀਸ਼ਨ 'ਤੇ ਉਦੋਂ ਤੱਕ ਫੈਸਲਾ ਨਹੀਂ ਕੀਤਾ ਜਾ ਸਕਦਾ ਜਦੋਂ ਤੱਕ ਇਸ ਕੇਸ ਦੇ ਹੋਰ ਦੋਸ਼ੀਆਂ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਕੀਤੀਆਂ ਗਈਆਂ ਅਪੀਲਾਂ ਦਾ ਨਿਪਟਾਰਾ ਨਹੀਂ ਕੀਤਾ ਜਾਂਦਾ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਸੀ ਕਿ ਰਾਜੋਆਣਾ ਨੇ ਆਪਣੀ ਸਜ਼ਾ ਨੂੰ ਹਾਈ ਕੋਰਟ ਜਾਂ ਸੁਪਰੀਮ ਕੋਰਟ ਵਿੱਚ ਚੁਣੌਤੀ ਨਹੀਂ ਦਿੱਤੀ ਹੈ।

ਰਿਹਾਈ ਲਈ ਉੱਠਦੀ ਰਹੀ ਹੈ ਸਿਆਸੀ ਮੰਗ

ਬੀਬੀਸੀ ਪੱਤਰਕਾਰ ਖੁਸ਼ਹਾਲ ਲਾਲੀ ਦੀ ਰਿਪੋਰਟ ਮੁਤਾਬਕ 2019 ਵਿੱਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਕੇਂਦਰ ਸਰਕਾਰ ਨੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਮਾਫ਼ ਕਰਕੇ ਉਮਰ ਕੈਦ ਵਿਚ ਬਦਲਣ ਦੇ ਹੁਕਮ ਦੀ ਸਿਆਸੀ ਹਲਕਿਆਂ ਵਿੱਚ ਸ਼ਲਾਘਾ ਹੋਈ ਸੀ।

ਉਸ ਵੇਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਟਵੀਟ ਕਰਕੇ ਰਿਹਾਈ ਤੇ ਸਜ਼ਾ ਮਾਫ਼ੀ ਦਾ ਸਵਾਗਤ ਕੀਤਾ ਸੀ।

ਬੇਅੰਤ ਸਿੰਘ ਦੇ ਪੋਤਰੇ ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਰਾਜੋਆਣਾ ਨੂੰ ਮਾਫ਼ੀ ਦੇਣ ਦਾ ਵਿਰੋਧ ਕੀਤਾ ਸੀ।

ਅਪ੍ਰੈਲ 2022 ਦੇ ਸ਼ੁਰੂਆਤੀ ਦਿਨਾਂ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਕੇ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ ਤੋਂ ਰਿਹਾਅ ਕਰਵਾਉਣ ਦੀ ਮੰਗ ਕੀਤੀ ਸੀ।

ਸੁਖਬੀਰ ਬਾਦਲ ਦੀ ਦਲੀਲ ਸੀ ਕਿ ਰਾਜੋਆਣਾ ਦੀ ਫਾਂਸੀ ਕੇਂਦਰ ਸਰਕਾਰ ਨੇ ਉਮਰ ਕੈਦ ਵਿਚ ਬਦਲ ਦਿੱਤੀ ਸੀ ਅਤੇ ਬਲਵੰਤ ਸਿੰਘ ਰਾਜੋਆਣਾ 25 ਸਾਲ ਤੋਂ ਵੱਧ ਜੇਲ੍ਹ ਵਿਚ ਗੁਜ਼ਾਰ ਚੁੱਕੇ ਹਨ , ਜੋ ਉਮਰ ਕੈਦ ਤੋਂ ਵੱਧ ਹੈ। ਇਸ ਲਈ ਉਨ੍ਹਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ।

ਅਕਾਲੀ ਦਲ ਦੀ ਮੰਗ ਦਾ ਰਵਨੀਤ ਸਿੰਘ ਬਿੱਟੂ ਨੇ ਤੁਰੰਤ ਵਿਰੋਧ ਕੀਤਾ ਅਤੇ ਕਿਹਾ ਕਿ ਬਾਦਲ ਪਰਿਵਾਰ ਉਸ ਅੱਤਵਾਦੀ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ, ਜਿਸ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਅਤੇ 17 ਹੋਰ ਵਿਅਕਤੀਆਂ ਨੂੰ ਕਤਲ ਕੀਤਾ ਸੀ।

ਬੇਅੰਤ ਸਿੰਘ ਕਤਲਕਾਂਡ ਵਿੱਚ ਰਾਜੋਆਣਾ ਦੀ ਭੂਮਿਕਾ

ਬਲਵੰਤ ਸਿੰਘ ਰਾਜੋਆਣਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਆਗੂ ਬੇਅੰਤ ਸਿੰਘ ਕਤਲ ਕੇਸ ਦੇ ਮੁੱਖ ਦੋਸ਼ੀਆਂ ਵਿਚੋਂ ਇੱਕ ਹਨ।

ਲੁਧਿਆਣਾ ਦੇ ਰਾਏਕੋਟ ਦੇ ਪਿੰਡ ਰਾਜੋਆਣਾ ਕਲਾਂ ਵਿਚ 23 ਅਗਸਤ 1967 ਵਿਚ ਜਨਮੇ ਬਲਵੰਤ ਸਿੰਘ ਪੰਜਾਬ ਪੁਲਿਸ ਵਿਚ ਸਿਪਾਹੀ ਸਨ।

ਬਲਵੰਤ ਸਿੰਘ ਰਾਜੋਆਣਾ ਵੱਲੋਂ ਅਦਾਲਤ ਵਿੱਚ ਦਿੱਤੇ ਬਿਆਨਾਂ ਮੁਤਾਬਕ, ਉਹ 1984 ਦੇ ਅਪਰੇਸ਼ਨ ਬਲੂ ਸਟਾਰ ਅਤੇ ਫਿਰ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਹੋਏ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਦੇਣ ਕਾਰਨ ਨਿਰਾਸ਼ ਹੋ ਕੇ ਖਾਲਿਸਤਾਨ ਲਹਿਰ ਵਿਚ ਸ਼ਾਮਲ ਹੋ ਗਏ ਸੀ।

ਅਦਾਲਤ ਵਿਚ ਦਿੱਤੇ ਹਲਫ਼ੀਆ ਬਿਆਨ ਵਿਚ ਰਾਜੋਆਣਾ ਨੇ ਸਾਫ਼ ਕਿਹਾ ਸੀ ਕਿ ਉਹ ਬੇਅੰਤ ਸਿੰਘ ਕਤਲ ਕਾਂਡ ਵਿਚ ਸ਼ਾਮਲ ਸੀ।

ਜਾਂਚ ਏਜੰਸੀਆਂ ਨੇ ਦਾਅਵਾ ਕੀਤਾ ਸੀ ਕਿ ਰਾਜੋਆਣਾ ਮਨੁੱਖੀ ਬੰਬ ਬਣੇ ਦਿਲਾਵਰ ਸਿੰਘ ਦੇ ਪਿੱਛੇ ਸਨ, ਜੇਕਰ ਉਹ ਅਸਫ਼ਲ ਹੋ ਜਾਂਦਾ ਤਾਂ ਰਾਜੋਆਣਾ ਨੇ ਮਨੁੱਖੀ ਬੰਬ ਵਜੋਂ ਹਮਲਾ ਕਰਨਾ ਸੀ।

ਭਾਵੇਂ ਕਿ ਜਾਂਚ ਏਜੰਸੀਆਂ ਦੇ ਇਸ ਦਾਅਵੇ ਨੂੰ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਖਾਰਜ ਕਰਦੇ ਰਹੇ ਹਨ, ਪਰ ਰਾਜੋਆਣਾ ਨੇ ਆਪਣਾ ਦੋਸ਼ ਕਬੂਲਦਿਆਂ ਕੇਸ ਦੀ ਪੈਰਵੀ ਤੋਂ ਇਨਕਾਰ ਕਰ ਦਿੱਤਾ ਸੀ।

ਰਾਜੋਆਣਾ ਦੀ ਫਾਂਸੀ ਨੂੰ ਰੁਕਵਾਉਣ ਲਈ ਸ਼੍ਰੋਮਣੀ ਕਮੇਟੀ ਨੇ ਕੇਸ ਦੀ ਪੈਰਵੀ ਕੀਤੀ ਸੀ।

ਰਾਜੋਆਣਾ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਬੇਅੰਤ ਸਿੰਘ ਮਾਮਲੇ ਵਿਚ ਇੱਕ ਅਗਸਤ 2007 ਨੂੰ ਫ਼ਾਸੀ ਦੀ ਸਜ਼ਾ ਸੁਣਾਈ ਸੀ।

ਇਸ ਤੋਂ ਬਾਅਦ ਰਾਜੋਆਣਾ ਨੇ ਹਾਈਕੋਰਟ ਵਿੱਚ ਅਪੀਲ ਕਰਨ ਤੋਂ ਇਨਕਾਰ ਇਹ ਕਹਿ ਕੇ ਕਰ ਦਿੱਤਾ ਸੀ ਕਿ ਉਨ੍ਹਾਂ ਨੂੰ ਭਾਰਤੀ ਨਿਆਂ ਪ੍ਰਣਾਲੀ ਵਿਚ ਭਰੋਸਾ ਨਹੀਂ ਹੈ।

ਰਾਜੋਆਣਾ ਨੂੰ 31 ਮਾਰਚ 2012 ਨੂੰ ਫਾਂਸੀ ਦਿੱਤੀ ਜਾਣੀ ਸੀ ਪਰ ਸ਼੍ਰੋਮਣੀ ਕਮੇਟੀ, ਅਕਾਲੀ ਦਲ, ਸਿੱਖ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਨੇ ਫਾਂਸੀ ਦੀ ਸਜ਼ਾ ਮਾਫ਼ ਕਰਨ ਲਈ ਤਿੱਖੀ ਮੁਹਿੰਮ ਚਲਾਈ ਸੀ।

ਭਾਵੇਂ ਅਕਾਲੀ ਦਲ ਨੂੰ ਇਸ ਮੁੱਦੇ ਉੱਤੇ ਭਾਜਪਾ ਦਾ ਇਸ ਮਾਮਲੇ ਵਿੱਚ ਸਾਥ ਨਹੀਂ ਮਿਲੀਆ ਸੀ ਪਰ ਤਤਕਾਲੀ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਗ੍ਰਹਿ ਮੰਤਰਾਲੇ ਦੀ ਸਿਫ਼ਾਰਿਸ਼ ਉੱਤੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ 28 ਮਾਰਚ 2012 ਨੂੰ ਅਣਮਿੱਥੇ ਸਮੇਂ ਲਈ ਟਾਲ ਦਿੱਤੀ ਸੀ।

ਰਾਜੋਆਣਾ ਦਾ ਸਿਆਸੀ ਝੁਕਾਅ ਕਿੱਥੇ-ਕਿੱਥੇ ਰਿਹਾ

ਮਈ 2019 ਨੂੰ ਲੋਕ ਸਭਾ ਚੋਣਾਂ ਵੇਲੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਲਮਦੀਪ ਕੌਰ ਨੇ ਮੀਡੀਆ ਸਾਹਮਣੇ ਇੱਕ ਚਿੱਠੀ ਪੇਸ਼ ਕਰਦਿਆਂ ਕਿਹਾ ਕਿ ਸੀ ਇਹ ਚਿੱਠੀ ਬਲਵੰਤ ਸਿੰਘ ਨੇ ਜੇਲ੍ਹ ਵਿੱਚੋਂ ਉਨ੍ਹਾਂ ਰਾਹੀਂ ਭੇਜੀ ਹੈ।

ਕਲਮਦੀਪ ਕੌਰ ਮੁਤਾਬਕ ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਸੀ, ''ਅਕਾਲੀ-ਭਾਜਪਾ ਗਠਜੋੜ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ ਹੈ। ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਵੱਡੇ ਸੰਘਰਸ਼ ਤੇ ਕੁਰਬਾਨੀਆਂ ਕੀਤੀਆਂ ਹਨ।"

"ਭਾਜਪਾ ਦੀ ਕੇਂਦਰ ਸਰਕਾਰ ਨੇ 35 ਸਾਲ ਬਾਅਦ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਜਿਵੇਂ ਗਿੱਚੀ ਤੋਂ ਫੜ ਕੇ ਜੇਲ੍ਹ ਭੇਜਿਆ ਹੈ, ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣ ਦੀ ਕੋਸ਼ਿਸ਼ ਕੀਤੀ ਹੈ, ਇਸ ਨਾਲ ਸਿੱਖ ਭਾਵਨਾਵਾਂ ਨੂੰ ਮੱਲ੍ਹਮ ਲੱਗੀ ਹੈ।''

ਚਿੱਠੀ ਵਿਚ ਅੱਗੇ ਲਿਖਿਆ ਹੈ, ''ਕੇਂਦਰ ਸਰਕਾਰ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਦੀ ਕੋਸ਼ਿਸ਼ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਹੈ।''

ਇਸ ਤੋਂ ਇਲਾਵਾ ਬਲਵੰਤ ਰਾਜੋਆਣਾ ਦੀ ਭੈਣ ਕਮਲਦੀਪ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ 2022 ਵਿੱਚ ਸੰਗਰੂਰ ਲੋਕ ਸਭਾ ਸੀਟ ਤੋਂ ਜ਼ਿਮਨੀ ਚੋਣ ਲੜੀ ਸੀ। ਕਮਲਦੀਪ ਚੋਣ ਹਾਰ ਗਏ ਸਨ ਅਤੇ ਉਨ੍ਹਾਂ ਦੀ ਜ਼ਮਾਨਤ ਜ਼ਬਤ ਹੋ ਗਈ ਸੀ।

ਕਮਲਦੀਪ ਕੌਰ ਨੇ ਉਦੋਂ ਕਿਹਾ ਸੀ ਉਨ੍ਹਾਂ ਨੂੰ ਰਾਜੋਆਣਾ ਨੇ ਇਸ ਲਈ ਚੋਣ ਲੜਨ ਲਈ ਕਿਹਾ ਹੈ ਕਿਉਂ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਦੇ ਪੰਥ ਵਿਰੋਧੀ ਕੰਮਾਂ ਨੂੰ ਬੇਨਕਾਬ ਕਰਨਾ ਚਾਹੁੰਦਾ ਹੈ।

ਕਮਲਦੀਪ ਕੌਰ ਨੂੰ ਸਿਰਫ਼ 15313 ਵੋਟਾਂ ਹੀ ਮਿਲੀਆਂ ਸਨ।

ਮੁਹਾਲੀ ਵਿਖੇ ਚੱਲ ਰਹੇ ਕੌਮੀ ਇਨਸਾਫ ਮੋਰਚੇ ਬਾਰੇ ਬੋਲਦਿਆਂ ਇਸੇ ਸਾਲ ਜਨਵਰੀ ਮਹੀਨੇ ਵਿੱਚ ਰਾਜੋਆਣਾ ਨੇ ਕਿਹਾ ਸੀ ਕਿ ਉਹ ਅਕਾਲੀ ਹੀ ਹਨ।

ਰਾਜੋਆਣਾ ਨੇ ਕਿਹਾ ਕਿਹਾ, ''ਮੇਰੇ ਅਕਾਲੀ ਹੋਣ ਉੱਤੇ ਇਤਰਾਜ਼ ਪ੍ਰਗਟਾਏ ਜਾ ਰਹੇ ਹਨ, ਮੈਂ ਅਕਾਲੀ ਹਾਂ ਅਤੇ ਅਕਾਲੀ ਹੀ ਰਹਾਂਗਾ। ਮੋਰਚੇ ਵਾਲੇ ਦੱਸਣ ਕਿ ਉਹ ਕਿਹੜੀ ਪਾਰਟੀ ਨਾਲ ਸਬੰਧਤ ਹਨ।''

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)