ਕੈਨੇਡਾ-ਭਾਰਤ ਤਣਾਅ: ਭਾਰਤ ਨੇ ਕੈਨੇਡੀਆਈ ਨਾਗਰਿਕਾਂ ਲਈ ਈ-ਵੀਜ਼ਾ 'ਤੇ ਰੋਕ ਹਟਾਈ

ਕੈਨੇਡਾ-ਭਾਰਤ

ਤਸਵੀਰ ਸਰੋਤ, Getty Images/ Oleksii Liskonih

ਤਸਵੀਰ ਕੈਪਸ਼ਨ, ਭਾਰਤ ਸਰਕਾਰ ਨੇ ਕੈਨੇਡੀਆਈ ਨਾਗਰਿਕਾਂ ਲਈ ਈ-ਵੀਜ਼ਾ ਸੇਵਾ ਮੁੜ ਸ਼ੁਰੂ ਕੀਤੀ ਹੈ
ਪ੍ਰਕਾਸ਼ਿਤ

ਭਾਰਤ ਸਰਕਾਰ ਵੱਲੋਂ ਕੈਨੇਡੀਆਈ ਨਾਗਰਿਕਾਂ ਦੇ ਲਈ ਵੀਜ਼ਾ ਸੇਵਾਵਾਂ ਦੋ ਮਹੀਨਿਆਂ ਦੀ ਰੋਕ ਤੋਂ ਮਗਰੋਂ ਮੁੜ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਕੈਨਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡਾ ਦੀ ਪਾਰਲੀਮੈਂਟ ਵਿੱਚ ਇੱਕ ਕੈਨੇਡੀਆਈ ਨਾਗਰਿਕ ਦੇ ਕਤਲ ਵਿੱਚ ਭਾਰਤੀ ਏਜੰਸੀਆਂ ਦੀ ਸ਼ਮੂਲੀਅਤ ਬਾਰੇ ਇਲਜ਼ਾਮ ਲਾਏ ਗਏ ਸਨ।

ਭਾਰਤ ਨੇ ਇਨ੍ਹਾਂ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ ਸੀ।

ਇਸ ਮਗਰੋਂ ਦੋਵਾਂ ਦੇਸਾਂ ਵਿਚਾਲੇ ਵੱਧਦੇ ਕੂਟਨੀਤਕ ਤਣਾਅ ਦੇ ਦੌਰਾਨ ਭਾਰਤ ਸਰਕਾਰ ਵੱਲੋਂ ਕੈਨੇਡੀਆਈ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਉੱਤੇ ਰੋਕ ਲਾਈ ਗਈ ਸੀ।

ਈ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕੀਤੇ ਜਾਣ ਬਾਰੇ ਕੈਨੇਡਾ ਦੀ ਰਾਜਧਾਨੀ ਓਟਵਾ ਵਿਚ ਸਥਿਤ ਭਾਰਤੀ ਹਾਈ ਕਮਿਸ਼ਨ ਵੱਲੋਂ ਆਪਣੇ ਅਧਿਕਾਰਤ ਐਕਸ ਅਕਾਊਂਟ ਉੱਤੇ ਇਸ ਬਾਰੇ ਸੂਚਨਾ ਜਾਰੀ ਕੀਤੀ ਗਈ ਹੈ।

“ਰੈਗੂਲਰ ਕੈਨੇਡੀਆਈ ਪਾਸਪੋਰਟ ਧਾਰਕ ਕੈਨੇਡੀਆਈ ਨਾਗਰਿਕਾਂ ਦੇ ਲਈ ਈ-ਵੀਜ਼ਾ ਸੇਵਾ ਮੁੜ ਸ਼ੁਰੂ ਕਰ ਦਿੱਤੀ ਗਈ ਹੈ।”

ਹਾਲਾਂਕਿ ਅਧਿਕਾਰਤ ਸਰੋਤਾਂ 'ਤੇ ਸਾਂਝੀ ਕੀਤੀ ਗਈ ਸੂਚਨਾ ਮੁਤਾਬਕ ਕਿਸੇ ਨਵੀਂ ਸ਼੍ਰੇਣੀ (ਕੈਟਾਗਰੀ), ਜਿਨ੍ਹਾਂ ਵਿੱਚ ਟੂਰਿਸਟ ਵੀਜ਼ਾ ਵੀ ਸ਼ਾਮਲ ਹੈ, ਲਈ ਵੀਜ਼ਾ ਸੇਵਾਵਾਂ ਸ਼ੁਰੂ ਕਰਨ ਦਾ ਐਲਾਨ ਫਿਲਹਾਲ ਨਹੀਂ ਕੀਤਾ ਗਿਆ।

ਈ-ਵੀਜ਼ਾ

ਤਸਵੀਰ ਸਰੋਤ, X/ India In Otawa

ਤਸਵੀਰ ਕੈਪਸ਼ਨ, ਕੈਨਡਾ ਵਿੱਚ ਸਥਿਤ ਭਾਰਤੀ ਹਾਈ ਕਮਿਸ਼ਨ ਵੱਲੋਂ ਜਾਰੀ ਕੀਤੀ ਗਈ ਸੂਚਨਾ

'ਕੈਨੇਡਾ ਵਿੱਚ ਹਾਲਾਤ ਬਿਹਤਰ ਹੋਏ ਹਨ'

ਐੱਸ ਜੈਸ਼ੰਕਰ

ਤਸਵੀਰ ਸਰੋਤ, ANI

ਤਸਵੀਰ ਕੈਪਸ਼ਨ, ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਇਹ ਬਿਆਨ ਵਿਰਚੂਅਲ ਜੀ-20 ਸਮਿੱਟ ਦੀ ਸਮਾਪਤੀ ਮੌਕੇ ਦਿੱਤਾ।

ਇਸ ਬਾਰੇ ਬੁੱਧਵਾਰ ਨੂੰ ਬੋਲਦਿਆਂ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਦੱਸਿਆ, “ਅਸੀਂ ਅਸਥਾਈ ਤੌਰ 'ਤੇ ਵੀਜ਼ਾ ਦੇਣੇ ਬੰਦ ਕੀਤੇ ਸਨ ਕਿਉਂਕਿ ਕੈਨੇਡਾ ਵਿਚਲੇ ਹਾਲਾਤਾਂ ਨੇ ਸਾਡੇ ਕੂਟਨੀਤਕਾਂ ਲਈ ਲੋੜੀਂਦੇ ਕੰਮ ਕਰਨੇ ਇੱਥੋਂ ਤੱਕ ਕਿ ਵੀਜ਼ਾ ਪ੍ਰਕਿਰਿਆ ਜਾਰੀ ਰੱਖਣ ਲਈ ਦਫ਼ਤਰ ਜਾਣਾ ਵੀ ਮੁਸ਼ਕਲ ਬਣਾ ਦਿੱਤਾ ਸੀ।”

“ਜਿਵੇਂ ਉੱਥੇ (ਕੈਨੇਡਾ) ਹਾਲਾਤ ਸੁਰੱਖਿਅਤ ਹੋਏ ਹਨ ਅਤੇ ਪਹਿਲਾਂ ਨਾਲੋਂ ਬਿਹਤਰ ਹੋਏ ਹਨ। ਸਾਡੇ ਲਈ ਇਹ ਸੰਭਵ ਹੋਇਆ ਹੈ ਕਿ ਵੀਜ਼ਾ ਸੇਵਾਵਾਂ ਸ਼ੁਰੂ ਕੀਤੀਆਂ ਜਾ ਸਕਣ।”

ਕਿਹੜੀਆਂ ਚਾਰ ਸੇਵਾਵਾਂ ਹੋਈਆਂ ਸਨ ਮੁੜ ਸ਼ੁਰੂ

ਅਰਿੰਦਮ ਬਾਗਚੀ

ਤਸਵੀਰ ਸਰੋਤ, ANI

ਤਸਵੀਰ ਕੈਪਸ਼ਨ, ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ

25 ਅਕਤੂਬਰ ਨੂੰ ਭਾਰਤ ਸਰਕਾਰ ਕੈਨੇਡੀਆਈ ਨਾਗਰਿਕਾਂ ਲਈ ਬੰਦ ਕੀਤੀਆਂ ਵੀਜ਼ਾ ਸੇਵਾਵਾਂ ਵਿੱਚੋਂ ਕੁਝ ਮੁੜ ਚਾਲੂ ਕਰਨ ਦਾ ਐਲਾਨ ਕੀਤਾ ਸੀ।

ਕੈਨੇਡਾ ਦੀ ਰਾਜਧਾਨੀ ਓਟਵਾ ਵਿਚਲੇ ਭਾਰਤੀ ਦੂਤਾਵਾਸ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਕੁਝ ਸ਼੍ਰੇਣੀਆਂ ਲਈ ਵੀਜ਼ਾ ਸੇਵਾਵਾਂ ਬਾਰੇ ਸੂਚਨਾ ਜਾਰੀ ਕੀਤੀ ਸੀ।

ਕੈਨੇਡਾ ਵਿੱਚਲੇ ਟੋਰਾਂਟੋ ਅਤੇ ਵੈਨਕੂਵਰ ਦੇ ਕੌਸਲੇਟ ਦਫ਼ਤਰਾਂ ਸਣੇ ਸਭ ਥਾਵਾਂ ਉੱਤੇ ਇਹ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਸਨ।

ਜਿਨ੍ਹਾਂ ਸ਼੍ਰੇਣੀਆਂ ਲਈ ਸੇਵਾਵਾਂ ਸ਼ੁਰੂ ਹੋਈਆਂ ਸਨ, ਉਹ ਸਨ

  • ਐਂਟਰੀ ਵੀਜ਼ਾ
  • ਬਿਜਨਸ਼ ਵੀਜ਼ਾ
  • ਮੈਡੀਕਲ ਵੀਜ਼ਾ
  • ਕਾਨਫਰੰਸ ਵੀਜ਼ਾ

ਭਾਰਤੀ ਕੌਸਲੇਟ ਨੇ ਕਿਹਾ ਸੀ ਕਿ ਐਮਰਜੈਂਸੀ ਸੇਵਾਵਾਂ ਉੱਤੇ ਪਹਿਲਾਂ ਵਾਂਗ ਕੰਮ ਜਾਰੀ ਰਹੇਗਾ ਅਤੇ ਹਾਲਾਤ ਦੇ ਮੁਲਾਂਕਣ ਤੋਂ ਅਗਲੇ ਲਏ ਜਾਣ ਵਾਲੇ ਫੈਸਲਿਆਂ ਦੀ ਜਾਣਕਾਰੀ ਦਿੱਤੀ ਜਾਵੇਗੀ।

ਕੈਨੀਡੀਆਈ ਕੂਟਨੀਤਕਾਂ ਨੂੰ ਵਾਪਸ ਭੇਜਿਆ ਗਿਆ ਸੀ

ਕੈਨੇਡਾ ਹਾਈ ਕਮਿਸ਼ਨ

ਤਸਵੀਰ ਸਰੋਤ, EPA-EFE/REX

ਤਸਵੀਰ ਕੈਪਸ਼ਨ, ਕੈਨੇਡਾ ਹਾਈ ਕਮਿਸ਼ਨ

ਕੈਨੇਡੀਆਈ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਬੰਦ ਕਰਨ ਦੇ ਨਾਲ ਹੀ ਭਾਰਤ ਸਰਕਾਰ ਨੇ ਕੈਨਡਾ ਨੂੰ ਕੂਟਨੀਤਕਾਂ ਵਿੱਚ ਬਰਾਬਰੀ ਲਿਆਉਣ ਲਈ ਕਿਹਾ ਸੀ।

ਇਸ ਦੇ ਚਲਦਿਆਂ ਭਾਰਤ ਵੱਲੋਂ 41 ਦੇ ਕਰੀਬ ਕੂਟਨੀਤਕਾਂ ਦੀ ਡਿਪਲੋਮੈਟਿਕ ਇਮਊਨਿਟੀ ਖ਼ਤਮ ਕਰ ਦਿੱਤੀ ਗਈ ਸੀ।

ਕੈਨੇਡਾ ਵੱਲੋਂ ਇਹ ਕੂਟਨੀਤਕ 41 ਅਕਤੂਬਰ ਨੂੰ ਵਾਪਸ ਬੁਲਾ ਲਏ ਗਏ ਸਨ।

ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੋਲੀ ਨੇ ਕਿਹਾ ਸੀ ਕਿ ਡਿਪਲੋਮੈਟਿਕ ਸਟਾਫ਼ ਦੀ ਵਾਪਸੀ ਨਾਲ ਬੈਂਗਲੁਰੂ, ਮੁੰਬਈ ਅਤੇ ਚੰਡੀਗੜ੍ਹ ਵਿੱਚ 'ਇਨ ਪਰਸਨ ਆਪਰੇਸ਼ਨਜ਼' ਨੂੰ ਰੋਕ ਦਿੱਤਾ ਜਾਵੇਗਾ।

ਅਧਿਕਾਰੀਆਂ ਨੇ ਕਿਹਾ ਸੀ ਕਿ ਇਹ ਸੇਵਾਵਾਂ ਮੁੜ ਕਦੋਂ ਸ਼ੁਰੂ ਹੋ ਸਕਣਗੀਆਂ ਇਸ ਬਾਰੇ ਕੋਈ ਕੁਝ ਦਾਅਵੇ ਨਾਲ ਨਹੀਂ ਕਿਹਾ ਜਾ ਸਕਦਾ।

ਅਧਿਕਾਰੀਆਂ ਨੇ ਕਿਹਾ ਸੀ ਕਿ ਦਿੱਲੀ ਸਥਿਤ ਕੈਨੇਡਾ ਦੇ ਹਾਈ ਕਮਿਸ਼ਨ ਦੀਆਂ ਸੇਵਾਵਾਂ ਅਜੇ ਵੀ ਜਾਰੀ ਰਹਿਣਗੀਆਂ ਅਤੇ ਤੀਜੀਆਂ ਧਿਰਾਂ ਵੱਲੋਂ ਦੁਆਰਾ ਚਲਾਏ ਜਾਂਦੇ ਅਰਜ਼ੀ ਕੇਂਦਰ ਵੀ ਖੁੱਲ੍ਹੇ ਰਹਿਣਗੇ।

ਮਾਮਲੇ ਦੀ ਸ਼ੁਰੂਆਤ ਕਿਵੇਂ ਹੋਈ

ਹਰਦੀਪ ਸਿੰਘ ਨਿੱਝਰ

ਤਸਵੀਰ ਸਰੋਤ, FB/VIRSA SINGH VALTOHA

ਤਸਵੀਰ ਕੈਪਸ਼ਨ, ਹਰਦੀਪ ਸਿੰਘ ਨਿੱਝਰ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ (ਸਰੀ) ਦੇ ਪ੍ਰਧਾਨ ਸਨ

ਕੈਨੇਡਾ ਅਤੇ ਭਾਰਤ ਦਰਮਿਆਨ ਤਣਾਅ ਇਸੇ ਸਾਲ ਸਤੰਬਰ ਵਿੱਚ ਸ਼ੁਰੂ ਹੋਇਆ ਸੀ।

ਕੈਨੇਡੀਆਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਦੀ ਪਾਰਲੀਮੈਂਟ ਵਿੱਚ ਇਹ ਇਲਜ਼ਾਮ ਲਾਏ ਸਨ ਕਿ ਭਾਰਤੀ ਏਜੰਸੀਆਂ ਕੈਨੇਡਾ ਦੀ ਧਰਤੀ ਉੱਤੇ ਕੈਨੇਡਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਸ਼ਮੂਲੀਅਤ ਰਹੀ ਹੈ।

ਖਾਲਿਸਤਾਨ ਹਮਾਇਤੀ ਹਰਦੀਪ ਸਿੰਘ ਨਿੱਝਰ ਨੂੰ ਜੂਨ 2023 ਵਿੱਚ ਸਰੀ ਵਿੱਚ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ ਸੀ।

ਇਸ ਬਿਆਨ ਤੋਂ ਬਾਅਦ ਕੈਨੇਡਾ ਨੇ ਭਾਰਤ ਦੇ ਸੀਨੀਅਰ ਡਿਪਲੋਮੇਟ ਪਵਨ ਕੁਮਾਰ ਰਾਏ ਨੂੰ ਮੁਲਕ ਵਿੱਚੋਂ ਕੱਢ ਦਿੱਤਾ ਸੀ। ਜਵਾਬੀ ਕਾਰਵਾਈ ਵਿੱਚ ਭਾਰਤ ਨੇ ਵੀ ਕੈਨੇਡਾ ਦੇ ਸੀਨੀਅਰ ਡਿਪਲੋਮੇਟ ਨੂੰ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਦਾ ਹੁਕਮ ਦਿੱਤਾ ਹੈ।

ਇਸ ਮਾਮਲੇ 'ਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਸੀ , ''ਭਾਰਤ ਨੇ ਕੈਨੇਡੀਅਨ ਡਿਪਲੋਮੈਟ ਨੂੰ ਕੱਢ ਦਿੱਤਾ ਹੈ। ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਭਾਰਤ ਸਰਕਾਰ ਦੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਗਈ ਹੈ। ਸਬੰਧਤ ਡਿਪਲੋਮੈਟ ਨੂੰ ਅਗਲੇ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਲਈ ਕਿਹਾ ਗਿਆ ਹੈ।”

"ਇਹ ਫੈਸਲਾ ਸਾਡੇ ਅੰਦਰੂਨੀ ਮਾਮਲਿਆਂ ਵਿੱਚ ਕੈਨੇਡੀਅਨ ਡਿਪਲੋਮੈਟਾਂ ਦੀ ਦਖਲਅੰਦਾਜ਼ੀ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਲੈ ਕੇ ਭਾਰਤ ਸਰਕਾਰ ਦੀ ਵੱਧ ਰਹੀ ਚਿੰਤਾ ਨੂੰ ਦਰਸਾਉਂਦਾ ਹੈ।"

ਭਾਰਤ ਨੇ ਕੈਨੇਡਾ ਦੇ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ।

ਅਗਲੇ ਕੁਝ ਦਿਨਾਂ ਵਿੱਚ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਨ ਦੀਆਂ ਸੇਵਾਵਾਂ ਰੱਦ ਕਰ ਦਿੱਤੀਆਂ ਸਨ, ਇਸ ਪਿੱਛੇ ਦੂਤਾਵਾਸ ਦੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਖਤਰਾ ਦੱਸਿਆ ਗਿਆ ਸੀ।

ਭਾਰਤ-ਕੈਨੇਡਾ ਮਸਲਾ: ਹੁਣ ਤੱਕ ਕੀ ਕੁਝ ਹੋਇਆ

ਨਰਿੰਦਰ ਮੋਦੀ ਅਤੇ ਜਸਟਿਨ ਟਰੂਡੋ

ਤਸਵੀਰ ਸਰੋਤ, Getty Images

  • ਸਤੰਬਰ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ ਏਜੰਸੀਆਂ ਦੇ ਹਵਾਲੇ ਨਾਲ ਨਿੱਝਰ ਕਤਲ ਕੇਸ ਅਤੇ ਭਾਰਤ ਸਰਕਾਰ ਵਿਚਾਲੇ ਪ੍ਰਤੱਖ਼ ਲਿੰਕ ਹੋਣ ਦੀ ਗੱਲ ਕਹੀ ਸੀ।
  • ਇਸ ਬਿਆਨ ਤੋਂ ਬਾਅਦ ਕੈਨੇਡਾ ਨੇ ਭਾਰਤ ਦੇ ਸੀਨੀਅਰ ਡਿਪਲੋਮੇਟ ਪਵਨ ਕੁਮਾਰ ਰਾਏ ਨੂੰ ਮੁਲਕ ਵਿੱਚੋਂ ਕੱਢ ਦਿੱਤਾ।
  • ਭਾਰਤ ਨੇ ਵੀ ਮੰਗਲਵਾਰ ਕੈਨੇਡਾ ਦੇ ਸੀਨੀਅਰ ਡਿਪਲੋਮੇਟ ਨੂੰ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਦਾ ਹੁਕਮ ਦਿੱਤਾ ਹੈ।
  • ਭਾਰਤ ਸਰਕਾਰ ਨੇ ਇਸ ਬਿਆਨ ਨੂੰ ਬੇ-ਬੁਨਿਆਦ ਅਤੇ ਸਿਆਸੀ ਤੌਰ ਉੱਤੇ ਪ੍ਰੇਰਿਤ ਕਰਾਰ ਦਿੱਤਾ ਸੀ।
  • 21 ਸਤੰਬਰ ਨੂੰ ਨਿਊਯਾਰਕ ਵਿੱਚ ਟਰੂਡੋ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਪਣੇ ਇਲਜ਼ਾਮ ਦੁਹਰਾਏ, “ਇਸ ਗੱਲ ਉੱਤੇ ਭਰੋਸਾ ਕਰਨ ਲਈ ਪੁਖ਼ਤਾ ਕਾਰਨ ਹਨ ਕਿ ਭਾਰਤੀ ਏਜੰਟ ਇੱਕ ਕੈਨੇਡੀਅਨ ਨਾਗਰਿਕ ਦੇ ਕੈਨੇਡੀਅਨ ਧਰਤੀ ਉੱਤੇ ਹੋਏ ਕਤਲ ਵਿੱਚ ਸ਼ਾਮਿਲ ਹਨ।”
  • ਇਸ ਵਿਵਾਦ ਦੇ ਚਲਦਿਆਂ ਦੋਵੇਂ ਦੇਸ਼ਾਂ ਨੇ ਆਪਣੇ-ਆਪਣੇ ਨਾਗਰਿਕਾਂ ਨੂੰ ਇੱਕ-ਦੂਜੇ ਦੇ ਦੇਸ਼ 'ਚ ਰਹਿਣ ਜਾਂ ਯਾਤਰਾ ਦੌਰਾਨ ਵਧੇਰੇ ਸਾਵਧਾਨ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਹਨ।
  • ਇਸੇ ਦੌਰਾਨ ਅਮਰੀਕਾ ਨੇ ਕਿਹਾ ਹੈ ਕਿ ਉਹ ਪ੍ਰਧਾਨ ਮੰਤਰੀ ਟਰੂ਼ਡੋ ਵਲੋਂ ਲਾਏ ਇਲਜ਼ਾਮਾਂ ਦੀ ਵਿਸਥਾਰਤ ਜਾਂਚ ਦਾ ਸਮਰਥਕ ਹੈ ਅਤੇ ਭਾਰਤ ਨੂੰ ਇਸ ਮਸਲੇ ਉੱਤੇ ਸਹਿਯੋਗ ਕਰਨਾ ਚਾਹੀਦਾ ਹੈ।
  • ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਮਹਿਲਾ ਬੁਲਾਰੇ ਮੁਮਤਾਜ਼ ਜ਼ਾਹਰਾ ਬਲੋਚ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ, ''ਇਹ ਇੱਕ ਲਾਪਰਵਾਹ ਅਤੇ ਗ਼ੈਰ-ਜ਼ਿੰਮੇਦਾਰ ਹਰਕਤ ਹੈ ਜੋ ਇੱਕ ਭਰੋਸੇਯੋਗ ਅੰਤਰ-ਰਾਸ਼ਟਰੀ ਸਹਿਯੋਗੀ ਦੇ ਰੂਪ 'ਚ ਭਾਰਤ ਦੀ ਭਰੋਸੇਯੋਗਤਾ 'ਤੇ ਸਵਾਲ ਹੈ।’’
  • 20 ਅਕਤੂਬਰ ਨੂੰ ਕੈਨੇਡਾ ਵੱਲੋਂ ਭਾਰਤ ਵਿੱਚਲੇ ਆਪਣੇ 41 ਕੂਟਨੀਤਕਾਂ ਨੂੰ ਵਾਪਸ ਬੁਲਾਇਆ ਗਿਆ।
  • 25 ਅਕਤੂਬਰ ਨੂੰ ਭਾਰਤ ਦੇ ਕੈਨੇਡਾ ਦੇ ਨਾਗਰਿਕਾਂ ਲਈ ਚਾਰ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)