ਜਸਵੰਤ ਸਿੰਘ ਖਾਲੜਾ: ਲਾਵਾਰਿਸ ਕਹਿ ਕੇ ਸਾੜੀਆਂ ਹਜ਼ਾਰਾਂ ਲਾਸ਼ਾਂ ਦਾ 'ਵਾਰਿਸ'

ਵੀਡੀਓ ਕੈਪਸ਼ਨ, ਜਸਵੰਤ ਸਿੰਘ ਖਾਲੜਾ: ਲਾਵਾਰਿਸ ਕਹਿ ਕੇ ਸਾੜੀਆਂ ਹਜ਼ਾਰਾਂ ਲਾਸ਼ਾਂ ਦਾ ਵਾਰਿਸ
ਪ੍ਰਕਾਸ਼ਿਤ

ਪੰਜਾਬ ਦਾ 1980ਵਿਆਂ ਅਤੇ 1990ਵਿਆਂ ਦਾ ਪਹਿਲਾ ਅੱਧ ਖਾੜਕੂ ਲਹਿਰ, ਪੁਲਿਸ ਕਾਰਵਾਈਆਂ ਅਤੇ ਬੇਕਸੂਰ ਲੋਕਾਂ ਦੇ ਘਾਣ ਲਈ ਜਾਣਿਆ ਜਾਂਦਾ ਹੈ।

ਇਸ ਦੌਰ ਵਿੱਚ ਜੇ ਦਹਿਸ਼ਤਗਰਦੀ ਦੀਆਂ ਵਾਰਦਾਤਾਂ ਹੋਈਆਂ ਤਾਂ ਪੁਲਿਸ ਤਸ਼ੱਦਦ, ਹਿਰਾਸਤੀ ਮੌਤਾਂ ਅਤੇ ਝੂਠੇ ਪੁਲਿਸ ਮੁਕਾਬਲੇ ਵੀ ਲਗਾਤਾਰ ਚਰਚਾ ਵਿੱਚ ਰਹੇ।

ਇਹ ਮਸਲਾ ਮਨੁੱਖੀ ਹਕੂਕ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਹਵਾਲੇ ਨਾਲ ਚਰਚਾ ਵਿੱਚ ਆਇਆ ਜਦੋਂ ਉਨ੍ਹਾਂ ਨੇ ਅੰਮ੍ਰਿਤਸਰ, ਮਜੀਠਾ ਅਤੇ ਤਰਨ ਤਾਰਨ ਦੇ ਤਿੰਨ ਸ਼ਮਸ਼ਾਨ ਘਾਟਾਂ ਵਿੱਚ ਜੂਨ 1984 ਤੋਂ ਦਸੰਬਰ 1994 ਤੱਕ ਕਿਓਟੀਆਂ ਗਈਆਂ ਲਾਸ਼ਾਂ ਦੇ ਵੇਰਵੇ ਨਸ਼ਰ ਕੀਤੇ।

ਉਨ੍ਹਾਂ ਇਹ ਦਾਅਵਾ ਕੀਤਾ ਕਿ ਇਹ ਲਾਵਾਰਿਸ ਲਾਸ਼ਾਂ ਪੁਲਿਸ ਦੀਆਂ ਗ਼ੈਰ-ਕਾਨੂੰਨੀ ਕਾਰਵਾਈਆਂ ਦੀ ਗਵਾਹੀ ਭਰਦੀਆਂ ਹਨ।

ਜਸਵੰਤ ਸਿੰਘ ਖਾਲੜਾ ਨੇ ਲਾਵਾਰਿਸ ਕਹਿ ਕੇ ਸਸਕਾਰੀਆਂ ਲਾਸ਼ਾਂ ਬਾਰੇ ਖੋਜ ਅੰਮ੍ਰਿਤਸਰ ਤੋਂ ਸ਼ੁਰੂ ਕੀਤੀ, ਸਥਾਨਕ ਨਗਰ ਨਿਗਮ ਦੀਆਂ ਫ਼ਾਇਲਾਂ ਦੇ ਅਧਾਰ ਉੱਤੇ ਅਜਿਹੇ ਵਿਅਕਤੀਆਂ ਦਾ ਰਿਕਾਰਡ ਖੰਗਾਲਿਆਂ ਤਾਂ ਉਨ੍ਹਾਂ ਨੂੰ ਇੱਥੇ ਹੀ 2097 ਜਣਿਆਂ ਦੇ ਸਬੂਤ ਮਿਲ ਗਏ।

ਖਾਲ਼ੜਾ ਨੇ ਕੈਨੈਡੀਅਨ ਸੰਸਦ ਅਤੇ ਮੀਡੀਆ ਵਿਚ ਬੋਲਦਿਆਂ ਕਿਹਾ ਸੀ ਕਿ ਜੇਕਰ ਅੰਮ੍ਰਿਤਸਰ ਦੇ ਸ਼ਹਿਰ ਦੇ ਇੱਕ ਦੁਰਗਿਆਨਾ ਮੰਦਰ ਸਮਸਾਨਘਾਟ ਵਿਚ ਇੰਨੀ ਵੱਡੀ ਗਿਣਤੀ ਹੈ ਤਾਂ ਇਹ ਗਿਣਤੀ ਪੂਰੇ ਪੰਜਾਬ ਵਿਚ 25000 ਤੋਂ ਵੱਧ ਬਣਦੀ ਹੈ।

ਇਨ੍ਹਾਂ ਮਸਲਿਆਂ ਨਾਲ ਜੁੜੇ ਸੁਆਲਾਂ ਦੀ ਕੀਮਤ ਜਸਵੰਤ ਸਿੰਘ ਖਾਲੜਾ ਨੂੰ ਆਪਣੀ ਜਾਨ ਦੇ ਕੇ ਉਤਾਰਨੀ ਪਈ ਸੀ।

ਉਨ੍ਹਾਂ ਨੂੰ 6 ਸਤੰਬਰ 1995 ਨੂੰ ਅੰਮ੍ਰਿਤਸਰ ਵਿੱਚ ਉਨ੍ਹਾਂ ਦੇ ਘਰੋਂ ਪੁਲਿਸ ਨੇ ਅਗਵਾ ਕੀਤਾ ਅਤੇ ਉਸ ਤੋਂ ਬਾਅਦ ਉਨ੍ਹਾਂ ਦਾ ਕੋਈ ਥਹੁ-ਪਤਾ ਨਹੀਂ ਲੱਗਿਆ।

ਉਨ੍ਹਾਂ ਨੂੰ ਅਗਵਾ ਕਰਨ ਅਤੇ ਕਤਲ ਕਰਨ ਲਈ ਸੀਬੀਆਈ ਨੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਦੋਸ਼ੀ ਦੱਸਿਆ।

ਇੰਡੀਅਨ ਐਕਸਪ੍ਰੈੱਸ ਅਨੁਸਾਰ 5 ਨਵੰਬਰ 1995 ਪਟਿਆਲਾ ਦੀ ਸੈਸ਼ਨ ਅਦਾਲਤ ਨੇ ਡੀਐੱਸਪੀ ਜਸਪਾਲ ਸਿੰਘ ਤੇ ਅਮਰਜੀਤ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

ਫਿਰ ਅਕਤੂਬਰ 2007 ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਦੀ ਜਸਟਿਸ ਮਹਿਤਾਬ ਸਿੰਘ ਗਿੱਲ ਨੇ 4 ਹੋਰ ਦੋਸ਼ੀ ਪੁਲਿਸ ਮੁਲਾਜ਼ਮਾਂ ਦੀ 7 ਸਾਲ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਸੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)