ਲਖੀਮਪੁਰ ਖੀਰੀ ਜਾਣ ਵਾਲੇ ਆਗੂ ਰੋਕੇ ਗਏ, ਕੁਝ ਹਿਰਾਸਤ ਵਿੱਚ
ਲਖੀਮਪੁਰ ਖੀਰੀ ਵਿੱਚ ਹੋਈ ਹਿੰਸਾ ਦੀ ਘਟਨਾ ਦਾ ਮਾਮਲਾ ਭਖ ਗਿਆ ਹੈ। ਯੂਪੀ ਦੇ ਲਖੀਮਪੁਰ ਖੀਰੀ ਵਿਚ ਭਾਰਤ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਕਾਫ਼ਲੇ ਨੂੰ ਕਾਲੀਆਂ ਝੰਡੀਆਂ ਦਿਖਾਉਣ ਆਏ ਕਿਸਾਨਾਂ ਉੱਤੇ ਗੱਡੀਆਂ ਚੜ੍ਹਨ ਨਾਲ ਹੁਣ ਤੱਕ ਅੱਠ ਮੌਤਾਂ ਹੋਣ ਦੀ ਪੁਸ਼ਟੀ ਹੋਈ ਹੈ।
ਲਖੀਮਪੁਰ ਖੀਰੀ ਜਾ ਰਹੀ ਕਾਂਗਰਸ ਦੀ ਆਗੂ ਪ੍ਰਿਅੰਕਾ ਗਾਂਧੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਯੂਪੀ ਦੇ ਸਾਬਕਾ ਸੀਐੱਮ ਅਖਿਲੇਸ਼ ਯਾਦਵ ਨੂੰ ਵੀ ਲਖੀਮਪੁਰ ਖੀਰੀ ਜਾਣ ਤੋਂ ਰੋਕ ਦਿੱਤਾ ਗਿਆ। ਰੋਕੇ ਜਾਣ ਤੋਂ ਬਾਅਦ ਅਖਿਲੇਸ਼ ਆਪਣੇ ਘਰ ਦੇ ਬਾਹਰ ਧਰਨੇ ’ਤੇ ਬੈਠ ਗਏ, ਫਿਰ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
ਖ਼ਬਰ ਏਜੰਸੀ ਏਐੱਨਆਈ ਨਾਲ ਗੱਲਬਾਤ ਦੌਰਾਨ ਲਖੀਮਪੁਰ ਖੀਰੀ ਦੇ ਡੀਐਮ ਅਰਵਿੰਦ ਕੁਮਾਰ ਚੌਰਸੀਆ ਨੇ ਕਿਹਾ ਹੈ ਕਿ ਚਾਰ ਕਿਸਾਨਾਂ ਅਤੇ ਚਾਰ ਹੋਰ ਲੋਕਾਂ ਦੀ ਮੌਤ ਹੋਈ ਹੈ।
ਕਿਸਾਨਾਂ ਨੇ ਅਜੇ ਮਿਸ਼ਰਾ ਨੂੰ ਮੰਤਰੀ ਅਹੁਦੇ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਕਿਸਾਨਾ ਨੇ ਕੇਂਦਰੀ ਮੰਤਰੀ ਦੇ ਪੁੱਤਰ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਮਾਰੇ ਗਏ ਲੋਕਾਂ ਨੂੰ ਪਰਿਵਾਰ ਵਾਲਿਆਂ ਨੂੰ 1-1 ਕਰੋੜ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਵੀ ਮੰਗ ਹੈ।
ਅਜੇ ਮਿਸ਼ਰਾ ਤੇ ਉਨ੍ਹਾਂ ਨੇ ਪੁੱਤਰ ਨੇ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਿਜ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਅਤੇ ਉਨ੍ਹਾਂ ਦੇ ਪੁੱਤਰ ਉਸ ਵੇਲੇ ਘਟਨਾ ਵਾਲੀ ਥਾਂ ਉੱਤੇ ਮੌਜੂਦ ਨਹੀਂ ਸਨ।
ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਕੇਂਦਰੀ ਮੰਤਰੀਆਂ ਅਤੇ ਵੱਖ ਵੱਖ ਸੂਬਿਆਂ ਵਿਚ ਭਾਜਪਾ ਸਰਕਾਰਾਂ ਤੇ ਆਗੂਆਂ ਦੇ ਸਮਾਗਮਾਂ ਦਾ ਪਿਛਲੇ ਕਈ ਮਹੀਨਿਆਂ ਤੋਂ ਵਿਰੋਧ ਕਰ ਰਹੇ ਹਨ। ਇਸੇ ਕੜੀ ਤਹਿਤ ਕਿਸਾਨ ਇਲਾਕੇ ਵਿਚ ਆ ਰਹੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਅਤੇ ਉੱਤਰ ਪ੍ਰਦੇਸ਼ ਦੇ ਡਿਪਟੀ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਨੂੰ ਕਾਲੀਆਂ ਝੰਡੀਆਂ ਦਿਖਾਉਣ ਆਏ ਸਨ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦਾ ਕਹਿਣਾ ਹੈ ਕਿ ਕਿਸਾਨਾਂ ਵਿੱਚ ਸ਼ਾਮਿਲ ਸ਼ਰਾਰਤੀ ਅਨਸਰਾਂ ਨੇ ਉਨ੍ਹਾਂ ਦੇ ਕਾਫਿਲੇ ਉੱਤੇ ਹਮਲਾ ਕੀਤਾ ਸੀ। ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨ ਰੱਦ ਹੋਣੇ ਚਾਹੀਦੇ ਹਨ। ਸਰਕਾਰ ਇਨ੍ਹਾਂ ਕਾਨੂੰਨਾਂ ਵਿੱਚ ਸੋਧ ਕਰਨ ਦੀ ਗੱਲ ਕਹਿ ਚੁੱਕੀ ਹੈ। ਦੋਵੇਂ ਧਿਰਾਂ ਵਿਚਾਲੇ ਕਈ ਮੀਟਿੰਗਾਂ ਦੇ ਦੌਰ ਮਗਰੋਂ ਵੀ ਮਸਲੇ ਦਾ ਹੱਲ ਨਹੀਂ ਨਿਕਲ ਸਕਿਆ ਹੈ।
ਵੀਡੀਓ- ANI
ਐਡਿਟ- ਦਿਤੀ ਵਾਜਪਾਈ