ਬੇਅਦਬੀ ਮਾਮਲਾ: ਡੇਰਾ ਸੱਚਾ ਸੌਦਾ ਮੁਖੀ ਤੋਂ ਕਰੀਬ ਸਾਢੇ 9 ਘੰਟੇ ਹੋਈ ਪੁੱਛਗਿੱਛ

ਗੁਰਮੀਤ ਰਾਮ ਰਹੀਮ

ਤਸਵੀਰ ਸਰੋਤ, PUNIT PARANJPE/AFP/Getty Images

ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 6 ਮਿੰਟ

ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲਿਆਂ ਵਿੱਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਸੋਮਵਾਰ ਨੂੰ ਰੋਹਤਕ ਦੀ ਸੋਨਾਰੀਆ ਜੇਲ੍ਹ ਵਿੱਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕੀਤੀ।

ਇਹ ਪੁੱਛਗਿੱਛ ਤਕਰੀਬਨ ਸਾਢੇ ਨੌਂ ਘੰਟੇ ਚੱਲੀ ਅਤੇ ਟੀਮ ਵਾਪਿਸ ਪਰਤ ਗਈ। ਟੀਮ ਨੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ।

2017 ਤੋਂ ਬਾਅਦ ਪਹਿਲੀ ਵਾਰ ਹੋਇਆ ਹੈ ਜਦੋਂ ਕਿਸੇ ਜਾਂਚ ਟੀਮ ਨੇ ਰਾਮ ਰਹੀਮ ਤੋਂ ਆਹਮਣੇ ਸਾਹਮਣੇ ਬੈਠ ਕੇ ਪੁੱਛਗਿੱਛ ਕੀਤੀ ਹੋਵੇ।

ਇੰਸਪੈਕਟਰ ਜਨਰਲ ਐੱਸਪੀ ਪਰਮਾਰ ਦੀ ਅਗਵਾਈ ਵਿੱਚ ਜਾਂਚ ਟੀਮ ਸਵੇਰੇ ਹੀ ਰੋਹਤਕ ਦੀ ਸੋਨਾਰੀਆ ਜੇਲ੍ਹ ਪੁੱਜੀ ਸੀ।

ਸ਼ਾਮ 5:30 ਅਜੇ ਤੱਕ ਇਹ ਪੁੱਛਗਿੱਛ ਹੋਈ ਅਤੇ ਉਸ ਤੋਂ ਬਾਅਦ ਰਾਮ ਰਹੀਮ ਨੂੰ ਫਿਰ ਜੇਲ੍ਹ ਦੇ ਸਪੈਸ਼ਲ ਸੈੱਲ ਵਿੱਚ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ :

ਰੋਹਤਕ ਰੇਂਜ ਦੇ ਆਈਜੀ ਸੰਦੀਪ ਖਿਰਵਾਰ, ਰੋਹਤਕ ਦੇ ਐੱਸਪੀ ਉਦੈ ਸਿੰਘ ਮੀਨਾ ਵੀ ਸਵੇਰੇ ਸੋਨਾਰੀਆ ਜੇਲ੍ਹ ਅੰਦਰ ਜਾਂਦੇ ਦਿਖੇ।

ਇਸ ਪੁੱਛਗਿੱਛ ਤੋਂ ਪਹਿਲਾਂ ਹੀ ਜੇਲ੍ਹ ਵਿੱਚ ਸੁਰੱਖਿਆ ਦੇ ਪ੍ਰਬੰਧਾਂ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਸੀ।

ਬੀਬੀਸੀ ਸਹਿਯੋਗੀ ਸੰਤ ਸਿੰਘ ਮੁਤਾਬਕ ਪੰਜਾਬ ਪੁਲਿਸ ਦੀ ਟੀਮ ਵੱਲੋਂ ਰਾਮ ਰਹੀਮ ਨੂੰ ਪੁੱਛਣ ਲਈ 40 ਸਵਾਲ ਤਿਆਰ ਕੀਤੇ ਗਏ ਸਨ।

ਬੇਅਦਬੀ ਦੀਆਂ ਇਹ ਘਟਨਾਵਾਂ ਸਾਲ 2015 ਵਿੱਚ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਲਾਗਲੇ ਪਿੰਡ ਬੁਰਜ ਜਵਾਹਰ ਸਿੰਘ ਤੇ ਬਹਿਬਲ ਕਲਾਂ ਵਿੱਚ ਹੋਈਆਂ ਸਨ।

ਗੁਰਮੀਤ ਰਾਮ ਰਹੀਮ 2017 ਤੋਂ ਸੋਨਾਰੀਆ ਜੇਲ੍ਹ ਵਿੱਚ ਦੋ ਸਾਧਵੀਆਂ ਨਾਲ ਬਲਾਤਕਾਰ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਹਨ।

ਡੇਰਾ ਮੁਖੀ ਦਾ ਨਾਮ ਗੁਰੂ ਗ੍ਰੰਥ ਸਾਹਿਬ ਦੀ ਬੀੜ ਚੋਰੀ ਕਰਨ ਦੇ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ ਭਾਵੇਂ ਕਿ ਡੇਰਾ ਇਨ੍ਹਾਂ ਇਲਜ਼ਾਮਾਂ ਨੂੰ ਰੱਦ ਕਰਦਾ ਰਿਹਾ ਹੈ।

ਇਸੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਇੰਸਪੈਕਟਰ ਜਨਰਲ ਐੱਸਪੀਐੱਸ ਪਰਮਾਰ ਦੀ ਅਗਵਾਈ ਵਿੱਚ ਜਾਂਚ ਟੀਮ ਸੋਨਾਰੀਆ ਜੇਲ੍ਹ ਪਹੁੰਚੀ ਹੈ।

ਇਸ ਟੀਮ ਵਿੱਚ ਐੱਸਐੱਸਪੀ ਐੱਮਐੱਸ ਭੁੱਲਰ, ਡੀਐੱਸਪੀ ਲਖਬੀਰ ਸਿੰਘ ਅਤੇ ਇੰਸਪੈਕਟਰ ਦਲਬੀਰ ਸਿੰਘ ਸ਼ਾਮਲ ਹਨ।

ਬੇਅਦਬੀ ਮਾਮਲੇ ਵਿੱਚ ਕਿੰਨੀ ਦੇਰ ਹੋਵੇਗੀ ਪੁੱਛਗਿੱਛ

ਰੋਹਤਕ ਲਈ ਰਵਾਨਾ ਹੋਣ ਤੋਂ ਪਹਿਲਾ ਰਾਜਪੁਰਾ ਵਿੱਚ ਪਰਮਾਰ ਨੇ ਖ਼ਬਰ ਏਜੰਸੀ ਪੀਟੀਆਈ ਨਾਲ ਗੱਲਬਾਤ ਦੌਰਾਨ ਕਿਹਾ, ''ਇਹ ਜਾਂਚ ਦੀ ਪ੍ਰਕਿਰਿਆ ਹੈ ਜਿਸ ਨੂੰ ਅਸੀਂ ਅੱਗੇ ਵਧਾ ਰਹੇ ਹਾਂ।''

ਡੇਰਾ ਸੱਚਾ ਸੌਦਾ

ਤਸਵੀਰ ਸਰੋਤ, Sat singh/bbc

ਡੇਰਾ ਮੁਖੀ ਤੋਂ ਪੁੱਛਗਿੱਛ ਕਿੰਨੀ ਲੰਬੀ ਚੱਲ ਸਕਦੀ ਹੈ? ਸਵਾਲ ਦੇ ਜਵਾਬ ਵਿੱਚ ਪਰਮਾਰ ਨੇ ਕਿਹਾ, ''ਇਹ ਇਸ ਗੱਲ ਉੱਤੇ ਨਿਰਭਰ ਕਰੇਗੀ ਕਿ ਉਹ ਪੁੱਛਗਿੱਛ ਵਿੱਚ ਸਹਿਯੋਗ ਕਰਦੇ ਹਨ ਜਾਂ ਨਹੀਂ ਅਤੇ ਉਨ੍ਹਾਂ ਨੇ ਸਹੀ ਜਵਾਬ ਦਿੱਤੇ ਹਨ ਜਾਂ ਨਹੀਂ।''

ਡੇਰਾ ਮੁਖੀ ਨੂੰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ਉੱਤੇ ਫਰੀਦਕੋਟ ਲਿਆਉਣ ਲਈ ਹੇਠਲੀ ਅਦਾਲਤ ਵੱਲੋਂ ਦਿੱਤੇ ਪ੍ਰੋਡਕਸ਼ਨ ਵਾਰੰਟ ਉੱਤੇ ਹਾਈਕੋਰਟ ਨੇ ਰੋਕ ਲਗਾ ਦਿੱਤੀ ਸੀ।

ਫਰੀਦਕੋਟ ਅਦਾਲਤ ਨੇ ਡੇਰਾ ਮੁਖੀ ਖਿਲਾਫ਼ 29 ਅਕਤੂਬਰ ਨੂੰ ਫਰੀਦਕੋਟ ਲੈ ਕੇ ਆਉਣ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਸਨ।

ਡੇਰਾ ਸੱਚਾ ਸੌਦਾ ਦਾ ਕੀ ਹੈ ਪ੍ਰਤੀਕਿਰਿਆ

ਡੇਰਾ ਸੱਚਾ ਸੌਦਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਅਹਿਮ ਮੈਂਬਰ ਹਰਚਰਨ ਸਿੰਘ ਦਾ ਕਹਿਣਾ ਹੈ ਕਿ ਡੇਰੇ ਤੋਂ ਹਮੇਸ਼ਾ ਇਹੀ ਸਿੱਖਿਆ ਦਿੱਤੀ ਜਾਂਦੀ ਹੈ ਕਿ ਹਰ ਧਰਮ ਦਾ ਬਰਾਬਰ ਸਤਿਕਾਰ ਕਰਨਾ ਹੈ।

ਉਨ੍ਹਾਂ ਕਿਹਾ ਕਿ ਜਦੋਂ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ ਤਾਂ ਉਸ ਵੇਲੇ ਡੇਰਾ ਮੁਖੀ ਸੰਤ ਗੁਰਮੀਤ ਰਾਮ ਰਹੀਮ ਸਿੰਘ ਵਿਦੇਸ਼ ਵਿੱਚ ਸਨ ਅਤੇ ਉਨ੍ਹਾਂ ਨੇ ਉਥੋਂ ਆਪਣਾ ਸੰਦੇਸ਼ ਭੇਜ ਕੇ ਇਸ ਬੇਅਦਬੀ ਦੀ ਘਟਨਾ ਉੱਪਰ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਸੀ।

ਹਰਚਰਨ ਸਿੰਘ

ਤਸਵੀਰ ਸਰੋਤ, Surinder maan/bbc

ਤਸਵੀਰ ਕੈਪਸ਼ਨ, ਹਰਚਰਨ ਸਿੰਘ

ਹਰਚਰਨ ਸਿੰਘ ਨੇ ਬੀਬੀਸੀ ਪੰਜਾਬੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸਲ ਵਿੱਚ ਡੇਰੇ ਖ਼ਿਲਾਫ਼ ਇੱਕ ਸਿਆਸੀ ਸਾਜ਼ਿਸ਼ ਰਚੀ ਗਈ ਸੀ, ਜਿਹੜੀ ਕਿ ਨਿਰੰਤਰ ਜਾਰੀ ਹੈ।

ਉਨ੍ਹਾਂ ਕਿਹਾ ਕਿ ਕੁਝ ਸਿਆਸੀ ਲੋਕ ਆਪਣੇ ਨਿੱਜੀ ਮੁਫਾਦ ਲਈ ਡੇਰਾ ਮੁਖੀ ਸੰਤ ਗੁਰਮੀਤ ਰਾਮ ਰਹੀਮ ਸਿੰਘ ਦੇ ਸਬੰਧ ਵਿੱਚ ਗ਼ਲਤ ਗੱਲਾਂ ਕਰ ਕੇ ਆਪਣੀ ਚੌਧਰ ਕਾਇਮ ਕਰਨਾ ਚਾਹੁੰਦੇ ਹਨ।

ਹਰਚਰਨ ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਡੇਰੇ ਦੀ ਸੰਗਤ ਨੂੰ ਕਾਨੂੰਨ ਪ੍ਰਬੰਧ ਵਿੱਚ ਪੂਰਾ ਭਰੋਸਾ ਹੈ ਅਤੇ ਇੱਕ ਦਿਨ ਸੱਚ ਦੀ ਹੀ ਜਿੱਤ ਹੋਵੇਗੀ।

ਕੀ ਹੈ ਬੇਅਦਬੀ ਦਾ ਪੂਰਾ ਮਾਮਲਾ

ਇੱਕ ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਕੋਟਕਪੂਰਾ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਚੋਰੀ ਹੋ ਗਿਆ ਸੀ। 12 ਅਕਤੂਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਪੰਨੇ ਬਰਗਾੜੀ ਪਿੰਡ ਵਿਚੋਂ ਮਿਲੇ ਸਨ।

ਇਸ ਮਾਮਲੇ ਦਾ ਹੈਰਾਨੀਜਨਕ ਪਹਿਲੂ ਇਹ ਸੀ ਕਿ ਇਸ ਘਟਨਾ ਤੋਂ ਪਹਿਲਾਂ ਬਕਾਇਦਾ ਹੱਥ ਲਿਖਤ ਪੋਸਟਰ ਲਾਏ ਗਏ ਸਨ।

ਇਸ ਮਾਮਲੇ ਵਿੱਚ ਜਿਸ ਵਿਅਕਤੀ ਉੱਤੇ ਮੁੱਖ ਮੁਲਜ਼ਮ ਹੋਣ ਦੇ ਇਲਜ਼ਾਮ ਲੱਗੇ ਸਨ, ਉਸ ਦਾ ਨਾਂ ਮਹਿੰਦਰ ਸਿੰਘ ਬਿੱਟੂ ਸੀ ਅਤੇ ਉਹ ਡੇਰਾ ਸੱਚਾ ਸੌਦਾ ਦਾ ਪ੍ਰੇਮੀ ਸੀ।

ਮਹਿੰਦਰਪਾਲ ਸਿੰਘ ਬਿੱਟੂ (49) 'ਤੇ ਨਾਭਾ ਜੇਲ੍ਹ 'ਚ ਦੋ ਕੈਦੀਆਂ ਵੱਲੋਂ ਹਮਲਾ ਕੀਤਾ ਗਿਆ ਸੀ ਜਿਸ ਮਗਰੋਂ ਬਿੱਟੂ ਦੀ ਮੌਤ ਹੋ ਗਈ।

ਜੂਨ 2018 ਵਿੱਚ ਡੇਰਾ ਸੱਚਾ ਸੌਦਾ ਦੇ ਸਮਰਥਕ ਬਿੱਟੂ 'ਤੇ ਪੁਲਿਸ ਨੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਮਾਮਲਾ ਦਰਜ ਕੀਤਾ ਸੀ।

ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਜੁਲਾਈ 2020 ਵਿੱਚ ਐੱਸਆਈਟੀ ਨੇ ਨਾਮਜ਼ਦ ਕੀਤਾ ਸੀ।

ਇਹ ਫਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਇੱਕ ਵੱਡਾ ਮੋੜ ਸੀ।

ਡੇਰਾ ਸੱਚਾ ਸੌਦਾ

ਤਸਵੀਰ ਸਰੋਤ, AFP

ਇਸ ਮਾਮਲੇ ਦੀ ਪੜਤਾਲ ਕਰ ਰਹੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਫਰੀਦਕੋਟ ਦੀ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ।

ਵਿਸ਼ੇਸ਼ ਜਾਂਚ ਟੀਮ ਦੇ ਤਤਕਾਲੀ ਮੁਖੀ ਤੇ ਪੰਜਾਬ ਪੁਲਿਸ ਦੇ ਡੀਆਈਜੀ ਰਣਬੀਰ ਸਿੰਘ ਖੱਟੜਾ ਨੇ ਮੀਡੀਆ ਨੂੰ ਦੱਸਿਆ ਸੀ ਕਿ ਜਾਂਚ ਅਤੇ ਕੁਝ ਮੁਲਜ਼ਮਾਂ ਦੇ ਬਿਆਨਾਂ ਤੋਂ ਇਹ ਪਤਾ ਲੱਗਿਆ ਹੈ ਕਿ ਫਰੀਦਕੋਟ ਦੇ 2015 ਦੇ ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦਾ ਮਾਮਲਾ ਡੇਰਾ ਮੁਖੀ ਦੀ ਸਲਾਹ ਨਾਲ ਅੰਜਾਮ ਦਿੱਤਾ ਗਿਆ ਸੀ।

ਡੇਰਾ ਮੁਖੀ ਉੱਤੇ ਇਹ ਵੀ ਇਲਜ਼ਾਮ ਲਾਇਆ ਗਿਆ ਹੈ ਕਿ ਇਹ ਸਾਜ਼ਿਸ ਡੇਰੇ ਦੀ ਕੇਂਦਰੀ ਕਾਰਜਕਾਰਨੀ ਦੇ ਹੁਕਮਾਂ ਉੱਤੇ ਬਲਾਕ ਕਮੇਟੀ ਨੇ ਅੰਜਾਮ ਦਿੱਤੀ ਸੀ।

ਆਰਐੱਸ ਖੱਟੜਾ

ਤਸਵੀਰ ਸਰੋਤ, Surinder maan/bbc

ਬੀਬੀਸੀ ਸਹਿਯੋਗੀ ਸੁਰਿੰਦਰ ਮਾਨ ਮੁਤਾਬਕ ਇਸ ਮਾਮਲੇ ਵਿੱਚ ਕੁੱਲ ਰਾਮ ਰਹੀਮ 11 ਕੁੱਲ ਜਣੇ ਮੁਲਜ਼ਮ ਠਹਿਰਾਏ ਗਏ ਸਨ ਜਿਨ੍ਹਾਂ ਵਿੱਚੋਂ 6 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, 3 ਫਰਾਰ ਹਨ ਅਤੇ ਇੱਕ ਮਹਿੰਦਰਪਾਲ ਬਿੱਟੂ ਦੀ ਜੇਲ੍ਹ ਵਿੱਚ ਮੌਤ ਹੋ ਚੁੱਕੀ ਹੈ।

ਜਾਂਚ ਟੀਮ ਦੀ ਅਗਵਾਈ ਕਰ ਰਹੇ ਡੀਆਈਜੀ ਰਣਬੀਰ ਸਿੰਘ ਖੱਟੜਾ ਨੇ ਉਦੋਂ ਦੱਸਿਆ ਸੀ ਕਿ ਅਦਾਲਤ ਵਿੱਚ ਇਸ ਬਾਬਤ ਬਕਾਇਦਾ ਚਲਾਨ ਪੇਸ਼ ਕਰ ਦਿੱਤਾ ਗਿਆ ਸੀ।

ਇੱਕ ਨਜ਼ਰ ਬੇਅਦਬੀ ਮਾਮਲੇ ਦੇ ਪੂਰੇ ਘਟਨਾਕ੍ਰਮ 'ਤੇ

  • ਇੱਕ ਜੂਨ 2015: ਗੁਰੂ ਗ੍ਰੰਥ ਸਾਹਿਬ ਦੀ ਬੀੜ ਪਿੰਡ ਕੋਟਕਪੁਰਾ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਲਾਪਤਾ।
  • 12 ਅਕਤੂਬਰ 2015: ਗੁਰੂ ਗ੍ਰੰਥ ਸਾਹਿਬ ਦੇ ਅੰਗ ਬਰਗਾੜੀ ਪਿੰਡ ਵਿੱਚੋਂ ਮਿਲੇ।
  • 14 ਅਕਤੂਬਰ 2015: ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਮੁਲਜ਼ਮਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੋਟਕਪੁਰਾ 'ਚ ਸਿੱਖਾਂ ਵੱਲੋਂ ਪ੍ਰਦਰਸ਼ਨ, ਜਿਸ ਉੱਤੇ ਪੁਲਿਸ ਵੱਲੋਂ ਲਾਠੀਚਾਰਜ ਹੋਇਆ।
  • ਇਸੇ ਦਿਨ ਬਹਿਬਲ ਕਲਾਂ ਵਿੱਚ ਸਿੱਖਾਂ ਅਤੇ ਪੁਲਿਸ ਵਿਚਾਲੇ ਹੋਈ ਝੜਪ 'ਚ ਪੁਲਿਸ ਵੱਲੋਂ ਚਲਾਈ ਗਈ ਗੋਲੀ ਵਿੱਚ ਦੋ ਸਿੱਖ ਨੌਜਵਾਨਾਂ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ।
ਵੀਡੀਓ ਕੈਪਸ਼ਨ, ਬਰਗਾੜੀ ਬੇਅਦਬੀ ਕਾਂਡ ਦਾ 2015 ਤੋਂ ਹੁਣ ਤੱਕ ਦਾ ਪੂਰਾ ਘਟਨਾਕ੍ਰਮ
  • 18 ਅਕਤੂਬਰ 2015: ਅਕਾਲੀ-ਭਾਜਪਾ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਏਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਵਿੱਚ ਐੱਸਆਈਟੀ ਦਾ ਗਠਨ। ਪੁਲਿਸ ਵੱਲੋਂ ਪੂਰਾ ਮਾਮਲਾ ਸੁਲਝਾਉਣ ਦਾ ਦਾਅਵਾ ਪਰ ਪੁਲਿਸ ਦੇ ਦਾਅਵਿਆਂ ਉੱਤੇ ਸਵਾਲ ਖੜ੍ਹੇ ਹੋਏ।
  • 24 ਅਕਤੂਬਰ 2015: ਪੰਜਾਬ ਸਰਕਾਰ ਵੱਲੋਂ ਉਸ ਸਮੇਂ ਦੇ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਅਹੁਦੇ ਤੋਂ ਹਟਾਇਆ ਗਿਆ ਅਤੇ ਸੇਵਾ ਮੁਕਤ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦਾ ਗਠਨ ਹੋਇਆ।
  • 26 ਅਕਤੂਬਰ 2015: ਉਸ ਵੇਲੇ ਦੀ ਪੰਜਾਬ ਸਰਕਾਰ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ, ਪੋਸਟਰ ਅਤੇ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਪੰਨੇ ਮਿਲਣ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ।
  • 30 ਜੂਨ 2016: ਜਸਟਿਸ ਜ਼ੋਰਾ ਸਿੰਘ ਕਮਿਸ਼ਨ ਨੇ ਰਿਪੋਰਟ ਸਰਕਾਰ ਨੂੰ ਸੌਂਪੀ, ਪਰ ਕਮਿਸ਼ਨ ਦੀਆਂ ਤਜਵੀਜ਼ਾਂ ਉੱਤੇ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ।
  • 14 ਅਪ੍ਰੈਲ 2017: ਅਮਰਿੰਦਰ ਸਿੰਘ ਸਰਕਾਰ ਨੇ ਸੇਵਾ ਮੁਕਤ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਿੱਚ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਕਮਿਸ਼ਨ ਦਾ ਗਠਨ ਕੀਤਾ।
  • 30 ਜੂਨ 2018 ਜਸਟਿਸ ਰਣਜੀਤ ਸਿੰਘ ਨੇ ਬੇਅਦਬੀ ਦੇ ਮਾਮਲਿਆਂ ਦੀ ਰਿਪੋਰਟ ਸਰਕਾਰ ਨੂੰ ਸੌਂਪੀ।
  • 30 ਜੂਨ 2018: ਅਮਰਿੰਦਰ ਸਿੰਘ ਦੀ ਸਰਕਾਰ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਕਾਰਵਾਈ ਦੀ ਜਾਂਚ ਸੀਬੀਆਈ ਹਵਾਲੇ ਕੀਤੀ।
  • 28 ਅਗਸਤ 2018: ਪੰਜਾਬ ਵਿਧਾਨ ਸਭਾ ਵਿੱਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਉੱਤੇ ਬਹਿਸ ਅਤੇ ਅਕਾਲੀ ਦਲ ਵੱਲੋਂ ਬਹਿਸ ਦਾ ਬਾਈਕਾਟ ਕੀਤਾ ਗਿਆ। ਮਾਮਲੇ ਦੀ ਜਾਂਚ ਲਈ ਸੀਬੀਆਈ ਤੋਂ ਕੇਸ ਵਾਪਸ ਲੈਣ ਲਈ ਵਿਧਾਨ ਸਭਾ ਵਿੱਚ ਮਤਾ ਪਾਸ।
  • 10 ਸਤੰਬਰ 2018: ਪੰਜਾਬ ਸਰਕਾਰ ਵੱਲੋਂ ਬਹਿਬਲਾਂ ਕਲਾਂ ਅਤੇ ਕੋਟਕਪੂਰਾ ਪੁਲਿਸ ਕਾਰਵਾਈ ਦੀ ਜਾਂਚ ਲਈ ਏਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਵਿੱਚ ਐੱਸਆਈਟੀ ਦਾ ਗਠਨ।
  • ਬਰਗਾੜੀ 'ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਹਿਬਲ ਕਲਾਂ ਤੇ ਕੋਟਕਪੂਰਾ ਵਿੱਚ ਪੁਲਿਸ ਫਾਇਰਿੰਗ ਮਾਮਲੇ 'ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਅਦਾਕਾਰ ਅਕਸ਼ੇ ਕੁਮਾਰ ਨੂੰ SIT ਨੇ ਪੁੱਛਗਿੱਛ ਲਈ ਸੱਦਿਆ ਸੀ। ਸੰਮਨ ਮੁਤਾਬਕ, ''ਬਰਗਾੜੀ ਬੇਅਦਬੀ ਮਾਮਲਾ, ਕੋਟਕਪੂਰਾ ਤੇ ਬਹਿਬਲ ਕਲਾਂ ਪੁਲਿਸ ਫਾਇਰਿੰਗ ਦੀ ਜਾਂਚ ਦੇ ਮਾਮਲੇ ਵਿੱਚ ਜਿਨ੍ਹਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ ਉਨ੍ਹਾਂ ਦਾ ਹਾਜ਼ਰ ਹੋਣਾ ਲਾਜ਼ਮੀ ਹੈ। ਇਨ੍ਹਾਂ ਘਟਨਾਵਾਂ ਦੇ ਸਬੰਧ ਵਿੱਚ ਉਨ੍ਹਾਂ ਕੋਲੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਨ੍ਹਾਂ ਕੋਲ ਜੋ ਵੀ ਜਾਣਕਾਰੀਆਂ ਹਨ ਉਹ ਦਿੱਤੀਆਂ ਜਾਣ।''

ਇਹ ਵੀ ਪੜ੍ਹੋ:

ਇਹ ਵੀ ਦੇਖੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)