ਰੰਧਾਵਾ ਦੇ ਜਵਾਈ ਨੂੰ ਬਣਾਇਆ ਗਿਆ ਐਡੀਸ਼ਨਲ ਏਜੀ, ਵਿਰੋਧੀ ਧਿਰ ਨੇ ਕਿਹਾ 'ਘਰ ਘਰ ਨੌਕਰੀ' ਦਾ ਵਾਅਦਾ ਪੂਰਾ

ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 3 ਮਿੰਟ

ਆਪਣੇ ਰਿਸ਼ਤੇਦਾਰਾਂ ਅਤੇ ਕਰੀਬੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਇੱਕ ਵਾਰ ਮੁੜ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ।

ਇਸ ਵਾਰ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਕਾਰਨ ਇਹ ਵਿਵਾਦ ਸ਼ੁਰੂ ਹੋਇਆ ਹੈ।

ਰੰਧਾਵਾ ਦੇ ਜਵਾਈ ਐਡਵੋਕੇਟ ਤਰੁਨਵੀਰ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਆਰਜ਼ੀ ਤੌਰ 'ਤੇ ਐਡੀਸ਼ਨਲ ਐਡਵੋਕੇਟ ਜਨਰਲ ਦੇ ਅਹੁਦੇ 'ਤੇ ਪੰਜਾਬ ਸਰਕਾਰ ਲਈ ਕਈ ਕਾਨੂੰਨੀ ਕੇਸ ਲੜਨ ਲਈ ਆਖਿਆ ਗਿਆ ਹੈ।

ਇੱਕ ਨੋਟੀਫਿਕੇਸ਼ਨ ਮੁਤਾਬਕ ਐਡਵੋਕੇਟ ਤਰੁਨਦੀਪ 31 ਮਾਰਚ 2022 ਤੱਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਸਰਕਾਰ ਲਈ ਕਈ ਕੇਸਾਂ ਵਿੱਚ ਮੌਜੂਦ ਰਹਿਣਗੇ।

ਇਹ ਵੀ ਪੜ੍ਹੋ:

ਉਹ ਇਹ ਸਭ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਦੀ ਨਿਗਰਾਨੀ ਹੇਠ ਕਰਨਗੇ। ਫਿਲਹਾਲ ਇਹ ਆਰਜ਼ੀ ਤੌਰ 'ਤੇ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਵਧਾਇਆ ਵੀ ਜਾ ਸਕਦਾ ਹੈ।

ਇਸ ਤੋਂ ਪਹਿਲਾਂ ਵੀ ਕਈ ਮੰਤਰੀਆਂ ਅਤੇ ਵਿਧਾਇਕਾਂ ਦੇ ਕਰੀਬੀ ਰਿਸ਼ਤੇਦਾਰਾਂ ਨੂੰ ਸਰਕਾਰ ਵਿੱਚ ਅਹਿਮ ਅਹੁਦੇ ਅਤੇ ਸਰਕਾਰੀ ਨੌਕਰੀਆਂ ਦੇਣ ਦੇ ਮਾਮਲੇ ਵਿੱਚ ਵਿਵਾਦ ਹੋਏ ਹਨ।

ਸਿਆਸੀ ਵਿਰੋਧੀਆਂ ਦੇ ਨਿਸ਼ਾਨੇ 'ਤੇ ਰੰਧਾਵਾ ਤੇ ਪੰਜਾਬ ਸਰਕਾਰ

ਇਸ ਨੋਟੀਫਿਕੇਸ਼ਨ ਤੋਂ ਬਾਅਦ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਤੇ ਪੰਜਾਬ ਸਰਕਾਰ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ।

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ,"ਪੰਜਾਬ ਦੇ ਲੋਕਾਂ ਨਾਲ ਇਸ ਤੋਂ ਵੱਡਾ ਧੋਖਾ ਕੀ ਹੋ ਸਕਦਾ ਹੈ ਕਿ ਕਾਂਗਰਸ ਆਪਣੇ ਹੀ ਮੰਤਰੀਆਂ ਅਤੇ ਵਿਧਾਇਕਾਂ ਦੇ ਬੱਚਿਆਂ ਨੂੰ ਨੌਕਰੀਆਂ ਦੇ ਰਹੀ ਹੈ।"

ਸੁਖਬੀਰ ਸਿੰਘ ਬਾਦਲ ਨੇ ਕਾਂਗਰਸ 'ਤੇ ਤੰਜ ਕੱਸਦਿਆਂ ਕਿਹਾ ਕਿ ਕਾਂਗਰਸ ਆਪਣਾ 'ਘਰ ਘਰ ਨੌਕਰੀ' ਦਾ ਵਾਅਦਾ ਪੂਰਾ ਕਰ ਰਹੀ ਹੈ। ਕਾਂਗਰਸ ਨੇ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਦੇ ਰਿਸ਼ਤੇਦਾਰਾਂ ਨੂੰ ਨੌਕਰੀਆਂ ਦੇਣੀਆਂ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਦੀਆਂ 2017 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਹਰ ਘਰ ਵਿੱਚ ਇੱਕ ਨੌਕਰੀ ਦਿੱਤੀ ਜਾਵੇਗੀ ਅਤੇ 'ਘਰ ਘਰ ਨੌਕਰੀ' ਦਾ ਨਾਅਰਾ ਦਿੱਤਾ ਗਿਆ ਸੀ।

ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਾਘਵ ਚੱਢਾ ਨੇ ਵੀ ਆਖਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੈਪਟਨ ਅਮਰਿੰਦਰ ਸਿੰਘ ਦੀ ਵਿਰਾਸਤ ਨੂੰ ਅੱਗੇ ਲੈ ਕੇ ਜਾ ਰਹੇ ਹਨ। ਹੁਣ ਉਪ ਮੁੱਖ ਮੰਤਰੀ ਰੰਧਾਵਾ ਦੇ ਪਰਿਵਾਰਕ ਮੈਂਬਰ ਨੂੰ 'ਘਰ ਘਰ ਨੌਕਰੀ' ਦਾ ਫ਼ਾਇਦਾ ਮਿਲਿਆ ਹੈ।

ਉੱਧਰ ਪੰਜਾਬ ਕੈਬਿਨੇਟ ਮੰਤਰੀ ਅਤੇ ਕਾਂਗਰਸੀ ਆਗੂ ਰਾਜ ਕੁਮਾਰ ਵੇਰਕਾ ਨੇ ਨਿਯੁਕਤੀ ਦਾ ਸਮਰਥਨ ਕਰਦਿਆਂ ਕਿਹਾ," ਮੰਤਰੀਆਂ ਦੇ ਪਰਿਵਾਰਕ ਮੈਂਬਰ ਵੀ ਇਸ ਸਮਾਜ ਦਾ ਹਿੱਸਾ ਹਨ।''

''ਜੇਕਰ 100-150 ਵਿੱਚੋਂ ਇੱਕ ਅਜਿਹੀ ਨਿਯੁਕਤੀ ਹੋ ਵੀ ਜਾਂਦੀ ਹੈ ਤਾਂ ਇਸ ਤਾਂ ਇਸ ਬਾਰੇ ਕਿਸੇ ਨੂੰ ਇਤਰਾਜ਼ ਨਹੀਂ ਹੋਣਾ ਚਾਹੀਦਾ।ਪਰਿਵਾਰਿਕ ਮੈਂਬਰਾਂ ਨੇ ਵੀ ਪੜ੍ਹਾਈ ਕੀਤੀ ਹੈ ਅਤੇ ਉਹ ਨੌਕਰੀਆਂ ਦੇ ਕਾਬਿਲ ਹਨ।"

ਇਸ ਤੋਂ ਪਹਿਲਾਂ ਵੀ ਨੌਕਰੀਆਂ 'ਤੇ ਹੋਇਆ ਹੈ ਵਿਵਾਦ

ਇਹ ਕੋਈ ਪਹਿਲਾ ਮੌਕਾ ਨਹੀਂ ਜਦੋਂ ਪੰਜਾਬ ਕਾਂਗਰਸ ਦੇ ਆਗੂ ਆਪਣੇ ਹੀ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਕਾਰਨ ਵਿਵਾਦਾਂ ਵਿੱਚ ਆਏ ਹਨ।

2018 ਵਿੱਚ ਪੰਜਾਬ ਕੈਬਨਿਟ ਵੱਲੋਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰਕ ਮੈਂਬਰ ਗੁਰਇਕਬਾਲ ਸਿੰਘ ਨੂੰ ਡੀਐਸਪੀ ਦੇ ਅਹੁਦੇ ਲਈ ਨਿਯੁਕਤ ਕੀਤਾ ਸੀ।

ਜੂਨ 2021 ਵਿੱਚ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਅਤੇ ਰਾਕੇਸ਼ ਪਾਂਡੇ ਦੇ ਬੇਟਿਆਂ ਨੂੰ ਵੀ ਪੰਜਾਬ ਸਰਕਾਰ ਵੱਲੋਂ ਡੀਐੱਸਪੀ ਅਤੇ ਤਹਿਸੀਲਦਾਰ ਦੇ ਅਹੁਦਿਆਂ ਲਈ ਨਿਯੁਕਤ ਕੀਤਾ ਗਿਆ ਸੀ। ਹਾਲਾਂਕਿ ਬਾਅਦ ਵਿੱਚ ਫਤਹਿਜੰਗ ਸਿੰਘ ਬਾਜਵਾ ਦੇ ਬੇਟੇ ਅਰਜੁਨ ਬਾਜਵਾ ਵੱਲੋਂ ਇਸ ਨੌਕਰੀ ਤੋਂ ਇਨਕਾਰ ਵੀ ਕੀਤਾ ਗਿਆ ਸੀ।

2021 ਵਿੱਚ ਹੀ ਪੰਜਾਬ ਕੈਬਨਿਟ ਵੱਲੋਂ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜਵਾਈ ਗੁਰਸ਼ੇਰ ਸਿੰਘ ਨੂੰ ਐਕਸਾਈਜ਼ ਅਤੇ ਟੈਕਸੇਸ਼ਨ ਵਿਭਾਗ ਵਿੱਚ ਇੰਸਪੈਕਟਰ ਨਿਯੁਕਤ ਕੀਤਾ ਗਿਆ ਸੀ।

2018 ਵਿੱਚ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਨੂੰ ਵੀ ਪੰਜਾਬ ਸਰਕਾਰ ਵੱਲੋਂ ਅਸਿਸਟੈਂਟ ਐਡਵੋਕੇਟ ਜਨਰਲ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ।

ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਵੀ ਵੇਅਰ ਹਾਊਸ ਕਾਰਪੋਰੇਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ। ਦੋਹਾਂ ਨੇ ਇਹ ਅਹੁਦੇ ਨਹੀਂ ਸੰਭਾਲੇ ਸਨ।

ਇਹ ਵੀ ਪੜ੍ਹੋ:

ਇਹ ਵੀ ਦੇਖੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)