ਪੰਜਾਬ ਚੋਣਾਂ: ਭਾਜਪਾ ਦੇ "ਗੁੰਮਸ਼ੁਦਾ" ਸਟਾਰ ਪ੍ਰਚਾਰਕ ਬਾਰੇ ਪਾਰਟੀ ਦੇ ਰਹੀ ਹੈ ਸਫਾਈ - ਪ੍ਰੈੱਸ ਰਿਵੀਊ

ਸਨੀ ਦਿਓਲ

ਤਸਵੀਰ ਸਰੋਤ, FB

ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 3 ਮਿੰਟ

ਭਾਜਪਾ ਨੇ ਪੰਜਾਬ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੇ ਪ੍ਰਚਾਰ ਲਈ ਜਿਨ੍ਹਾਂ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ, ਉਨ੍ਹਾਂ 'ਚ ਬਾਲੀਵੁੱਡ ਅਦਾਕਾਰ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਦਾ ਨਾਮ ਵੀ ਸ਼ਾਮਲ ਹੈ ਪਰ ਉਹ ਅਜੇ ਵੀ ਪ੍ਰਚਾਰ 'ਚੋਂ ਗਾਇਬ ਹਨ।

ਸੂਬੇ 'ਚ 20 ਫਰਵਰੀ ਨੂੰ ਨਵੀਂ ਵਿਧਾਨ ਸਭਾ ਦੀ ਚੋਣ ਲਈ ਵੋਟਾਂ ਪੈਣੀਆਂ ਹਨ ਅਤੇ ਪ੍ਰਚਾਰ ਲਈ ਹੁਣ ਸਿਰਫ਼ ਕੁਝ ਦਿਨ ਬਾਕੀ ਹਨ। ਪਰ ਭਾਜਪਾ ਵਿੱਚ ਕੋਈ ਨਹੀਂ ਜਾਣਦਾ ਹੈ ਕਿ ਸਨੀ ਦਿਓਲ ਕਦੋਂ ਪਾਰਟੀ ਉਮੀਦਵਾਰਾਂ ਲਈ ਪ੍ਰਚਾਰ ਕਰਨਗੇ।

ਇੰਡੀਅਨ ਐਕਸਪ੍ਰੈੱਸ ਦੀ ਖ਼ਬਰ ਮੁਤਾਬਕ, ਪੰਜਾਬ ਦੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਅਭਿਨੇਤਾ ਇਨ੍ਹੀਂ ਦਿਨੀਂ ਬਿਮਾਰ ਹਨ। ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ ਅਤੇ ਉਨ੍ਹਾਂ ਨੂੰ ਬੁਖਾਰ ਵੀ ਸੀ। ਪਰ ਉਹ ਜਲਦੀ ਹੀ ਆਉਣਗੇ।

ਉਨ੍ਹਾਂ ਕਿਹਾ, "ਉਹ ਇੱਕ ਸਟਾਰ ਹਨ ਅਤੇ ਸਾਨੂੰ ਡਰ ਹੈ ਕਿ ਜੇ ਉਹ ਪ੍ਰਚਾਰ ਲਈ ਆਉਂਦੇ ਹਨ ਤਾਂ (ਇਕੱਠ ਸਬੰਧੀ) ਕੋਵਿਡ-19 ਪਾਬੰਦੀਆਂ ਦੀ ਉਲੰਘਣਾ ਹੋ ਸਕਦੀ ਹੈ। ਅਸੀਂ ਧਿਆਨ ਰੱਖ ਰਹੇ ਹਾਂ ਜੇਕਰ ਚੋਣ ਕਮਿਸ਼ਨ ਵੱਲੋਂ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਵਿੱਚ ਕੁਝ ਢਿੱਲ ਦਿੱਤੀ ਜਾਵੇ।''

ਜਦੋਂ ਤੋਂ ਸਨੀ ਦਿਓਲ ਗੁਰਦਾਸਪੁਰ ਤੋਂ ਲੋਕ ਸਭਾ ਲਈ ਚੁਣੇ ਗਏ ਹਨ, ਉਨ੍ਹਾਂ ਨੇ ਬਹੁਤ ਘੱਟ ਵਾਰ ਆਪਣੇ ਹਲਕੇ ਦਾ ਦੌਰਾ ਕੀਤਾ ਹੈ। ਪਿਛਲੀ ਵਾਰ ਉਹ ਸਤੰਬਰ 2020 ਵਿੱਚ ਗੁਰਦਾਸਪੁਰ ਆਏ ਸਨ।

ਜੂਨ 2021 ਵਿੱਚ ਯੂਥ ਕਾਂਗਰਸ ਦੇ ਕਾਰਕੁਨਾਂ ਨੇ ਗੁਰਦਾਸਪੁਰ ਵਿੱਚ ਦਿਓਲ ਦੇ "ਗੁੰਮਸ਼ੁਦਾ" ਹੋਣ ਬਾਰੇ ਪੋਸਟਰ ਵੀ ਲਗਾ ਦਿੱਤੇ ਸਨ।

ਇਹ ਵੀ ਪੜ੍ਹੋ:

ਸੋਸ਼ਲ ਮੀਡੀਆ ਸਬੰਧੀ ਨਿਯਮਾਂ ਨੂੰ ਹੋਰ ਸਖ਼ਤ ਬਣਾ ਸਕਦੀ ਹੈ ਸਰਕਾਰ

ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੇਕਰ ਲੋਕ ਸਭਾ ਅਤੇ ਰਾਜ ਸਭਾ 'ਚ ਸਹਿਮਤੀ ਮਿਲਦੀ ਹੈ ਤਾਂ ਸਰਕਾਰ ਸੋਸ਼ਲ ਮੀਡੀਆ ਵਿਚੋਲਿਆਂ ਲਈ "ਸਖ਼ਤ" ਦਿਸ਼ਾ-ਨਿਰਦੇਸ਼ ਪੇਸ਼ ਕਰਨ ਲਈ ਤਿਆਰ ਹੈ।

ਇੰਡੀਅਨ ਐਕਸਪ੍ਰੈੱਸ ਦੀ ਖ਼ਬਰ ਮੁਤਾਬਕ, ਰਾਜ ਸਭਾ ਵਿੱਚ ਉਨ੍ਹਾਂ ਦਾ ਇਹ ਬਿਆਨ ਕਾਂਗਰਸ ਦੇ ਆਨੰਦ ਸ਼ਰਮਾ ਦੇ ਇੱਕ ਸਵਾਲ ਦੇ ਜਵਾਬ ਵਿੱਚ ਆਇਆ।

ਸੋਸ਼ਲ ਮੀਡੀਆ

ਤਸਵੀਰ ਸਰੋਤ, BBC/Punnet Barnala

ਚਾਰ ਦਿਨ ਪਹਿਲਾਂ, ਸੂਚਨਾ ਅਤੇ ਪ੍ਰਸਾਰਣ ਮੰਤਰਾਲਿਆਂ ਦੇ ਨਾਲ-ਨਾਲ ਆਈਟੀ ਦੇ ਸੀਨੀਅਰ ਅਧਿਕਾਰੀਆਂ ਨੇ ਵਿਵਾਦਪੂਰਨ ਸਮੱਗਰੀ ਨੂੰ ਫਲੈਗ ਕਰਨ, ਡਿਮੋਟ ਕਰਨ ਅਤੇ ਹਟਾਉਣ ਦੀ ਪ੍ਰਕਿਰਿਆ ਨੂੰ ਸਮਝਣ ਲਈ ਗੂਗਲ, ਫੇਸਬੁੱਕ, ਯੂਟਿਊਬ ਅਤੇ ਟਵਿੱਟਰ ਦੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਹੈ।

ਰਾਜ ਸਭਾ 'ਚ ਵੈਸ਼ਨਵ ਨੇ ਕਿਹਾ, "ਮੈਂ ਨਿੱਜੀ ਤੌਰ 'ਤੇ ਮੰਨਦਾ ਹਾਂ ਕਿ ਸਾਡੇ ਨਾਗਰਿਕਾਂ ਦੀ ਸੁਰੱਖਿਆ ਲਈ, ਸਾਨੂੰ ਨਿਯਮਾਂ ਨੂੰ ਸਖ਼ਤ ਬਣਾਉਣਾ ਚਾਹੀਦਾ ਹੈ।''

''ਇਸ ਸਮੇਂ, ਅਸੀਂ ਸੰਵਿਧਾਨਕ ਢਾਂਚੇ ਦੇ ਅੰਦਰ ਕੰਮ ਕਰ ਰਹੇ ਹਾਂ। ਸੂਬੇ ਦੀ ਭੂਮਿਕਾ ਅਤੇ ਕੇਂਦਰ ਦੀ ਭੂਮਿਕਾ, ਦੋਵਾਂ ਨੂੰ ਪਰਿਪੇਖ ਵਿੱਚ ਦੇਖਿਆ ਜਾਣਾ ਚਾਹੀਦਾ ਹੈ। ਸਾਨੂੰ ਇੱਕ ਸਮਾਜ ਦੇ ਰੂਪ ਵਿੱਚ ਅੱਗੇ ਆਉਣਾ ਪਏਗਾ ਅਤੇ ਸੋਸ਼ਲ ਮੀਡੀਆ ਲਈ ਬਹੁਤ ਜ਼ਿਆਦਾ ਜਵਾਬਦੇਹੀ ਬਣਾਉਣੀ ਪਏਗੀ।''

ਮੁਸਲਿਮ ਔਰਤਾਂ ਦੀਆਂ ਅਪਮਾਨਜਨਕ ਤਸਵੀਰਾਂ ਲਗਾਉਣ ਅਤੇ ਉਨ੍ਹਾਂ ਨੂੰ ਨਿਲਾਮ ਕਰਨ ਦੀ ਕੋਸ਼ਿਸ਼ ਕਰਨ ਵਾਲੀਆਂ ਸਾਈਟਾਂ ਦੇ ਖਿਲਾਫ ਕਾਰਵਾਈ ਬਾਰੇ ਭਾਜਪਾ ਦੇ ਸੁਸ਼ੀਲ ਕੁਮਾਰ ਮੋਦੀ ਦੇ ਇੱਕ ਸਵਾਲ ਦੇ ਜਵਾਬ 'ਚ ਵੈਸ਼ਨਵ ਨੇ ਕਿਹਾ ਕਿ ਆਨਲਾਈਨ ਔਰਤਾਂ ਦੀ ਇੱਜ਼ਤ ਦੀ ਰੱਖਿਆ ਕਰਨਾ ਇੱਕ ਬੁਨਿਆਦੀ ਚੀਜ਼ ਸੀ ਅਤੇ ਇਸ 'ਤੇ ਕੋਈ ਸਮਝੌਤਾ ਨਹੀਂ ਹੋਵੇਗਾ।

5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਬਣੇਗਾ ਐੱਮਐੱਸਪੀ ਪੈਨਲ: ਤੋਮਰ

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ੁੱਕਰਵਾਰ ਨੂੰ ਸੰਸਦ ਨੂੰ ਜਾਣਕਾਰੀ ਦਿੱਤੀ ਕਿ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਖਤਮ ਹੋਣ ਤੋਂ ਬਾਅਦ ਕੇਂਦਰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) 'ਤੇ ਇੱਕ ਕਮੇਟੀ ਦਾ ਗਠਨ ਕਰੇਗਾ।

ਨਰਿੰਦਰ ਤੋਮਰ

ਤਸਵੀਰ ਸਰੋਤ, ANI

ਹਿੰਦੂਸਤਾਨ ਟਾਈਮਜ਼ ਦੀ ਖ਼ਬਰ ਮੁਤਾਬਕ, ਉਨ੍ਹਾਂ ਨੇ ਇਹ ਐਲਾਨ ਰਾਜ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਇੱਕ ਸਵਾਲ ਦਾ ਜਵਾਬ ਦਿੰਦਿਆਂ ਹੋਇਆਂ ਕੀਤਾ।

ਤੋਮਰ ਨੇ ਕਿਹਾ ਕਿ ਕੇਂਦਰ ਨੇ ਐੱਮਐੱਸਪੀ 'ਤੇ ਕਮੇਟੀ ਦੀ ਸਥਾਪਨਾ ਬਾਰੇ ਭਾਰਤੀ ਚੋਣ ਕਮਿਸ਼ਨ (ਈਸੀਆਈ) ਨੂੰ ਪੱਤਰ ਲਿਖਿਆ ਹੈ। ਹਾਲਾਂਕਿ, ਚੋਣ ਸੰਸਥਾ ਨੇ ਸਰਕਾਰ ਨੂੰ ਵਿਧਾਨ ਸਭਾ ਚੋਣਾਂ ਤੋਂ ਬਾਅਦ ਕਮੇਟੀ ਦੇ ਗਠਨ ਦਾ ਐਲਾਨ ਕਰਨ ਦੀ ਸਲਾਹ ਦਿੱਤੀ ਸੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਿਛਲੇ ਸਾਲ ਕਮੇਟੀ ਬਾਰੇ ਕੀਤੇ ਗਏ ਐਲਾਨ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਆਪਣੇ ਵਾਅਦੇ ਨਿਭਾਉਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ:

ਇਹ ਵੀ ਦੇਖੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)