ਕਿਸਾਨ ਹੁਣ ਕਿਹੜਾ ਅੰਦੋਲਨ ਸ਼ੁਰੂ ਕਰਨ ਜਾ ਰਹੇ, ਕਿੱਥੇ ਦੇਣਗੇ ਧਰਨੇ ਤੇ ਕੀ ਹਨ ਮੰਗਾਂ

ਤਸਵੀਰ ਸਰੋਤ, Surinder mann/bbc
- ਲੇਖਕ, ਸੁਰਿੰਦਰ ਮਾਨ
- ਰੋਲ, ਬੀਬੀਸੀ ਸਹਿਯੋਗੀ
- ਪ੍ਰਕਾਸ਼ਿਤ
- ਪੜ੍ਹਨ ਦਾ ਸਮਾਂ: 4 ਮਿੰਟ
ਪੰਜਾਬ ਵਿੱਚ ਕਿਸਾਨ ਮੁੜ ਤੋਂ ਕਾਰਪੋਰੇਟ ਘਰਾਣਿਆਂ ਦੇ ਪ੍ਰੋਜੈਕਟਾਂ ਅੱਗੇ ਦਿਨ-ਰਾਤ ਦੇ ਧਰਨੇ ਲਗਾਉਣ ਜਾ ਰਹੇ ਹਨ। ਇਸ ਤੋਂ ਇਲਾਵਾ ਦੇਸ਼ ਭਰ ਵਿੱਚ ਚੱਕਾ ਜਾਮ ਅਤੇ ਲਖੀਮਪੁਰ ਖੀਰੀ ਵਿੱਚ ਧਰਨੇ ਲਗਾਉਣ ਵਰਗੇ ਫੈਸਲੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਏ ਗਏ ਹਨ।
ਕਿਸਾਨਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੀ ਅਗਵਾਈ ਵਿੱਚ 21 ਤੋਂ 25 ਜੁਲਾਈ ਮਾਲਵੇ ਖੇਤਰ ਵਿੱਚ ਸਥਾਪਤ ਕਾਰਪੋਰੇਟ ਘਰਾਣਿਆਂ ਦੇ ਪ੍ਰੋਜੈਕਟਾਂ ਅੱਗੇ ਇਹ ਧਰਨੇ ਲਗਾਏ ਜਾਣਗੇ।
ਇਸ ਦੇ ਨਾਲ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਦੋਆਬਾ ਖਿੱਤੇ ਵਿੱਚ 6 ਥਾਵਾਂ ਉੱਪਰ ਇਹ ਪ੍ਰਦਰਸ਼ਨ ਹੋਣਗੇ। ਕਿਸਾਨ ਆਗੂਆਂ ਵੱਲੋਂ ਇਹ ਸਾਫ਼ ਕੀਤਾ ਗਿਆ ਹੈ ਕਿ ਇਨ੍ਹਾਂ ਧਰਨਿਆਂ ਦੌਰਾਨ ਕੋਈ ਵੀ ਟੋਲ ਪਲਾਜਾ ਬੰਦ ਨਹੀਂ ਕਰਵਾਇਆ ਜਾਵੇਗਾ।
'ਬੀਬੀਸੀ ਪੰਜਾਬੀ' ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲ੍ਹਾਂ ਨੇ ਦੱਸਿਆ ਕਿ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵੱਖ- ਵੱਖ ਹਿੱਸਿਆਂ ਵਿੱਚ ਚਲਾਏ ਜਾ ਰਹੇ ਪਾਣੀ ਦੇ ਪ੍ਰੋਜੈਕਟਾਂ ਦਾ ਵਿਰੋਧ ਕੀਤਾ ਜਾਵੇਗਾ।
ਧਰਨੇ ਮੁੜ ਸ਼ੁਰੂ ਕਰਨ ਸਬੰਧੀ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ 3 ਜੁਲਾਈ ਨੂੰ ਗਾਜੀਆਬਾਦ ਵਿੱਚ ਕੌਮੀ ਬੈਠਕ ਕੀਤੀ ਸੀ। ਇਸ ਬੈਠਕ ਵਿੱਚ ਰਾਕੇਸ਼ ਟਿਕੈਤ, ਜੋਗਿੰਦਰ ਸਿੰਘ ਉਗਰਾਹਾਂ, ਡਾ. ਦਰਸ਼ਨਪਾਲ ਤੇ ਯੋਗੇਂਦਰ ਯਾਦਵ ਸਣੇ ਕਈ ਕਿਸਾਨ ਆਗੂਆਂ ਨੇ ਇਸ ਬੈਠਕ ਵਿੱਚ ਹਿੱਸਾ ਲਿਆ ਸੀ।

ਕਿਸਾਨ ਅੰਦੋਲਨ ਨੂੰ ਢਾਹ ਤਾਂ ਲੱਗੀ ਸੀ, ਪਰ ਅਗਲੇ ਐਕਸ਼ਨ ਦੀ ਸਾਡੀ ਵੀ ਤਿਆਰੀ ਹੈ- ਉਗਰਾਹਾਂ ( 16-6-22)

ਕਦੋਂ ਅਤੇ ਕਿੱਥੇ ਲੱਗਣਗੇ ਧਰਨੇ
ਸੰਯੁਕਤ ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਜੋ ਚਿੱਠੀ ਭੇਜੀ ਸੀ, ਜਿਸ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਜੋ ਵਾਅਦੇ ਕੀਤੇ ਸਨ, ਉਹ ਇੱਕ ਵੀ ਪੂਰਾ ਨਹੀਂ ਕੀਤਾ ਗਿਆ।
ਕਿਸਾਨਾਂ ਦਾ ਕਹਿਣਾ ਹੈ ਕਿ ਐੱਮਐੱਸਪੀ, ਬਿਜਲੀ ਬਿਲਾਂ ਅਤੇ ਕਿਸਾਨਾਂ ਉੱਤੇ ਦਰਜ ਪਰਚੇ ਰੱਦ ਕਰਨ ਦੀ ਮੰਗ ਵਿੱਚੋਂ ਇੱਕ ਵੀ ਪੂਰੀ ਨਹੀਂ ਕੀਤੀ ਗਈ।
ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ ਉਹ 31 ਜੁਲਾਈ ਨੂੰ ਪੂਰਾ ਦੇਸ਼ ਵਿੱਚ ਚੱਕਾ ਜਾਮ ਕਰਨਗੇ। ਜਿਸ ਨੂੰ ਲੈ ਕੇ ਉਹ 18 ਤੋਂ 30 ਜੁਲਾਈ ਤੱਕ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਿਸਾਨ ਸੰਮੇਲਨ ਕਰਕੇ ਕਿਸਾਨਾਂ ਨੂੰ ਲਾਮਬੰਦ ਕਰਨਗੇ।
ਕਿਸਾਨ ਹੁਣ ਕਿਹੜਾ ਅੰਦੋਲਨ ਸ਼ੁਰੂ ਕਰਨ ਦੀ ਗੱਲ ਆਖ ਰਹੇ ਹਨ ( 4-7-22)
ਇਹ ਚੱਕਾ ਜਾਮ 11 ਵਜੇ ਤੋਂ ਲੈ ਕੇ 3 ਵਜੇ ਤੱਕ ਕੀਤਾ ਜਾਵੇਗਾ।
ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਨੂੰ ਲੈ ਕੇ 7 ਅਗਸਤ ਤੋਂ 14 ਅਗਸਤ ਤੱਕ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ 'ਜੈ ਜਵਾਨ ਜੈ ਕਿਸਾਨ' ਨਾਅਰੇ ਹੇਠ ਸੰਮੇਲਨ ਹੋਣਗੇ।
18, 19 ਅਤੇ 20 ਅਗਸਤ ਨੂੰ ਲਖੀਮਪੁਰ ਖੀਰੀ ਵਿੱਚ ਦੇਸ਼ ਭਰ ਤੋਂ ਕਿਸਾਨ ਇਕੱਠੇ ਹੋ ਕੇ ਧਰਨਾ ਦੇਣਗੇ।
ਇਹ ਵੀ ਪੜ੍ਹੋ-
ਪੰਜਾਬ ਵਿੱਚ ਪਾਣੀ ਦੇ ਸੰਕਟ ਨੂੰ ਲੈ ਕੇ ਚਿੰਤਾ, ਇਹ ਹਨ ਮੰਗਾਂ
ਸੁਖਦੇਵ ਸਿੰਘ ਕੋਕਰੀ ਕਲ੍ਹਾਂ ਨੇ ਕਿਹਾ, "ਪੰਜਾਬ ਵਿੱਚ 9 ਥਾਵਾਂ ਉੱਪਰ ਕਾਰਪੋਰੇਟ ਘਰਾਣਿਆਂ ਦੀਆਂ ਕੰਪਨੀਆਂ ਦੇ ਦਫ਼ਤਰਾਂ ਮੂਹਰੇ ਦਿਨ-ਰਾਤ ਦਾ ਧਰਨਾ ਲਾਵਾਂਗੇ।''
''ਪੰਜਾਬ ਵਿੱਚ ਕਿਸਾਨਾਂ ਲਈ ਪਾਣੀ ਦਾ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ ਜਦੋਂ ਕਿ ਸਰਕਾਰਾਂ ਕਾਰਪੋਰੇਟ ਘਰਾਣਿਆਂ ਦੇ ਨਿੱਜੀ ਹਿੱਤਾਂ ਲਈ ਕਿਸਾਨਾਂ ਦੀ ਸਮੱਸਿਆ ਨੂੰ ਅਣਗੌਲਿਆ ਕਰ ਰਹੀਆਂ ਹਨ।"
"ਯੂਨੀਅਨ ਵੱਲੋਂ ਮੋਗਾ ਅਧੀਨ ਪੈਂਦੇ ਪਿੰਡ ਦੌਧਰ, ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵਰਲਡ ਬੈਂਕ ਦੇ ਪੈਸਿਆਂ ਨਾਲ ਲਗਾਏ ਗਏ ਪਾਣੀ ਦੇ ਪ੍ਰਾਜੈਕਟਾਂ ਦੇ ਖ਼ਿਲਾਫ਼ ਧਰਨਾ ਲਗਾਇਆ ਜਾਵੇਗਾ।''
''ਵਰਲਡ ਬੈਂਕ ਨੇ 2190 ਕਰੋੜ ਅਤੇ ਪੰਜਾਬ ਸਰਕਾਰ ਨੇ 640 ਕਰੋੜ ਤੋਂ ਵੱਧ ਦੀ ਰਾਸ਼ੀ ਬੂਹਾ ਖੋਲ੍ਹ ਕੇ ਖਰਚ ਕਰ ਕੀਤੀ। ਜਿਸ ਤਹਿਤ ਵਰਲਡ ਬੈਂਕ ਨੇ ਪੰਜਾਬ ਵਿੱਚ ਪੀਣ ਵਾਲੇ ਪਾਣੀਆਂ ਦੇ ਪ੍ਰੋਜੈਕਟ ਲਗਾਏ ਹਨ। ਜਦੋਂ ਕਿ ਇਸ ਦੇ ਉਲਟ ਪੰਜਾਬ ਦਾ ਵਾਸੀ ਅਤੇ ਖ਼ਾਸ ਕਰਕੇ ਕਿਸਾਨ ਪਾਣੀ ਤੋਂ ਵਾਂਝੇ ਹਨ।"
ਕੋਕਰੀ ਕਲ੍ਹਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਪਟਿਆਲਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਅੰਮ੍ਰਿਤਸਰ ਵਿਚ ਨਹਿਰੀ ਵਿਭਾਗ ਦੇ ਅਧਿਕਾਰੀਆਂ ਦੇ ਦਫਤਰਾਂ ਮੂਹਰੇ ਦਿਨ ਰਾਤ ਦੇ ਧਰਨੇ ਵੀ ਲਗਾਏ ਜਾਣਗੇ।

ਤਸਵੀਰ ਸਰੋਤ, Reuters
"ਸਾਡੀ ਗੱਲ ਸਾਫ਼ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਤੋਂ ਵੀ ਵਾਂਝਾ ਕੀਤਾ ਜਾ ਰਿਹਾ ਹੈ ਜੋ ਇਸ ਖਿੱਤੇ ਦੀ ਖੇਤੀ ਨੂੰ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਕਰ ਰਿਹਾ ਹੈ। ਪੰਜਾਬ ਦੇ ਕਿਸਾਨ ਸੰਗਠਨ ਇਸ ਗੱਲ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰ ਸਕਦੇ।''
''ਪਾਣੀ ਬਿਨ੍ਹਾਂ ਪੰਜਾਬ ਦੇ ਹਾਲਾਤ ਰੇਗਿਸਤਾਨ ਵਰਗੇ ਬਣਦੇ ਜਾ ਰਹੇ ਹਨ ਪਰ ਸਰਕਾਰਾਂ ਖ਼ਾਮੋਸ਼ ਹਨ। ਇਸ ਖਾਮੋਸ਼ੀ ਦਾ ਵਿਰੋਧ ਕਰਨ ਲਈ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੰਘਰਸ਼ ਵਿੱਢਿਆ ਗਿਆ ਹੈ।"
ਕਿਸਾਨ ਆਗੂ ਸੁਖਦੇਵ ਸਿੰਘ ਕੋਕਰੀ ਨੇ ਸਾਫ ਕੀਤਾ ਕਿ ਇਨ੍ਹਾਂ ਧਰਨਿਆਂ ਵਿੱਚ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦੀ ਕੋਈ ਵਿਉਂਤਬੰਦੀ ਨਹੀਂ ਹੈ, ਸਗੋਂ ਅਸਲ ਧਿਆਨ ਕਾਰਪੋਰੇਟ ਘਰਾਣਿਆਂ ਦੇ ਪ੍ਰਾਜੈਕਟਾਂ ਅੱਗੇ ਧਰਨੇ ਦੇਣ ਵੱਲ ਦਿੱਤਾ ਜਾ ਰਿਹਾ ਹੈ।
"ਸੜਕੀ ਆਵਾਜਾਈ ਠੱਪ ਕਰਨ ਸਬੰਧੀ ਹਾਲੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਪਾਣੀਆਂ ਤੋਂ ਇਲਾਵਾ ਅਸੀਂ ਕੇਂਦਰ ਸਰਕਾਰ ਨੂੰ ਉਸਦਾ ਇਹ ਵਾਅਦਾ ਯਾਦ ਕਰਵਾਉਣ ਦੀ ਵੀ ਕੋਸ਼ਿਸ਼ ਕਰਾਂਗੇ ਕਿ ਕਿਸਾਨ ਦੀ ਹਰ ਫ਼ਸਲ ਘੱਟੋ ਘੱਟ ਸਮਰਥਨ ਮੁੱਲ ਉੱਪਰ ਖ਼ਰੀਦਣ ਸਬੰਧੀ ਕਾਨੂੰਨ ਬਣਾਇਆ ਜਾਵੇ।"
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 17 ਅਤੇ 18 ਜੁਲਾਈ ਨੂੰ ਦਿਨ-ਰਾਤ ਦੇ ਪੱਕੇ ਧਰਨੇ ਸਬੰਧੀ ਤਿਆਰੀਆਂ ਲਈ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਟਿੰਗਾਂ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ।

ਤਸਵੀਰ ਸਰੋਤ, Surinder mann/bbc
ਸੁਖਦੇਵ ਸਿੰਘ ਕੋਕਰੀ ਨੇ ਇਹ ਗੱਲ ਵੀ ਸਾਫ ਕੀਤੀ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਪਾਣੀਆਂ ਦਾ ਮੁੱਦਾ ਨਹੀਂ ਚੁੱਕਿਆ ਗਿਆ, ਇਸ ਲਈ ਇਹ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦਾ ਆਪਣਾ ਵੱਖਰਾ ਫ਼ੈਸਲਾ ਹੈ।
ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਬਰਨਾਲਾ ਅਧੀਨ ਪੈਂਦੇ ਪਿੰਡ ਚੀਮਾ ਵਿਖੇ ਇਕ ਵਿਸ਼ੇਸ਼ ਮੀਟਿੰਗ ਵੀ ਕੀਤੀ ਗਈ।
ਮੀਡੀਆ ਨੂੰ ਸੁਖਦੇਵ ਸਿੰਘ ਕੋਕਰੀ ਨੇ ਇਹ ਗੱਲ ਵੀ ਸਾਫ ਕੀਤੀ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਵੀ ਤਨਦੇਹੀ ਨਾਲ ਲਾਗੂ ਕੀਤੇ ਜਾਣਗੇ।
ਪਿੰਡ ਚੀਮਾ ਵਿਖੇ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੀ ਸੂਬਾ ਕਮੇਟੀ ਮੀਟਿੰਗ ਵਿੱਚ ਭਖਦੇ ਕਿਸਾਨੀ ਮਸਲਿਆਂ 'ਤੇ ਸੰਘਰਸ਼ ਸਬੰਧੀ ਅਹਿਮ ਫੈਸਲੇ ਲਏ ਗਏ।
ਦੌਧਰ, ਲੁਧਿਆਣਾ ਤੇ ਅੰਮ੍ਰਿਤਸਰ ਵਿਖੇ ਵਿਸ਼ਵ ਬੈਂਕ ਦੇ ਪ੍ਰਾਜੈਕਟਾਂ ਤੋਂ ਇਲਾਵਾ ਪਟਿਆਲਾ, ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ ਤੇ ਅੰਮ੍ਰਿਤਸਰ ਵਿਖੇ 21 ਤੋਂ 25 ਜੁਲਾਈ ਤੱਕ ਦਿਨ-ਰਾਤ ਦੇ ਧਰਨੇ ਲਗਾਏ ਜਾਣਗੇ। ਨਹਿਰੀ ਵਿਭਾਗ ਦੇ ਅਧਿਕਾਰੀਆਂ ਅਤੇ ਕਾਰਪੋਰੇਟ ਕੰਪਨੀਆਂ ਜਿਵੇਂ ਬਰਨਾਲਾ ਵਿੱਚ ਟ੍ਰਾਈਡੈਂਟ ਨੂੰ ਕਿਸਾਨ ਪੰਜਾਬ ਦਾ ਪਾਣੀ ਜ਼ਹਿਰੀਲਾ ਕਰਨ ਲਈ ਜ਼ਿੰਮੇਵਾਰ ਦੱਸ ਰਹੇ ਹਨ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post














