ਗੁਰਦਾਸਪੁਰ ਦੇ ਇਤਿਹਾਸਕ ਗੁਰਦੁਆਰੇ ਵਿੱਚ ਬੇਅਦਬੀ ਦਾ ਕੀ ਹੈ ਪੂਰਾ ਮਾਮਲਾ

    • ਲੇਖਕ, ਗੁਰਪ੍ਰੀਤ ਸਿੰਘ ਚਾਵਲਾ
    • ਰੋਲ, ਬੀਬੀਸੀ ਸਹਿਯੋਗੀ
  • ਪ੍ਰਕਾਸ਼ਿਤ
  • ਪੜ੍ਹਨ ਦਾ ਸਮਾਂ: 2 ਮਿੰਟ

ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਕਸਬਾ ਕਲਾਨੌਰ ਦੇ ਇਤਿਹਾਸਿਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਘਟਨਾ 21 ਜੁਲਾਈ ਸ਼ਾਮ ਦੀ ਹੈ, ਜਦੋਂ ਕਲਾਨੌਰ ਦੇ ਨੇੜੇ ਦੇ ਇੱਕ ਪਿੰਡ ਦੇ ਰਹਿਣ ਵਾਲੇ ਨੌਜਵਾਨ ਨੇ ਗੁਰਦੁਆਰਾ ਸਾਹਿਬ ਵਿੱਚ ਇੱਕ ਔਰਤ ਦੇ ਹੱਥੋਂ ਗੁਟਕਾ ਸਾਹਿਬ ਖੋ ਕੇ ਪਾੜਨ ਦੀ ਕੋਸ਼ਿਸ਼ ਕੀਤੀ।

ਗੁਰਦੁਆਰਾ ਸਾਹਿਬ ਦੇ ਗ੍ਰੰਥੀ ਬਲਕਾਰ ਸਿੰਘ ਨੇ ‌ਇਹ ਸਭ ਵੇਖ ਲਿਆ। ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ 'ਚ ਮੌਜੂਦ ਸੰਗਤ ਨੇ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿਤਾ ਹੈ |

ਇਸ ਮਗਰੋਂ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਨੌਜਵਾਨ ਨੂੰ ਮਾਨਸਿਕ ਤੌਰ 'ਤੇ ਬਿਮਾਰ ਦੱਸਿਆ ਜਾ ਰਿਹਾ ਹੈ।

ਵਾਇਰਲ ਹੋਏ ਇੱਕ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਜਦੋਂ ਨੌਜਵਾਨ ਨੂੰ ਕਾਬੂ ਕੀਤਾ ਗਿਆ ਤਾਂ ਗੁਰਦੁਆਰਾ ਸਾਹਿਬ ਵਿੱਚ ਸਥਾਨਕ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ।

ਵੀਡੀਓ ਵਿੱਚ ਦਿਖਾਈ ਦੇ ਰਿਹਾ ਹੈ ਕਿ ਨੌਜਵਾਨ ਨੂੰ ਪੁਲਿਸ ਦੇ ਹਵਾਲੇ ਕਰਨ ਤੋਂ ਪਹਿਲਾਂ ਲੋਕਾਂ ਵੱਲੋਂ ਬੰਨ੍ਹ ਕੇ ਰੱਖਿਆ ਗਿਆ ਸੀ।

ਗੁਰਦੁਆਰੇ ਦੇ ਗ੍ਰੰਥੀ ਨੇ ਘਟਨਾ ਬਾਰੇ ਕੀ ਦੱਸਿਆ

ਗੁਰਦੁਆਰਾ ਸਾਹਿਬ ਦੇ ਗ੍ਰੰਥੀ ਬਲਕਾਰ ਸਿੰਘ ਨੇ ਦੱਸਿਆ ਕਿ ਉਹ ਗੁਰਦੁਆਰਾ ਬਾਬਾ ਬੰਦਾ ਬਹਾਦਰ ਸਾਹਿਬ ਵਿਖੇ ਗ੍ਰੰਥੀ ਦੀ ਸੇਵਾ ਨਿਭਾਅ ਰਹੇ ਹਨ।

ਉਨ੍ਹਾਂ ਦੱਸਿਆ, ''ਲੰਘੇ ਦਿਨੀਂ ਮੈਂ ਗੁਰਦੁਆਰਾ ਸਾਹਿਬ ਦੇ ਅੰਦਰ ਹੀ ਹਾਜ਼ਰ ਸੀ ਕਿ ਦੁਪਹਿਰ ਵੇਲੇ ਇੱਕ ਕੇਸਧਾਰੀ ਨੌਜਵਾਨ ਗੁਰੂ ਘਰ ਆਇਆ ਤੇ ਮੱਥਾ ਟੇਕ ਕੇ ਉਨ੍ਹਾਂ ਦੇ ਕੋਲ ਬੈਠ ਗਿਆ।''

''ਉਹ ਦੇਰ ਸ਼ਾਮ ਕਰੀਬ ਇਹ 6 ਵਜੇ ਤੱਕ ਗੁਰਦੁਆਰਾ ਸਾਹਿਬ ਅੰਦਰ ਹੀ ਮੌਜੂਦ ਰਿਹਾ ਅਤੇ ਅਚਾਨਕ ਉਠ ਕੇ ਸ੍ਰੀ ਗੂਰੂ ਗ੍ਰੰਥ ਸਾਹਿਬ ਦੀ ਪਰਿਕਰਮਾ ਕਰਨ ਲੱਗ ਪਿਆ।''

''ਕੁਝ ਸਮੇਂ ਬਾਅਦ ਕਲਾਨੌਰ ਦੀ ਰਹਿਣ ਵਾਲੀ ਇੱਕ ਔਰਤ ਰਾਜਵਿੰਦਰ ਕੌਰ ਗੁਰਦੁਆਰਾ ਸਾਹਿਬ ਆ ਕੇ ਮੱਥਾ ਟੇਕ ਗੁਟਕਾ ਸਾਹਿਬ ਲੈ ਕੇ ਪਾਠ ਕਰਨ ਲੱਗੀ ਹੀ ਸੀ ਕਿ ਨੌਜਵਾਨ ਨੇ ਉਨ੍ਹਾਂ ਕੋਲੋਂ ਗੁਟਕਾ ਸਾਹਿਬ ਮੰਗਣ ਲੱਗਾ।''

''ਜਦੋਂ ਰਾਜਵਿੰਦਰ ਕੌਰ ਨੇ ਗੁਟਕਾ ਸਾਹਿਬ ਦੇਣ ਤੋਂ ਇਨਕਾਰ ਕੀਤਾ ਤਾਂ ਨੌਜਵਾਨ ਨੇ ਗੁਟਕਾ ਖੋਹਣ ਦੀ ਕੋਸ਼ਿਸ਼ ਅਤੇ ਉਸ ਕੋਸ਼ਿਸ਼ 'ਚ ਸ੍ਰੀ ਗੁਟਕਾ ਸਾਹਿਬ ਦੇ ਅੰਗ ਦੋ ਪੰਨਿਆ ਨੂੰ ਨੁਕਸਾਨ ਹੋ ਗਿਆ।''

''ਜਿਸ ਤੋਂ ਬਾਅਦ ਨੌਜਵਾਨ ਨੂੰ ਫੜ੍ਹ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਸੀ।''

ਉਧਰ ਕਲਾਨੌਰ ਥਾਣੇ ਦੇ ਐੱਸਐੱਚਓ ਕੁਲਵੰਤ ਸਿੰਘ ਮੁਤਾਬਕ ਮੁਲਜ਼ਮ ਦੀ ਪਛਾਣ ਗੁਰਲਾਲ ਸਿੰਘ ਵਾਸੀ ਪਿੰਡ ਮੰਝ ਵਜੋਂ ਹੋਈ ਹੈ।

ਉਨ੍ਹਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਬਲਕਾਰ ਸਿੰਘ ਦੇ ਬਿਆਨਾਂ ਮੁਤਾਬਕ ਗੁਰਲਾਲ ਸਿੰਘ ਖ਼ਿਲਾਫ਼ ਆਈਪੀਸੀ ਦੀ ਧਾਰਾ 395 ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਐੱਸਐੱਚਓ ਕੁਲਵੰਤ ਸਿੰਘ ਨੇ ਦੱਸਿਆ ਕਿ ਮੁਢਲੀ ਪੁੱਛਗਿੱਛ ਵਿੱਚ ਇਹ ਖ਼ੁਲਾਸਾ ਨਹੀਂ ਹੋਇਆ ਕਿ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਪਿੱਛੇ ਮੁਲਜ਼ਮ ਦਾ ਕੀ ਉਦੇਸ਼ ਸੀ।

ਪਰ ਗ੍ਰਿਫਤਾਰ ਨੌਜਵਾਨ ਦੇ ਵਤੀਰੇ ਨੂੰ ਦੇਖ ਕੇ ਲੱਗਦਾ ਹੈ ਕਿ ਉਹ ਮਾਨਸਿਕ ਤੌਰ 'ਤੇ ਬਿਮਾਰ ਹੈ |

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)