You’re viewing a text-only version of this website that uses less data. View the main version of the website including all images and videos.
ਐੱਚਐੱਸਜੀਪੀਸੀ ਖ਼ਿਲਾਫ਼ ਮਾਰਚ, 'ਇੱਕਜੁੱਟ ਹੋ ਕੇ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੀ ਰਚੀ ਸਾਜ਼ਿਸ਼ ਨੂੰ ਹਰਾਉਣਾ ਹੈ'
ਸ਼੍ਰੋਮਣੀ ਅਕਾਲੀ ਦਲ ਵੱਲੋਂ ਕਥਿਤ ਤੌਰ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੁਫਾੜ ਕਰਨ ਦੇ ਵਿਰੋਧ ਵਿੱਚ ਅੱਜ ਤਿੰਨ ਰੋਸ ਮਾਰਚ ਕੱਢੇ ਗਏ।
ਵੱਖੋ-ਵੱਖ ਥਾਵਾਂ ਤੋਂ ਚੱਲੇ ਇਹ ਤਿੰਨੋਂ ਮਾਰਚ ਅੰਮ੍ਰਿਤਸਰ ਪਹੁੰਚੇ ਗਏ ਹਨ ਅਤੇ ਅਕਾਲ ਤਖ਼ਤ ਸਾਹਿਬ ਵਿਖੇ ਇਕੱਠੇ ਹੋ ਗਏ ਹਨ।
ਸ਼੍ਰੋਮਣੀ ਅਕਾਲੀ ਦਲ ਦਾ ਪਹਿਲਾ ਮਾਰਚ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਚੱਲਿਆ ਸੀ।
ਦੂਜਾ ਰੋਸ ਮਾਰਚ ਤਖ਼ਤ ਸ਼੍ਰੀ ਕੇਸਗੜ ਸਾਹਿਬ ਅਨੰਦਪੁਰ ਤੋਂ ਅਕਾਲੀ ਦਲ ਦੇ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਦਲਜੀਤ ਸਿੰਘ ਚੀਮਾ ਦੀ ਅਗਵਾਈ ਵਿੱਚ ਚੱਲਿਆ ਸੀ।
ਇਸ ਦੇ ਨਾਲ ਹੀ ਤੀਜਾ ਮਾਰਚ ਹਰਿਆਣਾ-ਪੰਜਾਬ ਦੀ ਸਰਹੱਦ ਸ਼ੰਭੂ ਬਾਰਡਰ ਤੋਂ ਹਰਿਆਣਾ ਦੇ ਪਾਰਟੀ ਵਰਕਰਾਂ ਵੱਲੋਂ ਕੱਢਿਆ ਗਿਆ ਸੀ।
ਦਰਅਸਲ ਸੁਪਰੀਮ ਕੋਰਟ ਨੇ ਆਪਣੇ ਇੱਕ ਅਹਿਮ ਫੈਸਲੇ ਵਿੱਚ ਹਰਿਆਣਾ ਸਿੱਖ ਗੁਰਦੁਆਰਾ (ਮੈਨੇਜਮੈਂਟ) ਐਕਟ 2014 ਨੂੰ ਮਾਨਤਾ ਦਿੱਤੀ ਸੀ।
ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਲਈ ਸਿੱਖਾਂ ਦੀ ਵੱਖਰੀ ਕਮੇਟੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਰੇਗੀ।
ਇਸੇ ਦਾ ਹੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਰੋਧ ਜਤਾਇਆ ਜਾ ਰਿਹਾ ਹੈ।
ਮਾਰਚ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕੀ ਕਿਹਾ
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਕੌਮ ਨਾਲ ਤਿੰਨੇ ਪਾਰਟੀਆਂ ਨੇ ਬਹੁਤ ਵੱਡਾ ਧੱਕਾ ਕੀਤਾ ਹੈ।
ਉਨ੍ਹਾਂ ਕਿਹਾ, ''ਕਾਂਗਰਸ ਪਾਰਟੀ ਨੇ ਸ਼ੁਰੂਆਤ ਕੀਤੀ, ਆਮ ਆਦਮੀ ਪਾਰਟੀ ਤੇ ਉਨ੍ਹਾਂ ਦੇ ਵਕੀਲਾਂ ਨੇ ਯੋਗਦਾਨ ਪਾਇਆ ਅਤੇ ਭਾਰਤੀ ਜਨਤਾ ਪਾਰਟੀ ਨੇ ਉਸ ਉੱਤੇ ਮੋਹਰ ਲਗਾਈ...ਇਸ ਤੋਂ ਵੱਡੀ ਬੇਇਨਸਾਫ਼ੀ ਕੀ ਹੋ ਸਕਦੀ ਹੈ।''
''ਹਰ ਧਰਮ ਦੀ ਆਪਣੀ ਮਰਿਆਦਾ ਹੈ ਅਤੇ ਕਿਸੇ ਵੀ ਧਰਮ ਅੰਦਰ ਦਖਲਅੰਦਾਜ਼ੀ ਨਹੀਂ ਹੋਣੀ ਚਾਹੀਦੀ।''
"ਅਸੀਂ ਇੱਕਜੁੱਟ ਹੋ ਕੇ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੀ ਰਚੀ ਗਈ ਸਾਜ਼ਿਸ਼ ਨੂੰ ਹਰਾਉਣਾ ਹੈ।"
ਸੁਖਬੀਰ ਬਾਦਲ ਨੇ ਅੱਗੇ ਕਿਹਾ, ''ਜਿਹੜੇ ਦੁਸ਼ਮਣ ਕੌਮ ਦੀ ਸੰਸਥਾ ਨੂੰ ਤੋੜਨਾ ਚਾਹੁੰਦੇ ਹਨ, ਉਨ੍ਹਾਂ ਨੂੰ ਅਸੀਂ ਕਿਸੇ ਵੀ ਹਾਲ ਵਿੱਚ ਕਾਮਯਾਬ ਹੋਣ ਨਹੀਂ ਦੇਣਾ। ਇਹ ਕਿਸੇ ਦੀ ਨਿੱਜੀ ਸੰਸਥਾ ਨਹੀਂ ਹੈ ਸਗੋਂ ਪੰਥ ਦੀ ਸੰਸਥਾ ਹੈ, ਇਸ ਲਈ ਪੰਥ ਉੱਤੇ ਬਹੁਤ ਵੱਡਾ ਹਮਲਾ ਹੋਇਆ ਹੈ।''
''ਜਿੰਨੀਆਂ ਵੀ ਕੌਮੀ ਪਾਰਟੀਆਂ ਹਨ, ਉਹ ਪੰਥ ਦੀ ਤਾਕਤ ਨੂੰ ਬਰਦਾਸ਼ਤ ਨਹੀਂ ਕਰ ਸਕਦੀਆਂ ਤੇ ਉਨ੍ਹਾਂ ਨੂੰ ਪਤਾ ਹੈ ਕਿ ਸਿੱਖ ਪੰਥ ਦੀ ਤਾਕਤ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੈ।''
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਸੀ, "ਮੇਰੀ ਖਾਲਸਾ ਪੰਥ ਨੂੰ ਨਿਮਰਤਾ ਸਹਿਤ ਅਪੀਲ ਹੈ ਕਿ ਉਹ 7 ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਕੱਢੇ ਜਾ ਰਹੇ ਦੋਹਰੇ ਖ਼ਾਲਸਾ ਮਾਰਚ ਦਾ ਸਮਰਥਨ ਕਰਨ।"
ਹਰਿਆਣਾ ਦੀ ਵੱਖਰੀ ਕਮੇਟੀ ਦਾ ਵਿਰੋਧ ਕਿਉਂ?
ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਆਪਣੇ ਇੱਕ ਅਹਿਮ ਫੈਸਲੇ ਵਿਚ ਹਰਿਆਣਾ ਸਿੱਖ ਗੁਰਦੁਆਰਾ (ਮੈਨੇਜਮੈਂਟ) ਐਕਟ 2014 ਨੂੰ ਮਾਨਤਾ ਦਿੱਤੀ ਸੀ।
ਸੁਪਰੀਮ ਕੋਰਟ ਦੇ ਜਸਟਿਸ ਹੇਮੰਤ ਗੁਪਤਾ ਦੀ ਅਗਵਾਈ ਵਾਲੇ ਦੋ ਮੈਂਬਰੀ ਬੈਂਚ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਹ ਦਲੀਲ ਰੱਦ ਕਰ ਦਿੱਤੀ ਕਿ ਹਰਿਆਣਾ ਸਰਕਾਰ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਕੰਟਰੋਲ ਕਰਨਾ ਚਾਹੁੰਦੀ ਹੈ।
ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ਰੱਦ ਕਰਦਿਆਂ ਹਰਿਆਣਾ ਸਿੱਖ ਗੁਰਦੁਆਰਾ (ਮੈਨੇਜਮੈਂਟ) ਐਕਟ 2014 ਦੀ ਮਾਨਤਾ ਬਹਾਲ ਰੱਖੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੇਂਦਰ ਸਰਕਾਰ ਹਰਿਆਣਾ ਦੀ ਵੱਖਰੀ ਗੁਰਦੁਆਰਾ ਕਮੇਟੀ ਬਣਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਮਜ਼ੋਰ ਕਰਨ ਦੀਆਂ ਚਾਲਾਂ ਚੱਲ ਰਹੀ ਹੈ, ਜਿਸ ਨੂੰ ਸਿੱਖ ਪੰਥ ਬਰਦਾਸ਼ਤ ਨਹੀਂ ਕਰੇਗਾ।
ਹਰਭਜਨ ਸਿੰਘ ਨਾਂ ਦੇ ਇੱਕ ਪਟੀਸ਼ਨਕਰਤਾ ਨੇ ਐਕਟ ਨੂੰ ਚੂਣੌਤੀ ਦਿੰਦਿਆਂ ਕਿਹਾ ਸੀ ਕਿ ਹਰਿਆਣਾ ਅਸੈਂਬਲੀ ਕੋਲ ਗੁਰਦੁਆਰਾ ਪ੍ਰਬੰਧਨ ਬਾਬਤ ਕਾਨੂੰਨ ਪਾਸ ਕਰਨ ਦਾ ਅਧਿਕਾਰ ਨਹੀਂ ਹੈ। ਅਜਿਹਾ ਕਾਨੂੰਨ ਸਿਰਫ਼ ਸੰਸਦ ਹੀ ਪਾਸ ਕਰ ਸਕਦੀ ਹੈ।
ਪਟੀਸ਼ਨਕਰਤਾ ਨੇ ਇਸ ਐਕਟ ਨੂੰ ਸਿੱਖ ਗੁਰਦੁਆਰਾ ਐਕਟ 1925 ਅਤੇ ਦਿ ਸਟੇਟ ਰੀਆਰਗੇਨਾਈਜੇਸ਼ਨ ਐਕਟ 1956, ਪੰਜਾਬ ਪੁਨਰ ਗਠਨ ਐਕਟ 1966 ਅਤੇ ਅੰਤਰ ਸੂਬਾਈ ਸਹਿਯੋਗ ਐਕਟ, 1957 ਦੀ ਉਲੰਘਣਾ ਦੱਸਿਆ ਸੀ।
ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਹਰਿਆਣਾ ਵਿਚਲੇ ਇਤਿਹਾਸਕ ਸਿੱਖ ਗੁਰਦੁਆਰਿਆਂ ਦੀ ਸਾਂਭ-ਸੰਭਾਲ ਅਤੇ ਪ੍ਰਬੰਧ ਚਲਾਉਣ ਲਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਾਨੂੰਨੀ ਤੌਰ ਉੱਤੇ ਮਾਨਤਾ ਹਾਸਲ ਹੋ ਗਈ ਹੈ।
ਇਸ ਤੋਂ ਪਹਿਲਾਂ ਸਿੱਖ ਗੁਰਦੁਆਰਾ ਐਕਟ 1925 ਤਹਿਤ ਹੋਂਦ ਵਿਚ ਆਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ, ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਵਿਚਲੇ ਇਤਿਹਾਸਕ ਗੁਰਦੁਆਰਿਆਂ ਦੀ ਸੇਵਾ ਸੰਭਾਲ ਕਰਦੀ ਸੀ।
ਹਰਿਆਣਾ ਕਮੇਟੀ ਦੇ ਚਿਹਰੇ ਕੌਣ ਹਨ?
ਜਗਦੀਸ਼ ਸਿੰਘ ਝੀਂਡਾ ਅਤੇ ਬਲਜੀਤ ਸਿੰਘ ਦਾਦੂਵਾਲ ਲੰਮੇ ਸਮੇਂ ਤੋਂ ਹਰਿਆਣਾ ਲਈ ਵੱਖਰੀ ਕਮੇਟੀ ਦੀ ਮੰਗ ਕਰਦੇ ਆ ਰਹੇ ਸਨ। ਉਹਨਾਂ ਦੋਵਾਂ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ।
ਫੈਸਲਾ ਆਉਣ ਤੋਂ ਬਾਅਦ ਦਾਦੂਵਾਲ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਬਣੇ ਹਨ।
ਉਨ੍ਹਾਂ ਨੇ ਫੈਸਲਾ ਆਉਣ ਵੇਲੇ ਕਿਹਾ ਸੀ, ''ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹਾਂ। ਅਸੀਂ ਹੀ ਨਹੀਂ ਪੂਰੀ ਦੁਨੀਆਂ ਦੇ ਸਿੱਖ ਇਸ ਦਾ ਸਵਾਗਤ ਕਰ ਰਹੇ ਹਨ, ਕੇਵਲ ਪੰਜਾਬ ਦੇ ਅਕਾਲੀ ਦਲ ਬਾਦਲ ਨਾਲ ਜੁੜੇ ਲੋਕ ਇਸਦੇ ਖਿਲ਼ਾਫ਼ ਹੈ।''
ਇਹ ਵੀ ਪੜ੍ਹੋ:-