ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫੌਜ ਦੀ ਸਿਖਰਲੀ ਲੀਡਰਸ਼ਿਪ ਨਾਲ ਕੀਤੀ ਮੀਟਿੰਗ, ਤਿਆਰੀਆਂ ਦਾ ਲਿਆ ਜਾਇਜ਼ਾ
ਪਾਕਿਸਤਾਨ ਨਾਲ ਚੱਲ ਰਹੇ ਤਣਾਅ ਦੇ ਵਿਚਕਾਰ, ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ, 9 ਮਈ ਨੂੰ ਦੇਸ਼ ਦੀ ਫੌਜ ਦੀ ਸਿਰਖਰਲੀ ਲੀਡਰਸ਼ਿਪ ਨਾਲ ਇੱਕ ਮੀਟਿੰਗ ਕੀਤੀ।
ਰੱਖਿਆ ਮੰਤਰਾਲੇ ਦੇ ਪਬਲਿਕ ਰਿਲੇਸ਼ਨ ਡਾਇਰੈਕਟੋਰੇਟ ਨੇ ਐਕਸ 'ਤੇ ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਲਿਖਿਆ, "ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਨਵੀਂ ਦਿੱਲੀ ਦੇ ਸਾਊਥ ਬਲਾਕ ਵਿਖੇ ਪੱਛਮੀ ਸਰਹੱਦ 'ਤੇ ਸੁਰੱਖਿਆ ਸਥਿਤੀ ਅਤੇ ਭਾਰਤੀ ਹਥਿਆਰਬੰਦ ਫੌਜਾਂ ਦੀ ਤਿਆਰੀ ਦੀ ਸਮੀਖਿਆ ਲਈ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।"
ਇਸ ਮੀਟਿੰਗ ਵਿੱਚ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ, ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ, ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਕੇ ਤ੍ਰਿਪਾਠੀ, ਹਵਾਈ ਸੈਨਾ ਮੁਖੀ ਏਅਰ ਚੀਫ਼ ਮਾਰਸ਼ਲ ਏਪੀ ਸਿੰਘ ਅਤੇ ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਸ਼ਾਮਲ ਹੋਏ।
22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਇੱਕ ਅੱਤਵਾਦੀ ਹਮਲਾ ਹੋਇਆ ਸੀ, ਜਿਸ ਵਿੱਚ 26 ਲੋਕ ਮਾਰੇ ਗਏ ਸਨ।
ਭਾਰਤ ਨੇ ਇਸ ਹਮਲੇ ਲਈ ਪਾਕਿਸਤਾਨ ਤੋਂ ਸਿਖਲਾਈ ਪ੍ਰਾਪਤ 'ਅੱਤਵਾਦੀਆਂ' ਨੂੰ ਜ਼ਿੰਮੇਵਾਰ ਠਹਿਰਾਇਆ, ਜਦਕਿ ਪਾਕਿਸਤਾਨ ਨੇ ਹਮਲੇ ਨਾਲ ਕਿਸੇ ਵੀ ਤਰ੍ਹਾਂ ਦੇ ਸਬੰਧ ਤੋਂ ਇਨਕਾਰ ਕੀਤਾ।
ਇਸ ਤੋਂ ਬਾਅਦ, 6 ਤੋਂ 7 ਮਈ 2025 ਦੀ ਰਾਤ ਨੂੰ, ਭਾਰਤ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਸ਼ਾਸਨ ਵਾਲੇ ਕਸ਼ਮੀਰ ਦੇ ਕਈ ਸਥਾਨਾਂ 'ਤੇ ਹਵਾਈ ਹਮਲੇ ਕੀਤੇ। ਭਾਰਤ ਨੇ ਇਸ ਕਾਰਵਾਈ ਨੂੰ 'ਆਪ੍ਰੇਸ਼ਨ ਸਿੰਦੂਰ' ਦਾ ਨਾਮ ਦਿੱਤਾ।
ਭਾਰਤ ਨੇ ਆਪਣੀ ਕਾਰਵਾਈ ਨੂੰ ਕੇਂਦ੍ਰਿਤ, ਸੰਤੁਲਿਤ ਅਤੇ ਗੈਰ-ਭੜਕਾਊ ਦੱਸਿਆ ਹੈ ਅਤੇ ਇਹ ਵੀ ਕਿਹਾ ਕਿ ਇਸ ਕਾਰਵਾਈ ਵਿੱਚ ਪਾਕਿਸਤਾਨੀ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ ਸੀ।
ਹਾਲਾਂਕਿ, ਉਦੋਂ ਤੋਂ ਹੀ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਕਾਫ਼ੀ ਵਧ ਗਿਆ ਹੈ ਅਤੇ ਦੋਵੇਂ ਦੇਸ਼ ਇੱਕ ਦੂਜੇ 'ਤੇ ਹਵਾਈ ਹਮਲੇ ਦੀ ਗੱਲ ਕਰ ਰਹੇ ਹਨ।