ਪੰਜਾਬ ਚੋਣਾਂ 2022: ਅੱਜ ਦੇ ਖ਼ਾਸ ਘਟਨਾਕ੍ਰਮ
ਪੰਜਾਬ ਸਣੇ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਬਾਰੇ ਸਾਡੇ ਲਾਈਵ ਪੇਜ ਨੂੰ ਅਸੀਂ ਇੱਥੇ ਹੀ ਸਮਾਪਤ ਕਰ ਰਹੇ ਹਾਂ। ਪੇਸ਼ ਹਨ ਅੱਜ ਦੇ ਕੁਝ ਖ਼ਾਸ ਘਟਨਾਕ੍ਰਮ
- ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਪੰਜਾਬ ਕੈਬਨਿਟ ਵਿੱਚ ਨਵਜੋਤ ਸਿੱਧੂ ਨੂੰ ਮੰਤਰੀ ਬਣਾਉਣ ਲਈ ਇਮਰਾਨ ਖ਼ਾਨ ਨੇ ਸਿਫਾਰਿਸ਼ ਕੀਤੀ ਸੀ।
- ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਸੀਐੱਮ ਚਿਹਰੇ ਬਾਰੇ ‘ਬੋਗਸ’ ਸਰਵੇਅ ਕਰਵਾ ਕੇ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕੀਤੀ ਹੈ।
- ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਨਵਜੋਤ ਸਿੰਘ ਸਿੱਧੂ ਦੇ ਇਲਜ਼ਾਮਾਂ ਨੂੰ ਨਕਾਰਿਆ ਹੈ।
- ਰਾਘਵ ਚੱਢਾ ਨੇ ਕਿਹਾ ਹੈ ਕਿ ਇਹ ਕੇਵਲ ਗ਼ੈਰ-ਕਾਨੂੰਨੀ ਮਾਇਨਿੰਗ ਦੇ ਮਸਲੇ ਤੋਂ ਧਿਆਨ ਹਟਾਉਣ ਲਈ ਕੀਤਾ ਗਿਆ ਹੈ।
- ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ।
- ਪਟਿਆਲਾ ਦੇ ਕਾਲੀ ਦੇਵੀ ਮੰਦਿਰ ਵਿੱਚ ਕਥਿਤ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
- ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਕੇਂਦਰ ਤੇ ਸੂਬਾ ਸਰਕਾਰਾਂ ਫੇਲ੍ਹ ਸਾਬਿਤ ਹੋਈਆਂ ਹਨ।















