You’re viewing a text-only version of this website that uses less data. View the main version of the website including all images and videos.

Take me to the main website

ਪੰਜਾਬ ਦੇ ਰਾਜਪਾਲ ਨੇ ਚਰਨਜੀਤ ਚੰਨੀ ਖਿਲਾਫ਼ ਗ਼ੈਰ-ਕਾਨੂੰਨੀ ਮਾਇਨਿੰਗ ਮਾਮਲੇ ’ਚ ਜਾਂਚ ਦੇ ਹੁਕਮ ਦਿੱਤੇ

ਪੰਜਾਬ ਅਤੇ ਉੱਤਰਪ੍ਰਦੇਸ਼ ਸਣੇ 5 ਸੂਬਿਆਂ ਦਾ ਵਿਧਾਨ ਸਭਾ ਚੋਣਾਂ ਅਮਲ ਫਰਵਰੀ ਮਹੀਨੇ ਵਿਚ ਪੂਰਾ ਹੋਣਾ ਹੈ ਅਤੇ ਨਤੀਜੇ 10 ਮਾਰਚ ਨੂੰ ਆਉਣਗੇ

ਲਾਈਵ ਕਵਰੇਜ

  1. ਅੱਜ ਦਾ ਮੁੱਖ ਘਟਨਾਕ੍ਰਮ

    ਪੰਜਾਬ ਸਣੇ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਨਾਲ ਜੁੜੇ ਲਾਈਵ ਪੇਜ ਨੂੰ ਅਸੀਂ ਇੱਥੇ ਹੀ ਸਮਾਪਤ ਕਰ ਰਹੇ ਹਾਂ। ਅੱਜ ਦੇ ਘਟਨਾਕ੍ਰਮ ਕੁਝ ਇਸ ਪ੍ਰਕਾਰ ਰਹੇ।

    • ਪੰਜਾਬ ਦੇ ਰਾਜਪਾਲ ਨੇ ਚਰਨਜੀਤ ਚੰਨੀ ਖਿਲਾਫ਼ ਗ਼ੈਰ-ਕਾਨੂੰਨੀ ਮਾਇਨਿੰਗ ਮਾਮਲੇ ’ਚ ਜਾਂਚ ਦੇ ਹੁਕਮ ਦਿੱਤੇ
    • ਆਮ ਆਦਮੀ ਪਾਰਟੀ ਨੇ ਚੰਨੀ ਖ਼ਿਲਾਫ਼ ਜਾਂਚ ਦੇ ਹੁਕਮਾਂ ਦਾ ਸੁਆਗਤ ਕੀਤਾ ਹੈ ਅਤੇ ਨਿਰਪੱਖ ਜਾਂਚ ਦੀ ਗੱਲ ਆਖੀ ਹੈ
    • ਉਧਰ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਖ਼ਿਲਾਫ਼ ਜਾਂਚ ਦੇ ਹੁਕਮਾਂ ‘ਤੇ ਰੋਕ ਲੱਗਣੀ ਚਾਹੀਦੀ ਹੈ
    • ਭਾਰਤੀ ਚੋਣ ਕਮਿਸ਼ਨ ਨੇ ਰੋਡ ਸ਼ੋਅ, ਪਦ-ਯਾਤਰਾ, ਸਾਈਕਲ/ਬਾਈਕ/ਵਾਹਨ ਰੈਲੀਆਂ ਅਤੇ ਜਲੂਸਾਂ 'ਤੇ 11 ਫਰਵਰੀ ਤੱਕ ਪਾਬੰਦੀ ਵਧਾ ਦਿੱਤੀ ਹੈ
    • ਜਨਤਕ ਮੀਟਿੰਗਾਂ, ਬੰਦ ਥਾਵਾਂ ‘ਤੇ ਮੀਟਿੰਗਾਂ ਅਤੇ ਘਰ-ਘਰ ਪ੍ਰਚਾਰ ਲਈ ਲੋਕਾਂ ਦੇ ਇਕੱਠ ’ਤੇ ਲੱਗੀ ਪਾਬੰਦੀ ਵਿੱਚ ਛੋਟ ਦਿੱਤੀ ਗਈ ਹੈ।
    • ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਉੱਪਰ ਸੁਪਰੀਮ ਕੋਰਟ ਨੇ 23 ਫਰਵਰੀ ਤਕ ਰੋਕ ਲਗਾ ਦਿੱਤੀ ਹੈ
    • ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਦਾਖ਼ਲ ਕੀਤੇ ਨਾਮਜ਼ਦਗੀ ਕਾਗਜ਼
  2. 'ਆਪ' ਨੇ ਚੰਨੀ ਦੇ ਖ਼ਿਲਾਫ਼ ਉੱਚ ਪੱਧਰੀ ਜਾਂਚ ਦੇ ਹੁਕਮਾਂ ਦਾ ਕੀਤਾ ਸਵਾਗਤ

    ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਲੱਗੇ ਰੇਤ ਮਾਇਨਿੰਗ ਦੇ ਇਲਜ਼ਾਮਾਂ ਨੂੰ ਲੈ ਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਡੀਜੀਪੀ ਨੂੰ ਦਿੱਤੇ ਉੱਚ ਪੱਧਰੀ ਜਾਂਚ ਦੇ ਹੁਕਮਾਂ ਦੇ ਫੈਸਲੇ ਦਾ ਸਵਾਗਤ ਕੀਤਾ ਹੈ।

    'ਆਪ' ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਰਾਜਪਾਲ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਅਸੀਂ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪ ਕੇ ਮੁੱਖ ਮੰਤਰੀ ਚੰਨੀ ਖਿਲਾਫ ਜਾਂਚ ਦੀ ਮੰਗ ਕੀਤੀ ਸੀ।

    ਚੱਢਾ ਨੇ ਰਾਜਪਾਲ ਦਾ ਆਮ ਆਦਮੀ ਪਾਰਟੀ ਦੀ ਮੰਗ ਨੂੰ ਮੰਨਣ ਲਈ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਪੰਜਾਬ ਪੁਲਿਸ ਇਸ ਮਾਮਲੇ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਕਰੇਗੀ ਅਤੇ ਦੋਸ਼ੀਆਂ ਨੂੰ ਸਜ਼ਾ ਦੇਵੇਗੀ।

    ਚੱਢਾ ਨੇ ਡੀਜੀਪੀ ਅਤੇ ਪੰਜਾਬ ਪੁਲਿਸ ਨੂੰ ਅਪੀਲ ਕੀਤੀ ਕਿ ਉਹ ਪੂਰੇ ਮਾਮਲੇ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਕਰਨ।

  3. ਚੰਨੀ ਖਿਲਾਫ਼ ਜਾਂਚ ਦੇ ਹੁਕਮ ‘ਤੇ ਰੋਕ ਲੱਗਣੀ ਚਾਹੀਦੀ ਹੈ- ਜਾਖੜ

    ਕਾਂਗਰਸੀ ਆਗੂ ਸੁਨੀਲ ਜਾਖੜ ਨੇ ਪੰਜਾਬ ਦੇ ਰਾਜਪਾਲ ਵੱਲੋਂ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਗ਼ੈਰ-ਕਾਨੂੰਨੀ ਮਾਇਨਿੰਗ ਦੇ ਮਾਮਲੇ ਵਿੱਚ ਜਾਂਚ ਦੇ ਹੁਕਮਾਂ ‘ਤੇ ਸਵਾਲ ਚੁੱਕੇ ਹਨ।

    ਉਨ੍ਹਾਂ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਨੂੰ ਗਵਰਨਰ ਦੇ ਹੁਕਮਾਂ ‘ਤੇ ਰੋਕ ਲਗਾਉਣੀ ਚਾਹੀਦਾ ਹੈ।

  4. ਮੁੱਖ ਮੰਤਰੀ ਚੰਨੀ ਖ਼ਿਲਾਫ਼ ਪੰਜਾਬ ਦੇ ਗਵਰਨਰ ਨੇ ਦਿੱਤੇ ਜਾਂਚ ਦੇ ਹੁਕਮ

    ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਡੀਜੀਪੀ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਰੇਤੇ ਦੀ ਗ਼ੈਰ-ਕਾਨੂੰਨੀ ਮਾਇਨਿੰਗ ਮਾਮਲੇ ਵਿੱਚ ਜਾਂਚ ਦੇ ਹੁਕਮ ਜਾਰੀ ਕੀਤੇ ਹਨ।

    ਆਮ ਆਦਮੀ ਪਾਰਟੀ ਨੇ ਪੰਜਾਬ ਦੇ ਗਵਰਨਰ ਨੂੰ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਗ਼ੈਰ-ਕਾਨੂੰਨੀ ਮਾਇਨਿੰਗ ਦੇ ਮਾਮਲੇ ਵਿੱਚ ਜਾਂਚ ਦੀ ਮੰਗ ਕੀਤੀ ਸੀ।

  5. ਪੰਜਾਬ ਵਿਧਾਨ ਸਭਾ ਚੋਣਾਂ 2022: ਵੋਟਾਂ ਪੈਣ ਤੋਂ ਨਤੀਜਿਆਂ ਤੱਕ ਸਾਰੇ ਅਹਿਮ ਸਵਾਲਾਂ ਦੇ ਜਵਾਬ

    ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਣ ਜਾ ਰਹੀਆਂ ਹਨ ਤੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।

    ਪੰਜਾਬ ਸਣੇ ਚਾਰ ਹੋਰ ਰਾਜਾਂ ਵਿੱਚ ਵੀ ਚੋਣਾਂ ਹੋਣੀਆਂ ਹਨ ਜਿਨ੍ਹਾਂ ਵਿੱਚ ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ ਤੇ ਗੋਆ ਸ਼ਾਮਲ ਹਨ।ਚੋਣ ਕਮਿਸ਼ਨਰ ਨੇ ਕਿਹਾ ਕਿ ਚੋਣਾਂ ਕੋਰੋਨਾਵਾਇਰਸ ਨੂੰ ਧਿਆਨ ਵਿੱਚ ਰੱਖ ਕੇ ਕਰਵਾਈਆਂ ਜਾਣਗੀਆਂ।

    ਚੋਣਾਂ ਨਾਲ ਜੁੜੇ ਅਹਿਮ ਸਵਾਲਾਂ ਦੇ ਜਵਾਬ ਲਈ ਇੱਥੇ ਕਲਿੱਕ ਕਰੋ।

  6. ਪੰਜਾਬ ਵਿਧਾਨ ਸਭਾ ਚੋਣਾਂ: ਮੁੱਖ ਮੰਤਰੀ ਅਹੁਦੇ ਲਈ 6 ਮੁੱਖ ਚਿਹਰੇ

    ਇਸ ਵੀਡੀਓ ਵਿੱਚ ਜਾਣੋ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਅਹੁਦੇ ਦੇ 6 ਉਮੀਦਵਾਰਾਂ ਬਾਰੇ ਉਹ ਫੈਕਟਰ ਜੋ ਉਨ੍ਹਾਂ ਨੇ ਪੱਖ ਵਿੱਚ ਜਾਂਦੇ ਹਨ ਤੇ ਜੋ ਉਨ੍ਹਾਂ ਦੇ ਪੱਖ ਵਿੱਚ ਨਹੀਂ ਜਾਂਦੇ ਹਨ।

    (ਰਿਪੋਰਟ - ਖ਼ੁਸ਼ਹਾਲ ਲਾਲੀ, ਆਵਾਜ਼ - ਸੁਮਨਦੀਪ ਕੌਰ, ਐਡਿਟ - ਜਮਸ਼ੇਦ)

  7. ਚੋਣ ਕਮਿਸ਼ਨ ਵੱਲੋਂ ਰੋਡ ਸ਼ੋਅ, ਪਦ-ਯਾਤਰਾ ਤੇ ਰੈਲੀਆਂ 'ਤੇ 11 ਫਰਵਰੀ ਤੱਕ ਪਾਬੰਦੀਆਂ ਵਧਾਈਆਂ

    ਭਾਰਤੀ ਚੋਣ ਕਮਿਸ਼ਨ ਨੇ ਰੋਡ ਸ਼ੋਅ, ਪਦ-ਯਾਤਰਾ, ਸਾਈਕਲ/ਬਾਈਕ/ਵਾਹਨ ਰੈਲੀਆਂ ਅਤੇ ਜਲੂਸਾਂ 'ਤੇ 11 ਫਰਵਰੀ ਤੱਕ ਪਾਬੰਦੀ ਵਧਾ ਦਿੱਤੀ ਹੈ।

    ਇਸ ਤੋਂ ਇਲਾਵਾ ਜਨਤਕ ਮੀਟਿੰਗਾਂ, ਬੰਦ ਥਾਵਾਂ ‘ਤੇ ਮੀਟਿੰਗਾਂ ਅਤੇ ਘਰ-ਘਰ ਪ੍ਰਚਾਰ ਲਈ ਲੋਕਾਂ ਦੇ ਇਕੱਠ ’ਤੇ ਲੱਗੀ ਪਾਬੰਦੀ ਵਿੱਚ ਛੋਟ ਦਿੱਤੀ ਗਈ ਹੈ।

    ਜਿਸ ਦੇ ਤਹਿਤ ਹੁਣ ਪਾਰਟੀ ਅਤੇ ਉਮੀਦਵਾਰ ਹੁਣ ਇਨਡੋਰ ਅਤੇ ਆਊਟਡੋਰ ਥਾਵਾਂ ‘ਤੇ 50 ਫੀਸਦ ਭੀੜ ਇਕੱਠੀ ਕਰ ਸਕਦੇ ਹਨ।

    ਇਸ ਤੋਂ ਇਲਾਵਾ ਘਰ-ਘਰ ਚੋਣ ਪ੍ਰਚਾਰ ਲਈ ਹੁਣ 10 ਤੋਂ ਵਧਾ 20 ਲੋਕਾਂ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਜਿਸ ਵਿੱਚ ਸੁਰੱਖਿਆ ਕਰਮੀ ਵੀ ਸ਼ਾਮਿਲ ਹੋਣਗੇ।

    ਦਰਅਸਲ, ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਕੋਵਿਡ ਦੇ ਮੱਦਨਜ਼ਰ ਇਹ ਪਾਬੰਦੀਆਂ ਲਗਾਈਆਂ ਗਈਆਂ ਸਨ, ਜਿਨ੍ਹਾਂ ਦੀ ਮਿਆਦ ਹੁਣ 11 ਫਰਵਰੀ ਤੱਕ ਵਧਾ ਦਿੱਤੀਆਂ ਹਨ।

  8. ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ ਦਲ ਦਾ ਸਾਥ ਦੇਣ ਦੀ ਅਪੀਲ

    ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਹਾਈ ਕੋਰਟ ਤੋਂ ਆਪਣੇ ਪਿਤਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ 1 ਘੰਟੇ ਦੀ ਪੈਰੋਲ ਮਿਲਣ ਤੋਂ ਬਾਅਦ ਲੁਧਿਆਣਾ ਦੇ ਦੁੱਗਰੀ ਸਥਿਤ ਗੁਰਦੁਆਰਾ ਸਾਹਿਬ ਪੁੱਜੇ ਸਨ।

    ਬੀਬੀਸੀ ਸਹਿਯੋਗੀ ਗੁਰਮਿੰਦਰ ਗਰੇਵਾਲ ਮੁਤਾਬਕ, ਆਪਣੇ ਪਿਤਾ ਦੇ ਅਕਾਲ ਚਲਾਣੇ 'ਤੇ ਅੰਤਿਮ ਅਰਦਾਸ 'ਤੇ ਪੁੱਜੇ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਲੋਕਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ।

    ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰਦਿਆਂ 1984 ਦੇ ‘ਸਿੱਖ ਕਤਲੇਆਮ’ ਨੂੰ ਯਾਦ ਕੀਤਾ ਅਤੇ ਇਸ ਲਈ ਕਾਂਗਰਸ ਪਾਰਟੀ ਅਤੇ ਗਾਂਧੀ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ।

    ਉਨ੍ਹਾਂ ਨੇ ਪੈਰੋਲ ਲਈ ਸ਼੍ਰੋਮਣੀ ਅਕਾਲੀ ਦਲ ਦੇ ਕਾਨੂੰਨੀ ਵਿੰਗ ਦਾ ਵੀ ਧੰਨਵਾਦ ਕੀਤਾ।

  9. ਭਦੌੜ: ਮੁਜ਼ਾਹਰਾਕਾਰੀ ਟੀਚਰਾਂ ਨੇ ਮੁੱਖ ਮੰਤਰੀ ਚੰਨੀ ਦਾ ਕਾਫ਼ਲਾ ਰੋਕਣ ਦੀ ਕੋਸ਼ਿਸ਼ ਕੀਤੀ

    ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਭਦੌੜ ਸ਼ਹਿਰ ਵਿੱਚ ਕੱਚੇ ਅਧਿਆਪਕਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ।

    ਬੀਬੀਸੀ ਸਹਿਯੋਗੀ ਸੁਖਚਰਨ ਪ੍ਰੀਤ ਮੁਤਾਬਕ ਇਸ ਮੌਕੇ ਚੰਨੀ ਦੇ ਕਾਫ਼ਲੇ ਦਾ ਰਸਤਾ ਰੋਕਣ ਦੀ ਕੋਸ਼ਿਸ਼ ਕਰਦੇ ਅਧਿਆਪਕਾਂ ਨੂੰ ਪੁਲਿਸ ਨੇ ਸੜਕ ਤੋਂ ਜ਼ਬਰਦਸਤੀ ਹਟਾਇਆ।

    ਮੁਜ਼ਾਹਰਾ ਕਰ ਰਹੇ ਅਧਿਆਪਕਾਂ ਦਾ ਕਹਿਣਾ ਸੀ ਕਿ ਚੰਨੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਅਤੇ ਉਹ ਉਨ੍ਹਾਂ ਨੂੰ ਇੱਥੋਂ ਜਿੱਤਣ ਨਹੀਂ ਦੇਣਗੇ।

    ਚਰਨਜੀਤ ਸਿੰਘ ਚੰਨੀ ਭਦੌੜ ਸੀਟ ਤੋਂ ਨਾਮਜ਼ਦਗੀ ਭਰਨ ਆਏ ਸਨ।

  10. ਕੈਪਟਨ ਅਮਰਿੰਦਰ ਸਿੰਘ ਨੇ ਭਰਿਆ ਪਰਚਾ, ਢੀਂਡਸਾ ਨੇ ਕੀਤੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ

    2022 ਪੰਜਾਬ ਚੋਣਾਂ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਦੇ ਭਾਈਵਾਲ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਵੀ ਸੋਮਵਾਰ ਨੂੰ ਸਰਗਰਮ ਨਜ਼ਰ ਆਏ।

    ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਸ਼ਹਿਰੀ ਤੋਂ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰ ਵਜੋਂ ਕਾਗਜ਼ ਦਾਖ਼ਲ ਕੀਤੇ।

    ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵੀ ਮੌਜੂਦ ਸਨ।

    ਉਧਰ ਭਾਜਪਾ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੁਖਦੇਵ ਸਿੰਘ ਢੀਂਡਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬੈਠਕ ਕੀਤੀ।

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਆਖਿਆ ਕਿ ਪੰਜਾਬ ਦੇ ਵਿਕਾਸ ਲਈ ਸੁਖਦੇਵ ਸਿੰਘ ਢੀਂਡਸਾ ਦਾ ਜਨੂੰਨ ਸਾਫ ਨਜ਼ਰ ਆਉਂਦਾ ਹੈ।

  11. ਚੋਣਾਂ ਵਿੱਚ ਰੁਜ਼ਗਾਰ ਸਭ ਤੋਂ ਵੱਡਾ ਮੁੱਦਾ- ਨਵਜੋਤ ਸਿੰਘ ਸਿੱਧੂ

    ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ ਵਿੱਚ ਮੀਡੀਆ ਦੇ ਮੁਖਾਤਬ ਹੁੰਦੇ ਆਖਿਆ ਕਿ ਇਨ੍ਹਾਂ ਚੋਣਾਂ ਵਿੱਚ ਰੁਜ਼ਗਾਰ ਸਭ ਤੋਂ ਵੱਡਾ ਮੁੱਦਾ ਹੈ ਤੇ ਉਨ੍ਹਾਂ ਦੀ ਸਰਕਾਰ ਅਗਲੇ ਪੰਜ ਸਾਲਾਂ ਵਿੱਚ ਪੰਜ ਲੱਖ ਨੌਕਰੀਆਂ ਦੇਵੇਗੀ।

    ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਅਗਲੀ ਅਗਲੀ ਪੀੜ੍ਹੀ ਵਾਸਤੇ ਚੋਣਾਂ ਲੜ ਰਹੀ ਹੈ ਅਤੇ ਵਿਰੋਧੀ ਪਾਰਟੀਆਂ ਵੱਲੋਂ ਚੋਣਾਂ ਵਿੱਚ ਕੇਵਲ ਖੋਖਲੇ ਵਾਅਦੇ ਕੀਤੇ ਜਾ ਰਹੇ ਹਨ।

    ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਸਾਰੇ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਵੀ ਉਨ੍ਹਾਂ ਦੀ ਸਰਕਾਰ ਕਰੇਂਗੀ। ਮਜ਼ਦੂਰੀ ਕਰਨ ਬਾਰੇ ਨਾਗਰਿਕਾਂ ਨੂੰ ਬੀਪੀਐਲ ਕਾਰਡ ਮੁਹੱਈਆ ਕਰਵਾਏ ਜਾਣਗੇ।

  12. 5 ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਦੋ ਦਹਾਕੇ ਜੇਲ੍ਹ ਕੱਟਣ ਵਾਲੀ ਗੱਲ ਕਿੰਨੀ ਸੱਚ, ਖ਼ੁਸ਼ਹਾਲ ਲਾਲੀ, ਬੀਬੀਸੀ ਪੱਤਰਕਾਰ

    ਪ੍ਰਕਾਸ਼ ਸਿੰਘ ਬਾਦਲ ਭਾਰਤੀ ਸਿਆਸਤ ਦੇ ਵੱਡੇ ਕੱਦ ਵਾਲੇ ਖੇਤਰੀ ਆਗੂਆਂ ਵਿੱਚ ਸ਼ੁਮਾਰ ਹਨ।

    ਉਹ ਪੰਜਾਬ ਦੇ 5 ਵਾਰ ਮੁੱਖ ਮੰਤਰੀ ਬਣੇ ਅਤੇ 1996 ਤੋਂ 2008 ਤੱਕ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਵਜੋਂ ਕੰਮ ਕਰਦੇ ਰਹੇ।

    1970 ਵਿੱਚ ਬਾਦਲ 43 ਸਾਲ ਦੀ ਉਮਰ ਵਿੱਚ ਪਹਿਲੀ ਵਾਰ ਕਿਸੇ ਭਾਰਤੀ ਸੂਬੇ ਦੇ ਮੁੱਖ ਮੰਤਰੀ ਬਣਨ ਵਾਲੇ ਸਭ ਤੋਂ ਛੋਟੀ ਉਮਰ ਦੇ ਆਗੂ ਸਨ।

    2017 ਵਿੱਚ ਜਦੋਂ ਉਨ੍ਹਾਂ ਦਾ 5ਵਾਂ ਕਾਰਜਕਾਲ ਪੂਰਾ ਹੋਇਆ ਤਾਂ ਉਹ 90 ਸਾਲ ਦੀ ਉਮਰ ਦੇ ਕਿਸੇ ਭਾਰਤੀ ਸੂਬੇ ਦੇ ਸਭ ਤੋਂ ਵਡੇਰੀ ਉਮਰ ਦੇ ਮੁੱਖ ਮੰਤਰੀ ਸਨ।

  13. ਰਾਜਨੀਤਕ ਵਿਰੋਧੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਕਰਨ ਤੋਂ ਗੁਰੇਜ਼ ਕਰੇ ਪੰਜਾਬ ਸਰਕਾਰ:ਸੁਪਰੀਮ ਕੋਰਟ

    ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਉੱਪਰ ਸੁਪਰੀਮ ਕੋਰਟ ਨੇ 23 ਫਰਵਰੀ ਤਕ ਰੋਕ ਲਗਾ ਦਿੱਤੀ ਹੈ।

    ਚੀਫ਼ ਜਸਟਿਸ ਐੱਨ ਕੇ ਰਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਇਹ ਆਰਡਰ ਪਾਸ ਕੀਤਾ ਹੈ। ਅਦਾਲਤ ਨੇ ਇਹ ਵੀ ਆਖਿਆ ਹੈ ਕਿ ਮਜੀਠੀਆ 24 ਫਰਵਰੀ ਨੂੰ ਸਰੰਡਰ ਕਰਨ ਅਤੇ ਅਦਾਲਤ ਤੋਂ ਜ਼ਮਾਨਤ ਲਈ ਅਰਜ਼ੀ ਦੇਣ।

    ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਇਹ ਵੀ ਆਖਿਆ ਗਿਆ ਹੈ ਕਿ ਚੋਣਾਂ ਤੋਂ ਪਹਿਲਾਂ ਰਾਜਨੀਤਕ ਵਿਰੋਧੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਕਰਨ ਤੋਂ ਗੁਰੇਜ਼ ਕੀਤਾ ਜਾਵੇ।

    ਦਸੰਬਰ 2021 ਵਿੱਚ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਨਸ਼ਿਆਂ ਦੇ ਮਾਮਲੇ ਸੰਬੰਧੀ ਇਕ ਐਫਆਈਆਰ ਦਰਜ ਕੀਤੀ ਗਈ ਸੀ।

  14. ਪੰਜਾਬ ਚੋਣਾਂ 2022: ਸੁਦਾਮਾ ਬਣ ਕੇ ਹਲਕੇ ਵਿੱਚ ਆਇਆ ਹਾਂ-ਚਰਨਜੀਤ ਸਿੰਘ ਚੰਨੀ, ਸੁਖਚਰਨਪ੍ਰੀਤ , ਬੀਬੀਸੀ ਸਹਿਯੋਗੀ

    ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਧਾਨ ਸਭਾ ਚੋਣਾਂ ਲਈ ਭਦੌੜ ਤੋਂ ਕਾਂਗਰਸੀ ਉਮੀਦਵਾਰ ਵਜੋਂ ਕਾਗਜ਼ ਦਾਖ਼ਲ ਕਰ ਦਿੱਤੇ ਹਨ।

    ਚਰਨਜੀਤ ਸਿੰਘ ਚੰਨੀ ਨੇ ਇਸ ਦੌਰਾਨ ਆਖਿਆ ਕਿ ਮੈਂ ਮਾਲਵੇ ਦੇ ਵਿਕਾਸ ਦੇ ਮਿਸ਼ਨ ਲਈ ਆਇਆ ਹਾਂ।

    ਚਰਨਜੀਤ ਸਿੰਘ ਚੰਨੀ ਨੇ ਆਖਿਆ ਕਿ ਉਹ ਹਲਕੇ ਦੇ ਵਿਕਾਸ ਲਈ ਸੁਦਾਮਾ ਬਣ ਕੇ ਆਏ ਹਨ ਅਤੇ ਹਲਕੇ ਦੇ ਲੋਕ ਕ੍ਰਿਸ਼ਨ ਬਣ ਕੇ ਉਨ੍ਹਾਂ ਦਾ ਮਾਣ ਰੱਖਣਗੇ।

    ਜ਼ਿਕਰਯੋਗ ਹੈ ਕਿ ਪਿਛਲੀਆਂ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਭਦੌੜ ਹਲਕੇ ਤੋਂ ਆਮ ਆਦਮੀ ਪਾਰਟੀ ਵੋਟਾਂ ਹਾਸਿਲ ਕਰਨ ਵਿੱਚ ਮੋਹਰੀ ਰਹੀ ਹੈ।

  15. ਪੰਜਾਬ ਚੋਣਾਂ 2022: ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਦਾਖ਼ਲ ਕੀਤੇ ਨਾਮਜ਼ਦਗੀ ਕਾਗਜ਼

    ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਲੰਬੀ ਵਿਧਾਨ ਸਭਾ ਹਲਕੇ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।

    ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਹਨ ਅਤੇ ਇਸ ਵੇਲੇ ਉਹ ਸਭ ਤੋਂ ਵੱਧ ਉਮਰ ਦੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਹਨ।

    ਸਾਬਕਾ ਮੁੱਖ ਮੰਤਰੀ ਅੱਜ ਆਪਣੇ ਪਿੰਡ ਲੰਬੀ ਤੋਂ ਕਾਗਜ਼ ਦਾਖ਼ਲ ਕਰਨ ਲਈ ਮਲੋਟ ਪਹੁੰਚੇ ਜਿੱਥੇ ਉਨ੍ਹਾਂ ਨੇ ਐਸਡੀਐਮ ਦਫਤਰ ਵਿੱਚ ਆਪਣੇ ਪਰਚੇ ਭਰੇ।

    ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੇ ਵਿਰੋਧੀ ਮੈਦਾਨ ਵਿੱਚ ਹਨ ਪਰ ਉਨ੍ਹਾਂ ਦਾ ਮੁਕਾਬਲਾ ਕਿਸੇ ਨਾਲ ਨਹੀਂ ਹੈ ਅਤੇ ਉਹ ਵੱਧ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕਰਨਗੇ।

    ਇਸੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਜਲਾਲਾਬਾਦ ਤੋਂ ਨਾਮਜ਼ਦਗੀ ਦਾਖ਼ਲ ਕਰ ਦਿੱਤੀ ਹੈ।

    ਬਠਿੰਡਾ ਤੋਂ ਸਾਂਸਦ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਇਸ ਸਮੇਂ ਮੌਜੂਦ ਸਨ।

  16. ਪੰਜਾਬ ਚੋਣਾਂ 2022: ਕਿਤੇ ਪੁਰਾਣੇ ਸਾਥੀ ਬਣੇ ਵਿਰੋਧੀ, ਕਿਤੇ ਵਿਰੋਧੀ ਬਣੇ ਸਾਥੀ

    ਸੋਮਵਾਰ ਨੂੰ ਪੰਜਾਬ ਦੀ ਰਾਜਨੀਤੀ ਦੇ ਕਈ ਵੱਡੇ ਚਿਹਰੇ ਆਪਣੀ ਨਾਮਜ਼ਦਗੀ ਭਰ ਰਹੇ ਹਨ।

    ਪਟਿਆਲਾ ਸ਼ਹਿਰੀ ਤੋਂ ਪੰਜਾਬ ਲੋਕ ਕਾਂਗਰਸ ਤੇ ਭਾਜਪਾ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨਾਮਜ਼ਦਗੀ ਤੋਂ ਪਹਿਲਾਂ ਕੇਂਦਰੀ ਮੰਤਰੀ ਅਤੇ ਪੰਜਾਬ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੂੰ ਮਿਲੇ।

    ਉਧਰ ਜਲਾਲਾਬਾਦ ਤੋਂ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕਰਨ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਬਾਦਲ ਵੀ ਅਰਨੀਵਾਲਾ ਵਿਖੇ ਆਪਣੇ ਸਮਰਥਕਾਂ ਨੂੰ ਮਿਲੇ।

    ਬਟਾਲਾ ਤੋਂ ਕਾਂਗਰਸ ਅਤੇ ਭਾਜਪਾ ਦੇ ਉਮੀਦਵਾਰ ਅਸ਼ਵਨੀ ਸੇਖੜੀ ਅਤੇ ਫਤਿਹ ਜੰਗ ਸਿੰਘ ਬਾਜਵਾ ਨੇ ਵੀ ਆਪਣੇ ਕਾਗਜ਼ ਦਾਖ਼ਲ ਕੀਤੇ ਅਤੇ ਦੋਹੇਂ ਵਿਰੋਧੀ ਉਮੀਦਵਾਰ ਇੱਕ ਦੂਜੇ ਨੂੰ ਮਿਲੇ।

    ਅਸ਼ਵਨੀ ਸੇਖੜੀ ਅਤੇ ਫਤਿਹ ਜੰਗ ਬਾਜਵਾ ਪਹਿਲਾਂ ਕਾਂਗਰਸ ਵਿਚ ਸਾਥੀ ਰਹੇ ਹਨ।

  17. ਬਜਟ ਇਜਲਾਸ ਦੀ ਸ਼ੁਰੂਆਤ,ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੇ ਕੀਤਾ ਸੰਬੋਧਨ

    ਸੰਸਦ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਸੋਮਵਾਰ ਨੂੰ ਹੋ ਗਈ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੰਬੋਧਨ ਕਰਦਿਆਂ ਆਜ਼ਾਦੀ ਘੁਲਾਟੀਆਂ ਨੂੰ ਯਾਦ ਕੀਤਾ।

    ਰਾਸ਼ਟਰਪਤੀ ਨੇ ਕੋਰੋਨਾਵਾਇਰਸ ਦੌਰਾਨ ਸਿਹਤ ਕਰਮਚਾਰੀਆਂ ਅਤੇ ਡਾਕਟਰਾਂ ਦੀ ਭੂਮਿਕਾ ਨੂੰ ਵੀ ਸਰਾਹਿਆ।

    ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਬੀਆਰ ਅੰਬੇਦਕਰ ਨੂੰ ਵੀ ਯਾਦ ਕੀਤਾ।

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਪਹੁੰਚ ਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਚੋਣਾਂ ਦਾ ਚਰਚਾ ਅਤੇ ਇਜਲਾਸ ਉੱਪਰ ਪ੍ਰਭਾਵ ਪੈਂਦਾ ਹੈ ਪਰ ਸਾਂਸਦਾਂਨੂੰ ਅਪੀਲ ਹੈ ਕਿ ਉਹ ਬਜਟ ਸੈਸ਼ਨ ਵਿਚ ਹਿੱਸਾ ਜ਼ਰੂਰ ਲੈਣ।

  18. ਵਿਸ਼ਵਾਸ਼ਘਾਤ ਦਿਨ ਕਿਉਂ ਮਨਾਇਆ ਜਾ ਰਿਹਾ

    ਕੇਂਦਰ ਸਰਕਾਰ ਉੱਤੇ ਸੰਯੁਕਤ ਕਿਸਾਨ ਮੋਰਚਾ ਵਾਅਦਾ ਖ਼ਿਲਾਫ਼ੀ ਦਾ ਇਲਜ਼ਾਮ ਲਾ ਰਿਹਾ ਹੈ। ਰਾਸ਼ਟਰਪਤੀ ਨੂੰ ਭੇਜੇ ਜਾ ਰਹੇ ਮੰਗ ਪੱਤਰ ਵਿਚ ਕਿਹਾ ਗਿਆ ਹੈ:

    ਕੇਂਦਰ ਦੇ ਪੱਤਰ ਵਿੱਚ ਇੱਕ ਵਾਅਦਾ ਸੀ: “ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ ਕੀਤੇ ਗਏ ਕੇਸ ਤੁਰੰਤ ਪ੍ਰਭਾਵ ਨਾਲ ਵਾਪਸ ਲਏ ਜਾਣਗੇ। ਕੇਸ ਵਾਪਸ ਲੈਣ ਦੀ ਸਹਿਮਤੀ ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਹਰਿਆਣਾ ਸਰਕਾਰ ਨੇ ਦੇ ਦਿੱਤੀ ਹੈ। ਦਿੱਲੀ ਸਮੇਤ ਸਾਰੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਭਾਰਤ ਸਰਕਾਰ ਦੇ ਸਬੰਧਤ ਵਿਭਾਗਾਂ ਅਤੇ ਏਜੰਸੀਆਂ ਰਾਹੀਂ ਅੰਦੋਲਨਕਾਰੀਆਂ ਅਤੇ ਸਮਰਥਕਾਂ ਵਿਰੁੱਧ ਦਰਜ ਕੀਤੇ ਗਏ ਅੰਦੋਲਨ ਨਾਲ ਸਬੰਧਤ ਸਾਰੇ ਕੇਸ ਤੁਰੰਤ ਪ੍ਰਭਾਵ ਨਾਲ ਵਾਪਸ ਲੈਣ ਲਈ ਵੀ ਸਹਿਮਤੀ ਬਣੀ ਹੈ।

    ਅਸਲੀਅਤ ਇਹ ਹੈ ਕਿ ਕੇਂਦਰ ਸਰਕਾਰ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਹਿਮਾਚਲ ਸਰਕਾਰ ਵੱਲੋਂ ਅੰਦੋਲਨ ਦੌਰਾਨ ਕੀਤੇ ਗਏ ਕੇਸ ਵਾਪਸ ਲੈਣ ਦੇ ਭਰੋਸੇ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਇਨ੍ਹਾਂ ਮਾਮਲਿਆਂ ਵਿੱਚ ਕਿਸਾਨਾਂ ਨੂੰ ਲਗਾਤਾਰ ਸੰਮਨ ਮਿਲ ਰਹੇ ਹਨ। ਸਿਰਫ਼ ਹਰਿਆਣਾ ਸਰਕਾਰ ਨੇ ਕੁਝ ਕਾਗਜ਼ੀ ਕਾਰਵਾਈ ਕੀਤੀ ਹੈ ਅਤੇ ਕੇਸ ਵਾਪਸ ਲੈਣ ਦੇ ਕੁਝ ਹੁਕਮ ਜਾਰੀ ਕੀਤੇ ਹਨ। ਪਰ ਫਿਰ ਵੀ ਇਹ ਕੰਮ ਅਧੂਰਾ ਹੋਣ ਕਾਰਨ ਕਿਸਾਨਾਂ ਨੂੰ ਨੋਟਿਸ ਆ ਰਹੇ ਹੈ।

    ਸਰਕਾਰ ਦਾ ਵਾਅਦਾ ਸੀ: "ਭਾਰਤ ਸਰਕਾਰ ਦੂਜੇ ਰਾਜਾਂ ਨੂੰ ਵੀ ਇਸ ਕਿਸਾਨ ਅੰਦੋਲਨ ਨਾਲ ਸਬੰਧਤ ਦਰਜ ਕੇਸ ਵਾਪਸ ਲੈਣ ਲਈ ਕਾਰਵਾਈ ਕਰਨ ਦੀ ਅਪੀਲ ਕਰੇਗੀ।"

    ਅਸਲੀਅਤ ਇਹ ਹੈ ਕਿ ਕੇਂਦਰ ਸਰਕਾਰ ਵੱਲੋਂ ਇਸ ਤਰਾਂ ਦਾ ਕੋਈ ਪੱਤਰ ਵੀ ਨਹੀਂ ਗਿਆ।

    ਸਰਕਾਰ ਦਾ ਵਾਅਦਾ ਸੀ: "ਹਰਿਆਣਾ, ਉੱਤਰ ਪ੍ਰਦੇਸ਼ ਸਰਕਾਰ ਨੇ ਵੀ ਅੰਦੋਲਨ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਿਧਾਂਤਕ ਸਹਿਮਤੀ ਦੇ ਦਿੱਤੀ ਹੈ।"

    ਅਸਲੀਅਤਇਹ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਸ਼ਹੀਦ ਕਿਸਾਨ ਪਰਿਵਾਰਾਂ ਨੂੰ ਮੁਆਵਜ਼ੇ ਬਾਰੇ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਹੈ। ਹਰਿਆਣਾ ਸਰਕਾਰ ਵੱਲੋਂ ਵੀ ਮੁਆਵਜ਼ੇ ਦੀ ਰਕਮ ਅਤੇ ਹੋਰ ਸਵਰੂਪ ਬਾਰੇ ਕੋਈ ਫੈਸਲਾ ਨਹੀਂ ਕੀਤਾ ਗਿਆ ਹੈ।

    ਸਰਕਾਰ ਦਾ ਵਾਅਦਾ ਸੀ: "ਐਮਐਸਪੀ 'ਤੇ, ਮਾਨਯੋਗ ਪ੍ਰਧਾਨ ਮੰਤਰੀ ਨੇ ਖੁਦ ਅਤੇ ਬਾਅਦ ਵਿੱਚ ਮਾਨਯੋਗ ਖੇਤੀਬਾੜੀ ਮੰਤਰੀ ਨੇ ਇੱਕ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ। ਕਮੇਟੀ ਦਾ ਇੱਕ ਮੈਂਡੇਟ ਇਹ ਹੋਵੇਗਾ ਕਿ ਕਿਸਾਨਾਂ ਨੂੰ ਐਮਐਸਪੀ ਕਿਵੇਂ ਯਕੀਨੀ ਬਣਾਇਆ ਜਾ ਸਕੇ"

    ਅਸਲੀਅਤਇਹ ਹੈ ਕਿ ਸਰਕਾਰ ਨੇ ਨਾ ਤਾਂ ਇਸ ਮੁੱਦੇ ’ਤੇ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ ਅਤੇ ਨਾ ਹੀ ਕਮੇਟੀ ਦੀ ਰੂਪ ਰੇਖਾ ਅਤੇ ਇਸ ਦੇ ਹੁਕਮਾਂ ਬਾਰੇ ਕੋਈ ਜਾਣਕਾਰੀ ਦਿੱਤੀ ਹੈ।

    ਲਖੀਮਪੁਰ ਖੇੜੀ ਕਤਲ ਕਾਂਡ ਵਿੱਚ ਐਸਆਈਟੀ ਦੀ ਰਿਪੋਰਟ ਵਿੱਚ ਸਾਜ਼ਿਸ਼ ਮੰਨਣ ਦੇ ਬਾਵਜੂਦ ਇਸ ਕੇਸ ਦਾ ਮੁੱਖ ਸਾਜ਼ਿਸ਼ਕਾਰ ਅਜੈ ਮਿਸ਼ਰਾ ਟੈਣੀ ਹਰ ਸੰਵਿਧਾਨਕ ਤੇ ਸਿਆਸੀ ਮਰਿਆਦਾ ਦੇ ਖ਼ਿਲਾਫ਼ ਕੇਂਦਰੀ ਮੰਤਰੀ ਮੰਡਲ ਵਿੱਚ ਬਣਿਆ ਹੋਇਆ ਹੈ।

    ਇਹ ਕਿਸਾਨਾਂ ਦੇ ਜ਼ਖਮਾਂ 'ਤੇ ਲੂਣ ਛਿੜਕਣ ਵਾਲੀ ਗੱਲ ਹੈ। ਦੂਜੇ ਪਾਸੇ ਉੱਤਰ ਪ੍ਰਦੇਸ਼ ਪੁਲਿਸ ਇਸ ਘਟਨਾ ਵਿੱਚ ਨਾਮਜ਼ਦ ਕਿਸਾਨਾਂ ਨੂੰ ਫਸਾਉਣ ਅਤੇ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

  19. ਪੰਜਾਬ ਚੋਣਾਂ : 3 ਪਾਰਟੀਆਂ ਨੇ ਨਾਅਰੇ

  20. ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ 'ਵਿਸ਼ਵਾਸਘਾਤ ਦਿਵਸ' ਮਨਾਉਣ ਦੀ ਅਪੀਲ

    ਸੰਯੁਕਤ ਕਿਸਾਨ ਮੋਰਚੇ ਵੱਲੋਂ ਸੋਮਵਾਰ ਨੂੰ ਦੇਸ਼ ਭਰ ਵਿੱਚ 'ਵਿਸ਼ਵਾਸਘਾਤ ਦਿਵਸ' ਮਨਾਉਣ ਦੀ ਅਪੀਲ ਕੀਤੀ ਗਈ ਹੈ।

    ਸੰਯੁਕਤ ਕਿਸਾਨ ਮੋਰਚੇ ਵੱਲੋਂ ਆਖਿਆ ਗਿਆ ਹੈ ਕਿ ਭਾਰਤ ਸਰਕਾਰ ਵੱਲੋਂ 9 ਦਸੰਬਰ ਦੇ ਆਪਣੇ ਪੱਤਰ ਵਿੱਚ ਕੀਤੇ ਵਾਅਦਿਆਂ ਵਿਚੋਂ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ।

    ਸੰਯੁਕਤ ਕਿਸਾਨ ਮੋਰਚੇ ਨੇ ਆਖਿਆ ਹੈ ਕਿ ਅੰਦੋਲਨ ਦੌਰਾਨ ਕੇਸ ਵਾਪਸ ਲੈਣ ਅਤੇ ਲਖੀਮਪੁਰ ਖੀਰੀ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੇ ਵਾਅਦੇ ਉਪਰ ਕਾਰਵਾਈ ਨਹੀਂ ਹੋਈ।

    ਸੰਯੁਕਤ ਕਿਸਾਨ ਮੋਰਚੇ ਮੁਤਾਬਕ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਤੇ ਰੋਸ ਮੁਜ਼ਾਹਰੇ ਕੀਤੇ ਜਾਣਗੇ।

    ਕਿਸਾਨਾਂ ਵੱਲੋਂ ਰੋਸ ਮੁਜ਼ਾਹਰੇ ਤੋਂ ਬਾਅਦ ਰਾਸ਼ਟਰਪਤੀ ਦੇ ਨਾਮ ਮੈਮੋਰੰਡਮ ਵੀ ਜ਼ਿਲ੍ਹਾ ਅਧਿਕਾਰੀਆਂ ਰਾਹੀਂ ਭੇਜਿਆ ਜਾਵੇਗਾ। ਇਸ ਮੈਮੋਰੰਡਮ ਵਿੱਚ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਅਤੇ ਉਨ੍ਹਾਂ ਦੀ ਅਸਲੀਅਤ ਬਾਰੇ ਕਿਸਾਨ ਜਥੇਬੰਦੀਆਂ ਵੱਲੋਂ ਲਿਖਿਆ ਗਿਆ ਹੈ।

    ਇਸ ਵਿੱਚ ਲਖੀਮਪੁਰ ਖੀਰੀ, ਐੱਮਐੱਸਪੀ 'ਤੇ ਕਾਨੂੰਨ ਸਰਕਾਰ ਦੀ ਕਮੇਟੀ ਬਾਰੇ ਜ਼ਿਕਰ ਕੀਤਾ ਗਿਆ ਹੈ।