ਅਫ਼ਗਾਨਿਸਤਾਨ: ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਭਾਰਤ ਸਰਕਾਰ ਨੂੰ ਅਪੀਲ
ਕਾਬੁਲ ਵਿੱਚ ਤਾਲਿਬਾਨ ਦੇ ਦਾਖ਼ਲ ਹੋਣ ਤੋਂ ਬਾਅਦ ਅਫ਼ਗਾਨ ਨਾਗਰਿਕ ਦੇਸ਼ ਛੱਡਣ ਦੀ ਕੋਸ਼ਿਸ਼ ਕਰ ਰਹੇ ਹਨ।
ਮੁਸਲਿਮ ਬਹੁਗਿਣਤੀ ਦੇਸ਼ ਅਫ਼ਗਾਨਿਸਤਾਨ ਵਿੱਚ ਸਿੱਖ ਵੀ ਰਹਿੰਦੇ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਉਨ੍ਹਾਂ ਦੀ ਮਦਦ ਵਾਸਤੇ ਅਪੀਲ ਕੀਤੀ ਗਈ ਹੈ।
ਕੇਂਦਰੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਟਵੀਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਹੈ ਕਿ ਭਾਰਤ ਸਰਕਾਰ ਨੂੰ ਛੇਤੀ ਤੋਂ ਛੇਤੀ ਅਫ਼ਗਾਨਿਸਤਾਨ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਵਾਸਤੇ ਕੋਸ਼ਿਸ਼ ਕਰਨੀ ਚਾਹੀਦੀ ਹੈ।
ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਫ਼ਗਾਨਿਸਤਾਨ ਵਿੱਚ 200 ਸਿੱਖ ਗੁਰਦੁਆਰੇ ਵਿਖੇ ਮੌਜੂਦ ਹਨ ਅਤੇ ਉਨ੍ਹਾਂ ਦੀ ਵੀ ਭਾਰਤ ਸਰਕਾਰ ਮਦਦ ਕਰੇ ।
ਇਸ ਸਬੰਧੀ ਉਨ੍ਹਾਂ ਦੀ ਸੂਬਾ ਸਰਕਾਰ ਕੇਂਦਰ ਸਰਕਾਰ ਨੂੰ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਉਣ ਲਈ ਤਿਆਰ ਹੈ।
25 ਮਾਰਚ 2020 ਵਿੱਚ ਕਾਬੁਲ ਸ਼ੋਰ ਬਾਜ਼ਾਰ ਵਿਖੇ ਮੌਜੂਦ ਗੁਰਦੁਆਰਾ ਹਰਿਰਾਏ ਸਾਹਿਬ ਵਿਖੇ ਹਮਲੇ ਤੋਂ ਬਾਅਦ ਕਈ ਸਿੱਖਾਂ ਦੀ ਮੌਤ ਹੋ ਗਈ ਸੀ। ਇਸ ਹਮਲੇ ਤੋਂ ਬਾਅਦ ਕਈ ਸਿੱਖ ਅਫ਼ਗਾਨ ਨਾਗਰਿਕ ਅਫ਼ਗਾਨਿਸਤਾਨ ਛੱਡ ਕੇ ਦਿੱਲੀ ਆਏ ਸਨ।